ਵਿਗਿਆਨ ਭਵਨ ਦਿੱਲੀ ਵਿਖੇ ਕੌਮਾਂਤਰੀ ਸੈਮੀਨਾਰ ਤੇ ਗੁਰੂ ਸਾਹਿਬ ਦੀ ਛਰਨ ਛੋਹ ਪ੍ਰਾਪਤ ਦੇਸ਼ਾਂ ‘ਚ ਹੋਣਗੇ ਗੁਰਮਤਿ ਸਮਾਗਮ-ਭਾਈ ਲੌਂਗੋਵਾਲ

ਅੰਮ੍ਰਿਤਸਰ, ੨੬ ਜੂਨ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਅੰਤਰ-ਰਾਸ਼ਟਰੀ ਨਗਰ ਕੀਰਤਨ ਸਜਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਨਗਰ ਕੀਰਤਨ ‘ਕਲਿ ਤਾਰਣ ਗੁਰੁ ਨਾਨਕ ਆਇਆ’ ਦੇ ਸਲੋਗਨ ਹੇਠ ਹੋਵੇਗਾ ਅਤੇ ਇਸਦੀ ਆਰੰਭਤਾ ਸ੍ਰੀ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦੀ ਵਿਸ਼ਵ ਵਿਆਪੀ ਵਿਚਾਰਧਾਰਾ ਸਬੰਧੀ ਪ੍ਰੇਰਣਾ ਦੇ ਮੰਤਵ ਨਾਲ ਇਹ ਨਗਰ ਕੀਰਤਨ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਤੋਂ ਸ਼ੁਰੂ ਹੋ ਕੇ ਕਰੀਬ ੧੦੦ ਦਿਨਾਂ ਬਾਅਦ ਗੁਰੂ ਸਾਹਿਬ ਜੀ ਨਾਲ ਸਬੰਧਤ ਭਾਰਤ ਵਿਚਲੇ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਜਾਣਕਾਰੀ ਦਿੱਤੀ ਕਿ ੨੫ ਜੁਲਾਈ ੨੦੧੯ ਨੂੰ ਆਰੰਭ ਹੋ ਕੇ ਨਗਰ ਕੀਰਤਨ ਭਾਰਤ ਦੇ ੧੭ ਰਾਜਾਂ ਦੇ ੬੫ ਵੱਡੇ ਸ਼ਹਿਰਾਂ ਤੱਕ ਪਹੁੰਚ ਕਰੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਨਗਰ ਕੀਰਤਨ ਦੀ ਸ਼ੁਰੂਆਤ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ੫੫੦ ਸੰਗਤਾਂ ਦਾ ਇਕ ਵਿਸ਼ੇਸ਼ ਜਥਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਭੇਜਿਆ ਜਾਵੇਗਾ ਅਤੇ ਨਗਰ ਕੀਰਤਨ ਦੇ ਭਾਰਤ-ਪਾਕਿਸਤਾਨ ਸਰਹੱਦ ਵਾਹਗਾ-ਅਟਾਰੀ ਪੁੱਜਣ ‘ਤੇ ਸ਼ਾਨਦਾਰ ਸਵਾਗਤ ਹੋਵੇਗਾ। ਇਥੇ ਧਾਰਮਿਕ, ਸਮਾਜਿਕ, ਰਾਜਨੀਤਕ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਦੇ ਨਾਲ-ਨਾਲ ਭਰਵੀਂ ਸੰਗਤ ਮੌਜੂਦ ਰਹੇਗੀ। ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਵਿਗਿਆਨ ਭਵਨ ਦਿੱਲੀ ਵਿਖੇ ਇਕ ਅੰਤਰ-ਰਾਸ਼ਟਰੀ ਪੱਧਰ ਦਾ ਸੈਮੀਨਾਰ ਕਰਵਾਉਣ ਦੀ ਵੀ ਵਿਉਂਤਬੰਦੀ ਕੀਤੀ ਗਈ ਹੈ। ਇਸ ਸੈਮੀਨਾਰ ਵਿਚ ਭਾਰਤ ਦੇ ਰਾਸ਼ਟਰਪਤੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਦੇਸ਼ ਵਿਦੇਸ਼ ਦੀਆਂ ਹਸਤੀਆਂ ਸ਼ਿਰਕਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਸਬੰਧੀ ਇਸ ਸੈਮੀਨਾਰ ਤੋਂ ਇਲਾਵਾ ਦਿੱਲੀ ਦੇ ਇੰਡੀਆ ਗੇਟ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਵੀ ਸ਼੍ਰੋਮਣੀ ਕਮੇਟੀ ਕਰਵਾਏਗੀ। ਇਸੇ ਤਰ੍ਹਾਂ ਦੇਸ਼ ਦੇ ਪੰਜ ਵੱਡੇ ਸ਼ਹਿਰਾਂ ਵਿਚ ਵੀ ਗੁਰਮਤਿ ਸਮਾਗਮ ਹੋਣਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਦੇਸ਼ ਦੁਨੀਆਂ ਅੰਦਰ ਆਪਣੀਆਂ ਪ੍ਰਚਾਰ ਯਾਤਰਾਵਾਂ ਦੌਰਾਨ ਪਹੁੰਚ ਕੀਤੀ ਸੀ ਅਤੇ ਸ਼੍ਰੋਮਣੀ ਕਮੇਟੀ ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਵੱਖ-ਵੱਖ ਦੇਸ਼ਾਂ ਅੰਦਰ ਵੀ ਗੁਰਮਤਿ ਸਮਾਗਮ ਕਰਵਾਏਗੀ। ਇਸੇ ਤਹਿਤ ਗੁਰੂ ਸਾਹਿਬ ਜੀ ਦੇ ਮਨੁੱਖੀ ਏਕਤਾ, ਸਦਭਾਵਨਾ ਅਤੇ ਭਰਾਤਰੀ ਭਾਵ ਸੁਨੇਹੇ ਨੂੰ ਪ੍ਰਚਾਰਿਆ ਜਾਵੇਗਾ। ਭਾਈ ਲੌਂਗੋਵਾਲ ਅਨੁਸਾਰ ੫੫੦ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਮੁੱਖ ਸਮਾਗਮਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵੱਖ-ਵੱਖ ਗੁਰਮਤਿ ਸਮਾਗਮਾਂ, ਸੈਮੀਨਾਰਾਂ ਤੇ ਨਗਰ ਕੀਰਤਨਾਂ ਦਾ ਸਿਲਸਿਲਾ ਲਗਾਤਾਰ ਜਾਰੀ ਰੱਖੇਗੀ।