ਅੰਮ੍ਰਿਤਸਰ, ੧੦ ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸੇ ਦੇ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ੧੨ ਅਪ੍ਰੈਲ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਲਈ ਜਥਾ ਰਵਾਨਾ ਹੋਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਵਧੀਕ ਸਕੱਤਰ ਅਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ ੧੨ ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਣਗੇ, ਜਿਸ ਦੇ ਭੋਗ ੧੪ ਅਪ੍ਰੈਲ ਨੂੰ ਪੈਣਗੇ। ਉਨ੍ਹਾਂ ਦੱਸਿਆ ਕਿ ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਇਲਾਵਾ ਗੁ: ਸ੍ਰੀ ਨਨਕਾਣਾ ਸਾਹਿਬ, ਗੁ: ਸ੍ਰੀ ਸੱਚਾ ਸੋਦਾ ਮੰਡੀ ਚੂਹੜਕਾਨਾ, ਗੁ: ਡੇਹਰਾ ਸਾਹਿਬ ਲਾਹੌਰ, ਗੁ: ਰੋੜੀ ਸਾਹਿਬ ਐਮਨਾਬਾਦ ਅਤੇ ਗੁ: ਕਰਤਾਰਪੁਰ ਸਾਹਿਬ ਦੇ ਵੀ ਦਰਸ਼ਨ ਕਰੇਗਾ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਮੀਤ ਸਿੰਘ ਬੂਹ ਕਰਨਗੇ। ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ ੨੧ ਅਪ੍ਰੈਲ ਨੂੰ ਵਾਪਸ ਆਵੇਗਾ।

ਉਨ੍ਹਾਂ ਹੋਰ ਦੱਸਿਆ ਕਿ ਇਸ ਵਾਰ ਪਾਕਿਸਤਾਨ ਦੂਤ ਘਰ ਨੂੰ ੭੫੮ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ ੪੧ ਨਾਮ ਕੱਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ੭੧੭ ਯਾਤਰੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਜਿਹੜੇ ਯਾਤਰੂਆਂ ਦੇ ਵੀਜ਼ੇ ਪ੍ਰਾਪਤ ਹੋਏ ਹਨ ਉਹ ੧੧ ਅਪ੍ਰੈਲ ਨੂੰ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੁੱਜ ਕੇ ਆਪਣੇ ਪਾਸਪੋਰਟ ਪ੍ਰਾਪਤ ਕਰ ਸਕਦੇ ਹਨ।