ਅੰਮ੍ਰਿਤਸਰ, ੧ ਜੁਲਾਈ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਮੌਕੇ ੧੨ ਨਵੰਬਰ ੨੦੧੯ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸੱਦਾ ਦਿੱਤਾ ਗਿਆ ਹੈ। ਦਿੱਲੀ ਵਿਖੇ ਪ੍ਰਧਾਨ ਮੰਤਰੀ ਨਾਲ ਇਕ ਨਿੱਜੀ ਮਿਲਣੀ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਨੂੰ ਇਹ ਸੱਦਾ-ਪੱਤਰ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸੀਨੀਅਰ ਅਕਾਲੀ ਆਗੂ ਸ. ਬਲਵਿੰਦਰ ਸਿੰਘ ਭੂੰਦੜ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ ਵੀ ਮੌਜੂਦ ਸਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਸਮਾਗਮਾਂ ਦੀ ਸ਼ਲਾਘਾ ਕੀਤੀ ਅਤੇ ਮੁੱਖ ਸਮਾਗਮ ਵਿਚ ਸ਼ਾਮਲ ਹੋਣਾ ਪ੍ਰਵਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਨਰਿੰਦਰ ਮੋਦੀ ਨੇ ਗੁਰੂ ਸਾਹਿਬ ਜੀ ਦੇ ਇਤਿਹਾਸਕ ਪੁਰਬ ਨੂੰ ਸਮੁੱਚੇ ਵਿਸ਼ਵ ਲਈ ਇਕ ਵਿਲੱਖਣ ਮੌਕਾ ਕਰਾਰ ਦਿੱਤਾ ਹੈ। ਭਾਈ ਲੌਂਗੋਵਾਲ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨੇ ਆਖਿਆ ਹੈ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਸਾਹਿਬ ਦੇ ਮੁਬਾਰਕ ਦਿਹਾੜੇ ਸਮੇਂ ਸ਼ਾਮਲ ਹੋਣਾ ਉਨ੍ਹਾਂ ਦੀ ਖ਼ੁਸ਼-ਨਸੀਬੀ ਹੋਵੇਗੀ, ਕਿਉਂਕਿ ਗੁਰੂ ਸਾਹਿਬ ਸਮੁੱਚੀ ਲੋਕਾਈ ਲਈ ਮਾਰਗ ਦਰਸ਼ਕ ਹਨ।