ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਭਾਈ ਲੌਂਗੋਵਾਲ ਵੱਲੋਂ ਬਣਾਈ ਕਮੇਟੀ ਦੀ ਪ੍ਰਵਾਨਗੀ ਬਿਨਾ ਭਵਿੱਖ ‘ਚ ਕਿਸੇ ਇਮਾਰਤ ਦੀ ਸੇਵਾ ਨਹੀਂ ਹੋਵੇਗੀ-ਡਾ. ਰੂਪ ਸਿੰਘ

ਅੰਮ੍ਰਿਤਸਰ, 5 ਅਪ੍ਰੈਲ–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਵਿਰਾਸਤ ਨਾਲ ਸਬੰਧਤ ਇਮਾਰਤਾਂ, ਵਿਰਾਸਤੀ ਯਾਦਗਾਰਾਂ, ਇਤਿਹਾਸਕ ਵਸਤੂਆਂ ਅਤੇ ਇਤਿਹਾਸਕ ਦਰੱਖ਼ਤਾਂ ਆਦਿ ਨੂੰ ਬਚਾਉਣ ਅਤੇ ਸਾਂਭ ਸੰਭਾਲ ਕਰਨ ਲਈ ਇਕ ਵਿਰਾਸਤੀ ਕਮੇਟੀ ਦਾ ਗਠਨ ਕੀਤਾ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱੱਤਰ ਡਾ. ਰੂਪ ਸਿੰਘ ਨੇ ਜਾਰੀ ਇਕ ਬਿਆਨ ਰਾਹੀਂ ਦਿੱਤੀ ਹੈ। ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸਿੱਖ ਵਿਰਾਸਤ ਨੂੰ ਵਿਨਾਸ਼ ਤੋਂ ਬਚਾਉਣ ਲਈ ਇਹ ਸਬ-ਕਮੇਟੀ ਬਣਾਈ ਹੈ।

ਮੁੱਖ ਸਕੱਤਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੋਂ ਇਲਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਤਿੰਨ ਮੈਂਬਰ ਡਾ. ਕਰਮਜੀਤ ਸਿੰਘ ਚਾਹਲ, ਡਾ. ਸੁਲੱਖਣ ਸਿੰਘ ਤੇ ਪ੍ਰੋ. ਰਾਵਲ ਸਿੰਘ ਆਰਕੀਟੇਕਟ, ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਤੋਂ ਇਤਿਹਾਸਕਾਰ ਡਾ. ਨਰਿੰਦਰਪਾਲ ਸਿੰਘ, ਸ. ਸੱਜਣ ਸਿੰਘ ਇੰਚਾਰਜ ਸਲਾਰਗੰਜ ਮਿਊਜੀਅਮ ਹੈਦਰਾਬਾਦ, ਸ. ਕੁਲਬੀਰ ਸਿੰਘ ਸ਼ੇਰਗਿੱਲ ਚੀਫ ਇੰਜੀਨੀਅਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਇਮਾਰਤਾਂ ਅਤੇ ਸ਼੍ਰੋਮਣੀ ਕਮੇਟੀ ਦੇ ਐਕਸੀਅਨ ਇਮਾਰਤੀ ਵਿਭਾਗ ਨੂੰ ਇਸ ਵਿਰਾਸਤੀ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਦੇ ਕੋਆਰਡੀਨੇਟਰ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਇਮਾਰਤਾਂ ਹੋਣਗੇ।

ਡਾ. ਰੂਪ ਸਿੰਘ ਨੇ ਕਿਹਾ ਕਿ ਬਣਾਈ ਗਈ ਸਬ ਕਮੇਟੀ ਵਿਚ ਵੱਖ-ਵੱਖ ਮਾਹਿਰਾਂ ਨੂੰ ਲਿਆ ਗਿਆ ਅਤੇ ਇਸ ਦਾ ਮੰਤਵ ਸਿੱਖ ਵਿਰਾਸਤ ਨੂੰ ਸੰਭਾਲਣਾ ਅਤੇ ਲੋੜ ਅਨੁਸਾਰ ਮੁਰੰਮਤ ਆਦਿ ਕਰਵਾਉਣਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬ-ਕਮੇਟੀ ਦੀ ਪ੍ਰਵਾਨਗੀ ਤੇ ਰਿਪੋਰਟ ਤੋਂ ਬਿਨਾਂ ਭਵਿੱਖ ਵਿਚ ਕਿਸੇ ਵੀ ਇਤਿਹਾਸਕ ਇਮਾਰਤ ਨੂੰ ਢਾਹ ਕੇ ਨਵੀਂ ਉਸਾਰੀ ਨਹੀਂ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਡਾ. ਰੂਪ ਸਿੰਘ ਨੇ ਕੁਝ ਦਿਨ ਪਹਿਲਾਂ ਇਹ ਵਾਅਦਾ ਕੀਤਾ ਸੀ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿਰਦੇਸ਼ਾਂ ਤਹਿਤ ਵਿਰਾਸਤੀ ਇਮਾਰਤਾਂ, ਇਤਿਹਾਸਕ ਵਸਤੂਆਂ ਤੇ ਇਤਿਹਾਸਕ ਦਰੱਖ਼ਤਾਂ ਆਦਿ ਦੀ ਸਾਂਭ ਸੰਭਾਲ ਲਈ ਇਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਜਾਵੇਗਾ।