ਬੀਬੀ ਗੁਰਪ੍ਰੀਤ ਕੌਰ ਤੇ ਬੀਬੀ ਦਲਜੀਤ ਕੌਰ ਨੇ ਪਹਿਲਾ, ਬੀਬੀ ਗੁਰਜੀਤ ਕੌਰ ਨੇ ਦੂਜਾ ਤੇ ਭਾਈ ਬਲਵਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ

ਅੰਮ੍ਰਿਤਸਰ, ੧੭ ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤ ਨੂੰ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ ਦੇਣ ਲਈ ਚਲਾਏ ਜਾ ਰਹੇ ਦੋ ਸਾਲਾ ‘ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ’ ਦੇ ਸੈਸ਼ਨ ੨੦੧੭-੨੦੧੯ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਹ ਨਤੀਜਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਮਨਜੀਤ ਸਿੰਘ ਬਾਠ ਅਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਸਾਂਝੇ ਤੌਰ ‘ਤੇ ਜਾਰੀ ਕੀਤਾ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਨਤੀਜਾ ਜਾਰੀ ਕਰਨ ਸਮੇਂ ਸ. ਮਹਿੰਦਰ ਸਿੰਘ ਆਹਲੀ ਤੇ ਸ. ਮਨਜੀਤ ਸਿੰਘ ਬਾਠ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇ ਨਾਲ-ਨਾਲ ਪੱਤਰ ਵਿਹਾਰ ਕੋਰਸ ਰਾਹੀਂ ਵੀ ਸੰਗਤ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਸਿਧਾਂਤਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਆਮ ਸੰਗਤਾਂ ਲਈ ਸ਼ੁਰੂ ਕੀਤਾ ਗਿਆ ਸੀ, ਜਿਸ ਨੂੰ ਹੁਣ ਤੱਕ ਭਰਵਾਂ ਹੁੰਗਾਰਾ ਪ੍ਰਾਪਤ ਹੋਇਆ ਹੈ ਅਤੇ ਹਰ ਸਾਲ ਇਹ ਪ੍ਰੀਖਿਆ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਦਿੱਤੀ ਜਾਂਦੀ ਹੈ।
ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਇਸ ਵਾਰ ਯੂ.ਪੀ. ਦੇ ਬਿਜਨੌਰ ਤੋਂ ਬੀਬੀ ਗੁਰਪ੍ਰੀਤ ਕੌਰ ਤੇ ਹੁਸ਼ਿਆਰਪੁਰ ਦੀ ਬੀਬੀ ਦਲਜੀਤ ਕੌਰ ਨੇ ਪਹਿਲਾ, ਕਪੂਰਥਲਾ ਦੀ ਬੀਬੀ ਗੁਰਜੀਤ ਕੌਰ ਨੇ ਦੂਜਾ ਅਤੇ ਹਿਮਾਚਲ ਪ੍ਰਦੇਸ਼ ਦੇ ਊਨਾ ਤੋਂ ਭਾਈ ਬਲਵਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਹਿਲੇ ਤਿੰਨ ਸਥਾਨਾਂ ‘ਤੇ ਰਹਿਣ ਵਾਲੇ ਪ੍ਰੀਖਿਆਰਥੀਆਂ ਨੂੰ ਕ੍ਰਮਵਾਰ ੫੧੦੦, ੪੧੦੦ ਤੇ ੩੧੦੦ ਰੁਪਏ ਦੀ ਇਨਾਮੀ ਰਾਸ਼ੀ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਇਸ ਤਰ੍ਹਾਂ ੮੦ ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਮੈਰਿਟ ਵਿਚ ਆਉਣ ਵਾਲੇ ਪ੍ਰੀਖਿਆਰਥੀਆਂ ਨੂੰ ੧੧੦੦-੧੧੦੦ ਰੁਪਏ ਦੇ ਵਿਸ਼ੇਸ਼ ਇਨਾਮ ਦਿੱਤੇ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਪੱਤਰ ਵਿਹਾਰ ਕੋਰਸ ਦੇ ਇੰਚਾਰਜ ਪ੍ਰੋ. ਸੁਖਦੇਵ ਸਿੰਘ, ਸ. ਕੁਲਵਿੰਦਰ ਸਿੰਘ ਸੁਪਰਵਾਈਜ਼ਰ, ਸ. ਨਰਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।