ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਾਉਣ ਲਈ ਬੱਸਾਂ ਦਾ ਪ੍ਰਬੰਧ ਕਰੇਗੀ ਸ਼੍ਰੋਮਣੀ ਕਮੇਟੀ

ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਅਹਿਮ ਇਕੱਤਰਤਾ

ਅੰਮ੍ਰਿਤਸਰ, 30 ਮਈ- ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸਿੱਖੀ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਪਿੰਡ ਪੱਧਰ ਤਕ ਪਹੁੰਚ ਕਰੇਗੀ। ਇਹ ਫੈਸਲਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਲਿਆ ਗਿਆ। ਇਕੱਤਰਤਾ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਕਰਦਿਆਂ ਪ੍ਰੋ: ਬਡੂੰਗਰ ਨੇ ਕਿਹਾ ਕਿ ਸੰਗਤ ਨੂੰ ਗੁਰਬਾਣੀ ਫਲਸਫੇ, ਸਿੱਖ ਇਤਿਹਾਸ, ਰਹਿਤ ਮਰਯਾਦਾ ਅਤੇ ਸਿੱਖ ਵਿਰਸੇ ਨਾਲ ਜੋੜਨ ਲਈ ਪੰਜਾਬ ਨੂੰ ਤਿੰਨ ਜ਼ੋਨਾਂ ਵਿਚ ਵੰਡ ਕੇ ਹਰ ਜ਼ੋਨ ਦਾ ਇੰਚਾਰਜ ਇੱਕ-ਇੱਕ ਪ੍ਰਚਾਰਕ ਨੂੰ ਨਿਯੁਕਤ ਕੀਤਾ ਹੈ। ਪ੍ਰੋ: ਬਡੂੰਗਰ ਨੇ ਇਹ ਵੀ ਦੱਸਿਆ ਕਿ ਪ੍ਰਚਾਰ ਲਹਿਰ ਵਿਚ ਸੇਵਾ ਨਿਭਾਉਣ ਵਾਲੇ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕਾਂ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਨੂੰ ਦਿੱਤੀ ਗਈ ਹੈ। ਪ੍ਰਚਾਰ ਲਹਿਰ ਦੇ ਪ੍ਰਬੰਧ ਦੀ ਦੇਖ-ਰੇਖ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਕਰਨਗੇ, ਜਦਕਿ ਹਰ ਜ਼ੋਨ ਵਿਚ ਇੱਕ-ਇੱਕ ਮੀਤ ਸਕੱਤਰ ਨੂੰ ਕੋਆਰਡੀਨੇਟਰ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਲਹਿਰ ਦੀ ਆਰੰਭਤਾ ਮਾਲਵਾ ਜ਼ੋਨ ਤੋਂ ੧ ਜੁਲਾਈ ੨੦੧੭ ਨੂੰ ਕੀਤੀ ਜਾਵੇਗੀ ਅਤੇ ਇਸ ਮੌਕੇ ਇੱਕ ਵਿਸ਼ਾਲ ਗੁਰਮਤਿ ਸਮਾਗਮ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕਰਵਾਇਆ ਜਾਵੇਗਾ। ਇਸ ਸਮਾਗਮ ਵਿਚ ਸਿੰਘ ਸਾਹਿਬਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਸਮੁੱਚੇ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਣਗੀਆਂ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਗਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੋਂ ਵਿਸ਼ੇਸ਼ ਤੌਰ ‘ਤੇ ਬੱਸਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਗੁਰਮਤਿ ਸੱਭਿਆਚਾਰ ਨਾਲ ਜੋੜਨ ਲਈ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ, ਨੰਗਲ ਵਿਖੇ ੩ ਜੂਨ ਤੋਂ ਗੁਰਮਤਿ ਚੇਤਨਾ ਕੈਂਪ ਆਰੰਭ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿਚ ੩ ਤੋਂ ੯ ਜੂਨ ਤਕ ਵੱਖ-ਵੱਖ ਸਕੂਲਾਂ ਦੇ ਲੜਕਿਆਂ ਅਤੇ ੨੪ ਤੋਂ ੩੦ ਜੂਨ ਤਕ ਲੜਕੀਆਂ ਦੇ ਸ਼ਾਮਲ ਹੋਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦੀ ਤਰ੍ਹਾਂ ਲੰਗਰ ਦੀ ਸੇਵਾ ਲਈ ਸੰਗਤਾਂ ਨੂੰ ਉਤਸ਼ਾਹਿਤ ਵੀ ਕੀਤਾ ਜਾਵੇਗਾ ਜਿਸ ਵਿਚ ਸੰਗਤਾਂ ਲੰਗਰ ਲਈ ਰਸਦਾਂ ਵੀ ਲਿਆ ਸਕਦੀਆਂ ਹਨ। ਇਸ ਮੌਕੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ੬ ਜੂਨ ਦੇ ਦਿਹਾੜੇ ‘ਤੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸੰਗਤਾਂ ਇੱਕਜੁਟਤਾ ਦਾ ਪ੍ਰਗਟਾਵਾ ਕਰਨ ਅਤੇ ਮੁਕੰਮਲ ਸ਼ਾਂਤੀ ਦੀ ਸਥਿਤੀ ਬਣਾਈ ਰੱਖਣ ਤਾਂ ਜੋ ਗੁਰੂ ਘਰ ਦੀ ਮਾਣ-ਮਰਯਾਦਾ ਨੂੰ ਠੇਸ ਨਾ ਪਹੁੰਚੇ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਉਨ੍ਹਾਂ (ਪ੍ਰੋ: ਬਡੂੰਗਰ) ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਹੈ, ਜਿਸ ‘ਤੇ ਸਭ ਨੇ ਸਾਰਥਕ ਹੁੰਗਾਰਾ ਦਿੱਤਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਅਜਾਇਬ ਸਿੰਘ ਅਭਿਆਸੀ, ਸ. ਅਵਤਾਰ ਸਿੰਘ ਵਣਵਾਲਾ, ਸ. ਤਜਿੰਦਰਪਾਲ ਸਿੰਘ, ਸ. ਮਨਜੀਤ ਸਿੰਘ ਬੱਪੀਆਣਾ, ਸ. ਸੁਖਵਰਸ਼ ਸਿੰਘ ਚੌਧਰੀਵਾਲ ਤੇ ਸ. ਰਾਮਪਾਲ ਸਿੰਘ ਬਹਿਣੀਵਾਲ, ਮੁੱਖ ਸਕੱਤਰ ਸ. ਹਰਚਰਨ ਸਿੰਘ, ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਆਦਿ ਹਾਜ਼ਰ ਸਨ।