ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ, ਓਕਾਫ਼ ਬੋਰਡ ਦੇ ਚੇਅਰਮੈਨ ਤੇ ਪਾਕਿਸਤਾਨ ਕਮੇਟੀ ਪ੍ਰਧਾਨ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾਂ

ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, ੩੧ ਜੁਲਾਈ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ ਪਹਿਲੀ ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲਾ ਅੰਤਰਰਾਸ਼ਟਰੀ ਨਗਰ ਕੀਰਤਨ ਸਿੱਖ ਰਵਾਇਤਾਂ ਅਤੇ ਪੰਥਕ ਜਾਹੋ-ਜਲਾਲ ਨਾਲ ਆਰੰਭ ਹੋਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸੇ ਦੌਰਾਨ ਅੱਜ ਓਕਾਫ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਤਵੰਤ ਸਿੰਘ ਨੇ ਨਗਰ ਕੀਰਤਨ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਦਿੱਲੀ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਆਗੂ ਸ. ਦਰਬਾਰਾ ਸਿੰਘ ਗੁਰੂ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜੂਨੀਅਰ ਮੀਤ ਪ੍ਰਧਾਨ ਸ. ਬਿੱਕਰ ਸਿੰਘ ਚੰਨੂ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਗੁਰਮੀਤ ਸਿੰਘ ਬੂਹ, ਸ. ਭਗਵੰਤ ਸਿੰਘ ਸਿਆਲਕਾ, ਓਕਾਫ ਬੋਰਡ ਦੇ ਸਕੱਤਰ ਇਮਰਾਨ ਗੋਦਲ, ਪਾਕਿਸਤਾਨ ਕਮੇਟੀ ਦੇ ਜਨਰਲ ਸਕੱਤਰ ਸ. ਅਮੀਰ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਆਦਿ ਮੌਜੂਦ ਸਨ। ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਓਕਾਫ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਜਾਣਾ ਇਕ ਚੰਗਾ ਯਤਨ ਹੈ, ਜਿਸ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਜ਼ੋਸ਼ੋ ਖਰੋਸ਼ ਨਾਲ ਆਰੰਭਤਾ ਹੋਵੇਗੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਅਤੇ ਓਕਾਫ ਬੋਰਡ ਵੱਲੋਂ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਅਤੇ ਸਿੰਘ ਸਾਹਿਬਾਨ ਦਾ ਸਵਾਗਤ ਕਰਨ ਲਈ ਇਥੇ ਆਏ ਹਨ। ਉਨ੍ਹਾਂ ਕਿਹਾ ਕਿ ੫੫੦ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਦੇ ਤਜ਼ਰਬੇ ਦਾ ਫ਼ਾਇਦਾ ਲਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਨਾਲ ਦੋਹਾਂ ਦੇਸ਼ਾਂ ਦੀਆਂ ਸੰਗਤਾਂ ਦੀ ਆਪਸੀ ਸਾਂਝ ਹੋਰ ਮਜ਼ਬੂਤ ਹੋਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਅਤੇ ਹੋਰਾਂ ਨੇ ਡਾ. ਆਮਿਰ ਅਹਿਮਦ ਦਾ ਸਿਰੋਪਾਓ, ਸ੍ਰੀ ਸਾਹਿਬ, ਸੋਨੇ ਦੇ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਸਿੱਕੇ ਨਾਲ ਸਨਮਾਨ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਓਕਾਫ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ, ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਸਤਵੰਤ ਸਿੰਘ ਤੇ ਹੋਰਨਾਂ ਦਾ ਨਗਰ ਕੀਰਤਨ ਦੇ ਪ੍ਰਬੰਧਾਂ ਵਿਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਅਰਸੇ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਭਾਰਤ ਲਈ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜਿਸ ਸਬੰਧੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅੰਦਰ ਭਰਵਾਂ ਚਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਨਕਾਣਾ ਸਾਹਿਬ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਲਈ ਮੁਬਾਰਕ ਅਸਥਾਨ ਹੈ ਅਤੇ ਉਹ ਇਸ ਨਗਰ ਕੀਰਤਨ ਨੂੰ ਵਾਹਗਾ ਅਟਾਰੀ ਸਰਹੱਦ ਰਾਹੀਂ ਭਾਰਤ ਪਹੁੰਚਣ ਦੀ ਉਡੀਕ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਸਬੰਧੀ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ। ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਅਤੇ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਯਤਨਾਂ ਨੂੰ ਸਿੱਖ ਕੌਮ ਲਈ ਮੁਬਾਰਕ ਦੱਸਿਆ।

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਜੇ ਧਾਰਮਿਕ ਦੀਵਾਨ

ਇਸੇ ਦੌਰਾਨ ਅੱਜ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਅੰਮ੍ਰਿਤ ਵੇਲੇ ਆਸਾ ਜੀ ਦੀ ਵਾਰ ਮਗਰੋਂ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਨਾਲ ਜੋੜਿਆ। ਧਾਰਮਿਕ ਦੀਵਾਨ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਦਿੱਲੀ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਆਗੂ ਸ. ਦਰਬਾਰਾ ਸਿੰਘ ਗੁਰੂ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸ. ਬਿੱਕਰ ਸਿੰਘ ਚੰਨੂ, ਭਾਈ ਮਨਜੀਤ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਭੁਪਿੰਦਰ ਸਿੰਘ ਭਲਵਾਨ, ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਸ਼ਿੰਗਾਰਾ ਸਿੰਘ ਲੋਹੀਆਂ, ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਮੀਤ ਸਿੰਘ ਬੂਹ, ਸ. ਕੌਰ ਸਿੰਘ, ਬੀਬੀ ਗੁਰਪ੍ਰੀਤ ਕੌਰ, ਬੀਬੀ ਕਿਰਨਜੋਤ ਕੌਰ, ਬੀਬੀ ਹਰਜਿੰਦਰ ਸਿੰਘ, ਬੀਬੀ ਪਰਮਜੀਤ ਕੌਰ ਲਾਂਡਰਾਂ, ਮੁੱਖ ਸਕੱਤਰ ਡਾ. ਰੂਪ ਸਿੰਘ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਦਇਆ ਸਿੰਘ, ਸ. ਗੁਰਤੇਜ ਸਿੰਘ ਢੱਡੇ, ਸ. ਹਰਪਾਲ ਸਿੰਘ ਜੱਲ੍ਹਾ, ਸ. ਹੀਰਾ ਸਿੰਘ ਗਾਬੜੀਆਂ, ਸ. ਸੋਹਣ ਸਿੰਘ ਠੰਡਲ ਆਦਿ ਮੌਜੂਦ ਸਨ।