ਅੰਮ੍ਰਿਤਸਰ, 14 ਅਕਤੂਬਰ-
ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 2 ਨਵੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਸ਼ਹਿਰ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਦੇ ਪ੍ਰਤੀਨਿਧਾਂ ਨਾਲ ਭਾਈ ਗੁਰਦਾਸ ਹਾਲ ਵਿਖੇ ਇੱਕਤਰਤਾ ਕਰਕੇ ਗੁਰਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਸਭਾ-ਸੁਸਾਇਟੀਆਂ ਦੇ ਵੱਖ-ਵੱਖ ਨੁਮਾਇੰਦਿਆਂ ਨੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸੁਝਾਅ ਦਿੱਤੇ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਮੈਨੇਜਰ ਸ. ਮੁਖਤਾਰ ਸਿੰਘ ਨੇ ਸਮਾਗਮਾਂ ਬਾਰੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਪੁਰਬ ਮੌਕੇ ਨਗਰ ਕੀਰਤਨ, ਰਾਗ ਅਤੇ ਪੜਤਾਲ ਗਾਇਨ ਸਮਾਗਮ ਆਯੋਜਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਰਵਾਇਤ ਅਨੁਸਾਰ ਗੁਰਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਜਾਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਣਗੇ। ਸਮਾਗਮਾਂ ਦੌਰਾਨ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਿਆ ਜਾਵੇਗਾ। ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਪ੍ਰਕਾਸ਼ ਪੁਰਬ ਮੌਕੇ ਸਾਰੇ ਸ਼ਹਿਰ ਨੂੰ ਰੁਸ਼ਨਾਉਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾਵੇ।
ਸਭਾ-ਸੁਸਾਇਟੀਆਂ ਨਾਲ ਕੀਤੀ ਗਈ ਇਕੱਤਰਤਾ ਮੌਕੇ ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਸੁਰਜੀਤ ਸਿੰਘ ਭਿਟੇਵੱਡ, ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਸ. ਰਾਜਿੰਦਰ ਸਿੰਘ ਰੂਬੀ, ਸ. ਸੁਰਿੰਦਰ ਸਿੰਘ ਪ੍ਰਧਾਨ ਹੋਟਲ ਐਸੋਸੀਏਸ਼ਨ, ਸ. ਰਣਜੀਤ ਸਿੰਘ ਸਾਬਕਾ ਸਕੱਤਰ, ਗਿਆਨੀ ਕਿਸ਼ਨ ਸਿੰਘ ਕਥਾਵਾਚਕ, ਸ. ਗੁਰਬਖ਼ਸ਼ ਸਿੰਘ ਬੇਦੀ, ਸ. ਗੁਰਦੀਪ ਸਿੰਘ ਸਲੂਜਾ, ਪ੍ਰਿੰ: ਮਨਜੀਤ ਕੌਰ, ਸ. ਸੰਤੋਖ ਸਿੰਘ ਸੇਠੀ, ਭਾਈ ਸੁਰਿੰਦਰ ਸਿੰਘ ਮਿੱਠਾਟਿਵਾਣਾ, ਭਾਈ ਅਮਰਜੀਤ ਸਿੰਘ, ਭਾਈ ਤੇਜਪਾਲ ਸਿੰਘ, ਸ. ਕੁਲਦੀਪ ਸਿੰਘ ਪੰਡੋਰੀ, ਸ. ਸ਼ਰਨਜੀਤ ਸਿੰਘ, ਸ. ਚਰਨਜੀਤ ਸਿੰਘ ਅਖੰਡ ਕੀਰਤਨੀ ਜਥਾ, ਸ. ਨਰਿੰਦਰ ਸਿੰਘ, ਪ੍ਰੋ. ਰਵੇਲ ਸਿੰਘ ਆਦਿ ਮੌਜੂਦ ਸਨ।