ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਬਣੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੀ ਸਿੱਖ ਕੌਮ ਨੂੰ ਵੱਡੀ ਦੇਣ-ਐਡਵੋਕੇਟ ਧਾਮੀ
ਅੰਮ੍ਰਿਤਸਰ, 28 ਫਰਵਰੀ-
ਸੰਨ 1921 ਵਿਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਸ਼ਹੀਦੀ ਸਾਕੇ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ। ਪੁਤਲੀਘਰ ਇਲਾਕੇ ਅੰਦਰ ਸਥਿਤ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਸ਼ਹੀਦਾਂ ਦੀ ਯਾਦ ਵਿਚ ਸਜਾਏ ਗਏ ਗੁਰਮਤਿ ਸਮਾਗਮ ਵਿਚ ਵੱਖ-ਵੱਖ ਬੁਲਾਰਿਆਂ ਨੇ ਸਾਕਾ ਨਨਕਾਣਾ ਸਾਹਿਬ ਦੇ ਇਤਿਹਾਸ ਸਬੰਧੀ ਚਾਨਣਾ ਪਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਈ ਵਿਚਾਰਧਾਰਾ ਅਤੇ ਸਿਧਾਂਤਾਂ ’ਤੇ ਚੱਲ ਕੇ ਸ਼ਹਾਦਤਾਂ ਦੇਣ ਵਾਲੇ ਯੋਧਿਆਂ ਨਾਲ ਸਿੱਖ ਇਤਿਹਾਸ ਭਰਿਆ ਪਿਆ ਹੈ। ਉਨ੍ਹਾਂ ਕਿਹਾ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਬਣੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੀ ਸਿੱਖ ਕੌਮ ਨੂੰ ਵੱਡੀ ਦੇਣ ਹੈ। ਇਸ ਕਾਲਜ ਨੇ ਅਨੇਕਾਂ ਵਿਦਵਾਨ ਅਤੇ ਪੰਥ ਪ੍ਰਸਿੱਧ ਰਾਗੀ ਕੌਮ ਨੂੰ ਦਿੱਤੇ ਹਨ, ਜਿਨ੍ਹਾਂ ਨੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸਿੱਖ ਇਤਿਹਾਸ ਦੇ ਇਨ੍ਹਾਂ ਪੰਨਿਆਂ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡੋਵਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਸਟਾਫ਼ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਭਾਈ ਜਗਜੀਤ ਸਿੰਘ ਠੀਕਰੀਵਾਲ ਨੂੰ ਪ੍ਰਿੰਸੀਪਲ ਗੰਗਾ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ, ਜਦਕਿ ਸਮਾਗਮ ਦੌਰਾਨ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ ਗਏ। ਇਸ ਤੋਂ ਪਹਿਲਾਂ ਕਾਲਜ ਦੇ ਵਿਦਿਆਰਥੀਆਂ ਅਤੇ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਸਮਾਗਮ ਦੌਰਾਨ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਪ੍ਰਿਸੀਪਲ ਮਨਜੀਤ ਕੌਰ ਵੱਲੋਂ ਧੰਨਵਾਦ ਕੀਤਾ ਗਿਆ।
ਸਾਕਾ ਨਨਕਾਣਾ ਸਾਹਿਬ ਸਬੰਧੀ ਕਰਵਾਏ ਗਏ ਇਸ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਮਨਜੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਓਐਸਡੀ ਸਤਬੀਰ ਸਿੰਘ ਧਾਮੀ, ਸਾਬਕਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਫੈਡਰੇਸ਼ਨ ਦੇ ਪ੍ਰਧਾਨ ਸ. ਕੰਵਰਚੜ੍ਹਤ ਸਿੰਘ, ਸਾਬਕਾ ਪ੍ਰਿੰਸੀਪਲ ਸ. ਬਲਦੇਵ ਸਿੰਘ, ਡਾ. ਅਮਰਜੀਤ ਸਿੰਘ, ਡਾ. ਬਲਵੰਤ ਸਿੰਘ ਢਿੱਲੋਂ, ਸ. ਇੰਦਰਜੀਤ ਸਿੰਘ ਬਾਗੀ, ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ, ਭਾਈ ਅਮਰਜੀਤ ਸਿੰਘ ਕੈਨੇਡਾ, ਭਾਈ ਬਲਦੇਵ ਸਿੰਘ ਓਗਰਾ, ਪ੍ਰਿੰਸੀਪਲ ਰਾਜਪਾਲ ਸਿੰਘ, ਪ੍ਰੋ. ਕੁਲਰਾਜ ਸਿੰਘ, ਸ. ਵਿਕਾਸ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਬਲਵੰਤ ਸਿੰਘ, ਭਾਈ ਪਰਮਜੀਤ ਸਿੰਘ ਆਦਿ ਮੌਜੂਦ ਸਨ।