ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ ਸ਼ਿਰਕਤ


ਅੰਮ੍ਰਿਤਸਰ, ੧੧ ਮਈ- ਪੱਛਮੀ ਬੰਗਾਲ ਦੇ ਆਸਨਸੋਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਥਾਨਕ ਸਭਾ ਸੁਸਾਇਟੀਆਂ, ਗੁਰਦੁਆਰਾ ਕਮੇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਕਮਿਊਨਟੀ ਹਾਲ ਮੁਰਗਾਸੋਲ, ਆਸਨਸੋਲ ਵਿਖੇ ਕਰਵਾਏ ਗਏ ਇਸ ਸਮਾਗਮ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ੫੫੦ ਸਾਲਾ ਪ੍ਰਕਾਸ਼ ਪੁਰਬ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਪ੍ਰਚਾਰਨ ਲਈ ਇਕ ਸੁਨਹਿਰੀ ਮੌਕਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਜੀ ਦੇ ਇਤਿਹਾਸਕ ਪੁਰਬ ਨੂੰ ਸਮਰਪਿਤ ਵੱਖ-ਵੱਖ ਸੂਬਿਆਂ ਅੰਦਰ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਸ਼ਾਲਾਘਾ ਵੀ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੇ ਵਿਸ਼ਵ ਲਈ ਸਰਬਸਾਂਝੀ ਹੈ ਅਤੇ ਉਨ੍ਹਾਂ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਸਮੁੱਚੇ ਵਿਸ਼ਵ ਦੇ ਸਿੱਖਾਂ ਨੂੰ ਪ੍ਰਚਾਰਕ ਬਣ ਕੇ ਸਿੱਖੀ ਪ੍ਰਚਾਰ ਲਈ ਮੋਹਰੀ ਭੂਮਿਕਾ ਅਦਾ ਕਰਨੀ ਚਾਹੀਦੀ ਹੈ। ਉਨ੍ਹਾਂ ਵੱਖ-ਵੱਖ ਸੂਬਿਆਂ ਦੀਆਂ ਸੰਗਤਾਂ ਵੱਲੋਂ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਨੂੰ ਸਾਰਥਿਕ ਦੱਸਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਵੱਖ-ਵੱਖ ਸੂਬਿਆਂ ਅੰਦਰ ਨਿਰੰਤਰ ਗੁਰਮਤਿ ਸਮਾਗਮਾਂ ਜਾਰੀ ਰੱਖਣ ਦਾ ਵਿਸ਼ਵਾਸ ਵੀ ਦਿਵਾਇਆ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ, ਜਦਕਿ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਅਤੇ ਉਪਦੇਸ਼ਾਂ ਤੋਂ ਸੰਗਤ ਨੂੰ ਜਾਣੂ ਕਰਵਾਇਆ। ਇਸ ਮੌਕੇ ਸਿੰਘ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦਾ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕਰਮਬੀਰ ਸਿੰਘ ਕਿਆਮਪੁਰ, ਸ. ਵਰਿੰਦਰ ਸਿੰਘ ਠਰੂ ਸੁਪਰਵਾਈਜ਼ਰ, ਸਿੱਖ ਮਿਸ਼ਨ ਕਲਕੱਤਾ ਦੇ ਇੰਚਾਰਜ ਸ. ਜਗਮੋਹਨ ਸਿੰਘ, ਸ. ਦਰਸ਼ਨ ਸਿੰਘ ਪੀ.ਏ., ਸ. ਤੇਜਿੰਦਰ ਸਿੰਘ ਬੱਲ, ਸ. ਪਿਆਰਾ ਸਿੰਘ ਵੀਰ, ਸ. ਅਮਰਜੀਤ ਸਿੰਘ, ਸ. ਹਰਦੀਪ ਸਿੰਘ, ਸ. ਜਗਦੀਸ਼ ਸਿੰਘ, ਸ. ਮਨਜੀਤ ਸਿੰਘ, ਸ. ਸੁਰਜੀਤ ਸਿੰਘ ਮੱਕੜ ਸਮੇਤ ਭਰਵੀਂ ਗਿਣਤੀ ਵਿਚ ਸੰਗਤਾਂ ਮੌਜੂਦ ਸਨ।