ਸ੍ਰੀ ਫ਼ਤਹਿਗੜ੍ਹ ਸਾਹਿਬ, 12 ਮਈ (          ) – ਬਾਬਾ ਬੰਦਾ ਸਿੰਘ ਬਹਾਦਰ ਦੀ ਅਗਵਾਈ ਵਿਚ ਖਾਲਸੇ ਵੱਲੋਂ ਕੀਤੀ ਸਰਹਿੰਦ ਫਤਹਿ ਨੂੰ ਸਮਰਪਿਤ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੋ ਦਿਨਾ ਸਤਵੇਂ ਇੰਟਰਨੈਸ਼ਨਲ ਗਤਕਾ ਕੱਪ ਮੁਕਾਬਲੇ ਅੱਜ ਇਥੇ ਅਰੰਭ ਹੋਏ। ਇਨ੍ਹਾਂ ਮੁਕਬਲਿਆਂ ਵਿਚ ਵੱਖ-ਵੱਖ ਥਾਵਾਂ ਤੋਂ ਆਈਆਂ 30 ਟੀਮਾਂ ਨੇ ਪ੍ਰਦਰਸ਼ਨੀ ਮੁਕਾਬਲਿਆਂ ਵਿਚ ਹਿੱਸਾ ਲਿਆ। ਇਸ ਤੋਂ ਇਲਾਵਾ 13 ਟੀਮਾਂ ਦੇ ਫਾਈਟ ਮੁਕਾਬਲੇ ਕਰਵਾਏ ਗਏ। ਦੂਸਰੇ ਪਾਸੇ ਲੜਕੀਆਂ ਦੀਆਂ 10 ਟੀਮਾਂ ਨੇ ਵੀ ਜੰਗਜੂ ਖੇਡ ਗੱਤਕੇ ਦਾ ਬਾਖੁਬੀ ਪ੍ਰਦਰਸ਼ਨ ਕੀਤਾ। ਵਿਸ਼ੇਸ਼ ਜ਼ਿਕਰਯੋਗ ਹੈ ਕਿ ਇਨ੍ਹਾਂ ਮੁਕਾਬਲਿਆਂ ਵਿਚ ਕੈਨੇਡਾ, ਇਟਲੀ ਤੇ ਫਰਾਂਸ ਤੋਂ ਟੀਮਾਂ ਉਚੇਚੇ ਤੌਰ ਤੇ ਪਹੁੰਚੀਆਂ ਹਨ।

ਗੱਤਕਾ ਮੁਕਾਬਲਿਆਂ ਦੀ ਆਰੰਭਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਅਕਾਲੀ ਆਗੂ ਸ. ਦੀਦਾਰ ਸਿੰਘ ਭੱਟੀ ਤੇ ਸ਼੍ਰੋਮਣੀ ਕਮੇਟੀ ਦੇ ਡਾਇਰੈਕਟਰ ਡਾ. ਧਰਮਿੰਦਰ ਸਿੰਘ ਉੱਭਾ ਵੱਲੋਂ ਕਰਵਾਈ ਗਈ। ਇਸ ਮੌਕੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਕਿਹਾ ਕਿ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗਤਕਾ ਮੁਕਾਬਲੇ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਗੱਤਕਾ ਬਾਣੀ ਤੇ ਬਾਣੇ ਦੀ ਖੇਡ ਹੈ, ਜੋ ਨੌਜਵਾਨੀ ਅੰਦਰ ਖਾਲਸਾਈ ਜਜ਼ਬਾ ਪੈਦਾ ਕਰਦੀ ਹੈ। ਉਨ੍ਹਾਂ ਸਰਹਿੰਦ ਫਤਹਿ ਨੂੰ ਸਮਰਪਿਤ ਹੁੰਦਿਆਂ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਨੂੰ ਤਿਆਗ ਕੇ ਕਲਗੀਧਰ ਦਸ਼ਮੇਸ਼ ਪਿਤਾ ਵੱਲੋਂ ਬਖਸ਼ੀ ਖੰਡੇ ਬਾਟੇ ਦੀ ਪਾਹੁਲ ਛਕ ਗੁਰੂ ਵਾਲੇ ਬਣਨ ਦੀ ਪ੍ਰੇਰਨਾ ਵੀ ਕੀਤੀ। ਇਸ ਮੌਕੇ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਇਹ ਉਪਰਾਲਾ ਸ਼ਲਾਘਾਂਯੋਗ ਹੈ। ਉਨ੍ਹਾਂ ਕਿਹਾ ਕਿ ਗੱਤਕਾ ਸਿੱਖ ਵਿਰਾਸਤ ਦਾ ਅਹਿਮ ਅੰਗ ਹੈ ਜਿਸ ਨਾਲ ਸਿੱਖੀ ਦੇ ਬੋਲ-ਬਾਲੇ ਦਾ ਜਲੌ ਦੇਖਣ ਨੂੰ ਮਿਲਦਾ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਰਵਿੰਦਰ ਸਿੰਘ ਖ਼ਾਲਸਾ, ਸ. ਸਵਿੰਦਰ ਸਿੰਘ ਸਭਰਵਾਲ ਤੇ ਸ. ਅਵਤਾਰ ਸਿੰਘ ਰਿਆ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ‘ਰਮਦਾਸ’, ਸ. ਸਿਮਰਜੀਤ ਸਿੰਘ ਤੇ ਸ. ਹਰਜੀਤ ਸਿੰਘ ਲਾਲੂਘੁੰਮਣ, ਡਿਪਟੀ ਡਾਇਰੈਕਟਰ ਸਪੋਰਟਸ ਡਾ. ਪ੍ਰਮਿੰਦਰ ਕੌਰ ਰੰਧਾਵਾ, ਪ੍ਰਿੰਸੀਪਲ ਕਸ਼ਮੀਰ ਸਿੰਘ, ਸ. ਅਮਰਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ, ਸ. ਨੱਥਾ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫਤਿਹਗ੍ਹੜ ਸਾਹਿਬ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਨਾਗਰ ਸਿੰਘ ਤਰਨਾ ਦਲ ਹਰੀਆਂ ਵੇਲਾਂ, ਸ. ਹਰਦੀਪ ਸਿੰਘ ਇੰਚਾਰਜ ਗੱਤਕਾ, ਸ. ਸੁਪ੍ਰੀਤ ਸਿੰਘ ਗੱਤਕਾ ਕੋਚ ਆਦਿ ਹਾਜ਼ਰ ਸਨ।