ਵਿਦਿਆਰਥੀ ਵਰਗ ਨੂੰ ਗੁਰੂ ਸਾਹਿਬਾਂ ਦੀ ਵਿਚਾਰਧਾਰਾ ਤੇ ਫਿਲਾਸਫੀ ਨਾਲ ਜੋੜਨ ਵਿੱਚ ਸਹਾਈ ਸਿੱਧ ਹੋਣਗੇ ਸੈਮੀਨਾਰ – ਪ੍ਰੋ. ਕਿਰਪਾਲ ਸਿੰਘ ਬਡੂੰਗਰ
ਲੁਧਿਆਣਾ ਵਿਖੇ ਸਿੱਖ ਬੁੱਧੀਜੀਵੀਆਂ ਅਤੇ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਦੀ ਹੋਈ ਵਿਸ਼ੇਸ਼ ਇਕੱਤਰਤਾ

ਲੁਧਿਆਣਾ ੨੨ ਜੁਲਾਈ- ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ੫੫੦ ਸਾਲਾ ਨੂੰ ਸਮਰਪਿਤ ਆਯੋਜਿਤ ਕੀਤੇ ਜਾਣ ਵਾਲੇ ਸਮੂਹ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੇ ਸੈਮੀਨਾਰ ਦਾ ਖਾਕਾ ਤਿਆਰ ਹੋ ਗਿਆ ਹੈ । ਜਿਸ ਦੇ ਅੰਤਰਗਤ ੧੩ ਮੁੱਖ ਸੈਮੀਨਾਰਾਂ ਤੋਂ ਇਲਾਵਾ ਵੱਖ ਵੱਖ ਕਾਲਜਾਂ ਤੇ ਸਕੂਲਾਂ ਅੰਦਰ ਸਥਾਨਕ ਪੱਧਰ ਤੇ ਵੀ ਸੈਮੀਨਾਰ ਆਯੋਜਿਤ ਕੀਤੇ ਜਾਣਗੇ । ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ਤੇ ਮਨਾਉਣ ਹਿੱਤ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਆਯੋਜਿਤ ਕਰਵਾਏ ਜਾਣ ਵਾਲੇ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਸੈਮੀਨਾਰਾਂ ਦੀ ਸਮੁੱਚੀ ਵਿਉਂਤਬੰਦੀ ਕਰਨ ਦੇ ਹਿੱਤ ਅੱਜ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਖੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ (ਚੇਅਰਮੈਨ ਸਬ ਕਮੇਟੀ) ਦੀ ਅਗਵਾਈ ਹੇਠ ਬਣਾਈ ਗਈ ਸਬ ਕਮੇਟੀ ਦੇ ਮੈਂਬਰਾਂ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਸਮੂਹ ਕਾਲਜਾਂ ਦੇ ਪ੍ਰਿੰਸੀਪਲਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਆਯੋਜਿਤ ਕੀਤੀ ਗਈ । ਇੱਕਤਰਤਾ ਉਪਰੰਤ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜਾਣਕਾਰੀ ਦਿੱਤੀ ਕਿ ਵੱਖ ਵੱਖ ਕਾਲਜਾਂ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸੈਮੀਨਾਰਾਂ ਦੌਰਾਨ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਵੀ ਕੀਤਾ ਜਾਵੇਗਾ । ਉਹਨਾਂ ਨੇ ਸਮੂਹ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਨੂੰ ਦਿਸ਼ਾ ਨਿਰਦੇਸ਼ ਦਿੰਦਿਆ ਹੋਇਆ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ੫੫੦ ਸਾਲਾ ਪ੍ਰਕਾਸ਼ ਪੁਰਬ ਮਨਾਉਣਾ ਤਾਂ ਹੀ ਸਫਲਾਂ ਹੋ ਸਕਦਾ ਹੈ । ਜੇਕਰ ਅਸੀ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਖਾਸ ਕਰਕੇ ਵਿਦਿਆਰਥੀ ਵਰਗ ਨੂੰ ਗੁਰੂ ਸਾਹਿਬਾਂ ਦੀ ਵਿਚਾਰਧਾਰਾ, ਫਿਲਾਸਫੀ ਤੇ ਸਿੱਖਿਆਵਾਂ ਤੋਂ ਜਾਣੂ ਕਰਵਾ ਸਕੀਏ । ਇਸ ਲਈ ਆਯੋਜਿਤ ਕੀਤੇ ਜਾਣ ਵਾਲੇ ਸੈਮੀਨਾਰਾਂ ਦੌਰਾਨ ਵਿਦਿਆਰਥੀਆਂ ਦੇ ਨਾਲ ਨਾਲ ਇਲਾਕੇ ਦੇ ਲੋਕਾਂ ਦੀ ਵੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇ । ਪ੍ਰੋ. ਬਡੂੰਗਰ ਨੇ ਇਹ ਵੀ ਦੱਸਿਆ ਕਿ ਸਬ ਕਮੇਟੀ ਦੀ ਇਕੱਤਰਤਾ ਦੌਰਾਨ ਵੱਖ ਵੱਖ ਸਿੱਖ ਬੁੱਧੀਜੀਵੀਆਂ ਤੇ ਕਾਲਜਾਂ ਦੇ ਪ੍ਰਿੰਸੀਪਲਾ ਨੇ ਆਯੋਜਿਤ ਹੋਣ ਵਾਲੇ ਸਮੂਹ ਸੈਮੀਨਾਰਾਂ ਨੂੰ ਸਫਲਤਾਪੂਰਵਕ ਕਰਵਾਉਣ ਹਿੱਤ ਆਪਣੇ-ਆਪਣੇ ਕੀਮਤੀ ਸੁਝਾਅ ਵੀ ਦਿੱਤੇ। ਇਸ ਦੌਰਾਨ ਸੈਮੀਨਾਰ ਕਮੇਟੀ ਦੇ ਕੋਆਰਡੀਨੇਟਰ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸਾਂਝੇ ਰੂਪ ਵਿੱਚ ਜਾਣਕਾਰੀ ਦਿੰਦਿਆ ਹੋਇਆਂ ਦੱਸਿਆਂ ਕਿ ਅੱਜ ਸਬ ਕਮੇਟੀ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ੯ ਅਗਸਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ, ੧੬ ਅਗਸਤ ਨੂੰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ, ੩ ਸਤੰਬਰ ਨੂੰ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ, ੫ ਅਕਤੂਬਰ ਨੂੰ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਤੇ ੨੬ ਅਕਤੂਬਰ ਨੂੰ ਗੁਰੂ ਨਾਨਕ ਗਰਲਜ਼ ਕਾਲਜ ਮੁਕਤਸਰ ਵਿਖੇ ਰਾਸ਼ਟਰੀ ਪੱਧਰ ਤੇ ਸੈਮੀਨਾਰ ਆਯੋਜਿਤ ਕੀਤੇ ਜਾਣਗੇ ਅਤੇ ਬਾਕੀ ਸੈਮੀਨਾਰਾਂ ਦੀਆਂ ਤਾਰੀਕਾਂ ਦਾ ਵੇਰਵਾ ਅਗਲੀ ਸਬ-ਕਮੇਟੀ ਦੀ ਮੀਟਿੰਗ ਵਿੱਚ ਐਲਾਨਿਆ ਜਾਵੇਗਾ । ਅੱਜ ਦੀ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਸਬ-ਕਮੇਟੀ ਦੇ ਮੈਂਬਰਾਂ ਜਿਹਨਾ ਵਿੱਚ ਸ. ਜੈਪਾਲ ਸਿੰਘ ਮੁੰਡੀਆਂ, ਸ. ਗੁਰਮੀਤ ਸਿੰਘ ਬੂਹ, ਸ. ਸੁਖਹਰਪ੍ਰੀਤ ਸਿੰਘ ਰੋਡੇ, ਭਾਈ ਗੁਰਚਰਨ ਸਿੰਘ ਗਰੇਵਾਲ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਕਰਮਜੀਤ ਕੌਰ ਲਾਂਡਰਾ ਮੈਂਬਰ ਸ਼੍ਰੋਮਣੀ ਕਮੇਟੀ, ਬੀਬੀ ਤੇਜਿੰਦਰ ਕੌਰ ਧਾਲੀਵਾਲ (ਡਾਇਰੈਕਟਰ ਐਜੂਕੇਸ਼ਨ), ਸੈਮੀਨਾਰ ਕਮੇਟੀ ਦੇ ਕੋਆਰਡੀਨੇਟਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਉਘੇ ਸਿੱਖ ਵਿਦਵਾਨ ਤੇ ਬੁੱਧੀਜੀਵੀ ਡਾ. ਚਮਕੌਰ ਸਿੰਘ, ਡਾ. ਪਰਮਵੀਰ ਸਿੰਘ, ਪ੍ਰਿੰ. ਧਰਮਿੰਦਰ ਸਿੰਘ ਉਬਾ, ਪ੍ਰਿੰ. ਕਸ਼ਮੀਰ ਸਿੰਘ, ਡਾ. ਗੁਰਬੀਰ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਸਮੂਹ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਨੇ ਵਿਸ਼ੇਸ਼ ਤੌਰ ਤੇ ਆਪਣੀਆ ਹਾਜ਼ਰੀਆਂ ਭਰੀਆ।