ਅੰਮ੍ਰਿਤਸਰ, 6 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੀਆਂ ਪ੍ਰਤੀਨਿਧ ਸੰਸਥਾਵਾਂ, ਸੰਤ ਸਮਾਜ, ਸਿੰਘ ਸਭਾਵਾਂ, ਸਭਾ ਸੁਸਾਇਟੀਆਂ, ਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ੯ ਨਵੰਬਰ ਨੂੰ ਇੱਕ ਵਿਸ਼ੇਸ਼ ਇਕੱਤਰਤਾ ਕੀਤੀ ਜਾ ਰਹੀ ਹੈ। ਇਹ ਇਕੱਤਰਤਾ ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਿਲੇਬਸ ਦੀ ਕਿਤਾਬ ਵਿਚ ਸਿੱਖ ਇਤਿਹਾਸ ਦੀ ਗਲਤ ਪੇਸ਼ਕਾਰੀ ਨੂੰ ਲੈ ਕੇ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਹ ਇਕੱਤਰਤਾ ੯ ਨਵੰਬਰ ਨੂੰ ਸਵੇਰੇ ੧੧ ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਕੱਤਰਤਾ ਵਿਚ ਸ਼ਾਮਲ ਹੋਣ ਲਈ ਵੱਖ ਵੱਖ ਪ੍ਰਤੀਨਿਧ ਸਿੱਖ ਸੰਸਥਾਵਾਂ, ਸਭਾ ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ, ਸੰਤ ਸਮਾਜ ਤੇ ਸਿੱਖ ਸੰਸਥਾਵਾਂ ਨੂੰ ਸੱਦਾ ਪੱਤਰ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖ ਇਤਿਹਾਸ ਸਬੰਧੀ ਗਲਤ ਜਾਣਕਾਰੀ ਨੂੰ ਸਿਲੇਬਸ ਦੀਆਂ ਕਿਤਾਬਾਂ ਵਿਚ ਸ਼ਾਮਲ ਕਰਨ ਨਾਲ ਸਮੁੱਚੇ ਸਿੱਖ ਜਗਤ ਅੰਦਰ ਭਾਰੀ ਰੋਸ ਹੈ ਤੇ ਇਸ ਮਾਮਲੇ ਨੂੰ ਲੈ ਕੇ ਪ੍ਰਮੁੱਖ ਸਿੱਖ ਸ਼ਖਸੀਅਤਾਂ ਨਾਲ ਵਿਚਾਰਾਂ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਹ ਇਕੱਤਰਤਾ ਬੁਲਾਈ ਗਈ ਹੈ।