ਗਿਆਨੀ ਰਘਬੀਰ ਸਿੰਘ, ਬੀਬੀ ਜਗੀਰ ਕੌਰ, ਡਾ. ਓਪਿੰਦਰਜੀਤ ਕੌਰ ਤੇ ਬਾਬਾ ਸੀਚੇਵਾਲ ਉਦਘਾਟਨੀ ਸਮਾਰੋਹ ‘ਚ ਪੁੱਜੇ
ਦੇਸ਼ ਭਰ ਦੇ ਚਿੱਤਰਕਾਰ ਸ੍ਰੀ ਗੁਰੂ ਨਾਨਕ ਸਾਹਿਬ ਦੀ ਬਾਣੀ ਅਧਾਰਿਤ ਬਣਾਉਣਗੇ ਚਿੱਤਰ
ਸੁਲਤਾਨਪੁਰ ਲੋਧੀ, ੧੬ ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਨਿਵੇਕਲਾ ਉਪਰਾਲਾ ਕਰਦਿਆਂ ਗੁਰੂ ਸਾਹਿਬ ਦੀ ਬਾਣੀ ਅਧਾਰਿਤ ਚਿੱਤਰਕਲਾ ਵਰਕਸ਼ਾਪ ਦੀ ਆਰੰਭਤਾ ਕੀਤੀ ਗਈ ਹੈ। ਇਥੇ ਸਥਿਤ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਸ. ਆਤਮਾ ਸਿੰਘ ਆਡੀਟੋਰੀਅਮ ਵਿਚ ਲਗਾਈ ਲਈ ਇਸ ਪੰਜ ਦਿਨਾਂ ਵਰਕਸ਼ਾਪ ਦਾ ਉਦਘਾਟਨ ਬੀਤੇ ਕੱਲ੍ਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤਾ, ਜਦਕਿ ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਵਾਤਾਵਰਨ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ, ਸਾਬਕਾ ਮੰਤਰੀ ਪੰਜਾਬ ਡਾ. ਬੀਬੀ ਓਪਿੰਦਰਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਉਦਘਾਟਨ ਸਮੇਂ ਆਪਣੇ ਸੰਬੋਧਨ ਵਿਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਗਾਈ ਗਈ ਚਿੱਤਰਕਲਾ ਵਰਕਸ਼ਾਪ ਨਿਵੇਕਲਾ ਉੱਦਮ ਹੈ, ਜਿਸ ਨਾਲ ਗੁਰੂ ਸਾਹਿਬ ਦੀ ਪਾਵਨ ਬਾਣੀ ਅਨੁਸਾਰ ਚਿੱਤਰਕਾਰਾਂ ਵੱਲੋਂ ਬਣਾਏ ਗਏ ਚਿੱਤਰ ਦੇਖਣ ਵਾਲਿਆਂ ਨੂੰ ਗੁਰੂ ਉਪਦੇਸ਼ਾਂ ਦੀ ਭਾਵਨਾ ਨਾਲ ਜੋੜਨਗੇ। ਇਸ ਮੌਕੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ੫੫੦ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਵੱਖ-ਵੱਖ ਸਮਾਗਮਾਂ ਦੀ ਸ਼ਲਾਘਾ ਕੀਤੀ ਅਤੇ ਚਿੱਤਰਕਲਾ ਵਰਕਸ਼ਾਪ ਵਿਚ ਦੇਸ਼ ਭਰ ਵਿੱਚੋਂ ਪੁੱਜੇ ਚਿੱਤਰਕਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਕਿਉਂਕਿ ਸ਼ਤਾਬਦੀ ਸਮਾਗਮਾਂ ਦਾ ਕੇਂਦਰੀ ਅਸਥਾਨ ਹੈ, ਇਸ ਲਈ ਇਥੇ ਹੋਣ ਵਾਲਾ ਹਰ ਸਮਾਗਮ ਯਾਦਗਾਰੀ ਹੋਵੇਗਾ। ਇਸ ਮੌਕੇ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਡਾ. ਬੀਬੀ ਓਪਿੰਦਰਜੀਤ ਕੌਰ ਨੇ ਵੀ ਸੰਬੋਧਨ ਕੀਤਾ। ਉਦਘਾਟਨੀ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ ਨੇ ਅਰੰਭਤਾ ਦੀ ਅਰਦਾਸ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਦਇਆ ਸਿੰਘ ਟਾਹਲੀ ਸਾਹਿਬ, ਬਾਬਾ ਅਮਰੀਕ ਸਿੰਘ ਖੁਖਰੈਣ, ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਸਰਵਣ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ, ਸ. ਰਣਜੀਤ ਸਿੰਘ ਕਾਹਲੋਂ, ਸ. ਹਰਵਿੰਦਰ ਸਿੰਘ ਖ਼ਾਲਸਾ, ਇੰਜ: ਸਵਰਨ ਸਿੰਘ ਪ੍ਰਧਾਨ ਕਾਲਜ ਕਮੇਟੀ, ਸ. ਸੁਲੱਖਣ ਸਿੰਘ ਭੰਗਾਲੀ, ਸ. ਇਕਬਾਲ ਸਿੰਘ ਮੁਖੀ, ਡਾ. ਸੁਖਵਿੰਦਰ ਸਿੰਘ ਰੰਧਾਵਾ, ਭਾਈ ਕੁਲਵਿੰਦਰ ਸਿੰਘ ਅਰਦਾਸੀਆ, ਭਾਈ ਸੁਲਤਾਨ ਸਿੰਘ, ਸ. ਸਵਰਨ ਸਿੰਘ ਜੋਸ਼, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਮੇਜਰ ਸਿੰਘ ਸੰਧੂ, ਵਧੀਕ ਮੈਨੇਜਰ ਸ. ਸਰਬਜੀਤ ਸਿੰਘ ਧੂੰਦਾ, ਮੀਤ ਮੈਨੇਜਰ ਸ. ਕੁਲਵੰਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਹਰਜੀਤ ਸਿੰਘ ਪ੍ਰਚਾਰਕ, ਜਥੇਦਾਰ ਗੁਰਦਿਆਲ ਸਿੰਘ, ਸ. ਜਤਿੰਦਰ ਸਿੰਘ ਆਦਿ ਹਾਜ਼ਰ ਸਨ।