ਸਿੰਘ ਸਾਹਿਬਾਨ ਤੇ ਭਾਈ ਲੌਂਗੋਵਾਲ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ, 2 ਜੂਨ-
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਅੰਦਰ ਆਰੰਭੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਬੀਤੀ ਰਾਤ ਇੰਦੌਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਥਾਨਕ ਗੁਰਦੁਆਰਾ ਕਮੇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਇੰਦੌਰ ਵਿਖੇ ਕਰਵਾਏ ਇਸ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ।

ਇਸ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਹਿਲੇ ਪਾਤਸ਼ਾਹ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਨਵੰਬਰ 2019 ਵਿਚ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਵਿਚ ਇੰਦੌਰ ਦੀ ਸੰਗਤ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਰੇ ਸਮਾਗਮ ਪੂਰੇ ਵਿਸ਼ਵ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹੀ ਕਰਵਾਏ ਜਾਣਗੇ। ਉਨ੍ਹਾਂ ਇੰਦੌਰ ਦੀ ਸੰਗਤ ਅਤੇ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਵੱਲੋਂ ਸਮਾਗਮ ਦੌਰਾਨ ਭਰਵਾਂ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਅਤੇ ਅਜਿਹੇ ਗੁਰਮਤਿ ਸਮਾਗਮ ਲਗਾਤਾਰ ਜਾਰੀ ਰੱਖਣ ਦੀ ਵਚਨਬਧਤਾ ਦਾ ਵੀ ਪ੍ਰਗਟਾਵਾ ਕੀਤਾ।

ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਬੋਧਨ ਕਰਦਿਆਂ ਸੰਗਤ ਨੂੰ ਗੁਰਮਤਿ ਵਿਚਾਰਧਾਰਾ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਸੰਗਤ ਨੂੰ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਆਪੋ-ਆਪਣੇ ਪਰਿਵਾਰਾਂ ਅੰਦਰ ਗੁਰਬਾਣੀ ਜਾਪ ਦੀ ਲਹਿਰ ਪ੍ਰਚੰਡ ਕਰਨ ਲਈ ਵੀ ਕਿਹਾ। ਇਸ ਮੌਕੇ ਇੰਦੌਰ ਦੀਆਂ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ, ਸਿੰਘ ਸਾਹਿਬਾਨ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਸਥਾਨਕ ਸਿੱਖ ਆਗੂਆਂ ਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਦੇ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਢਾਡੀ ਜਥਿਆਂ ਤੇ ਕਥਾਵਾਚਕਾਂ ਨੇ ਗੁਰ-ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਦੀ ਰੌਸ਼ਨੀ ਵਿਚ ਸੰਗਤ ਨਾਲ ਵੀਚਾਰ ਸਾਂਝੇ ਕੀਤੇ।

ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਰਾਮ ਸਿੰਘ, ਸ. ਸੁਖਵਰਸ਼ ਸਿੰਘ ਪੰਨੂ, ਸ. ਬਲਦੇਵ ਸਿੰਘ ਚੂੰਘਾ, ਸ. ਕੁਲਵੰਤ ਸਿੰਘ ਮੰਨਣ, ਸ. ਜਗਸੀਰ ਸਿੰਘ ਮਾਂਗੇਆਣਾ, ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਪਰਮਜੀਤ ਸਿੰਘ ਸਰੋਆ, ਸ. ਜਸਵਿੰਦਰ ਸਿੰਘ ਦੀਨਪੁਰ ਮੈਨੇਜਰ, ਸ. ਜਗਜੀਤ ਸਿੰਘ ਜੱਗੀ, ਸ. ਦਰਸ਼ਨ ਸਿੰਘ ਪੀ.ਏ., ਸ. ਪ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ, ਸ. ਨਵਇੰਦਰਪ੍ਰੀਤ ਸਿੰਘ, ਸ. ਗੁਰਮੀਤ ਸਿੰਘ ਸੈਣੀ, ਸ. ਗੁਰਦੀਪ ਸਿੰਘ ਭਾਟੀਆ, ਸ. ਪ੍ਰਿਤਪਾਲ ਸਿੰਘ ਭਾਟੀਆ ਇੰਦੌਰ, ਸ. ਅਮਰਜੀਤ ਸਿੰਘ ਬੱਗਾ ਪ੍ਰਧਾਨ ਗੁਰਦੁਆਰਾ ਸਾਹਿਬ ਇੰਦੌਰ, ਸ. ਅਮਰਜੀਤ ਸਿੰਘ ਭਾਟੀਆ ਸਕੱਤਰ, ਸ. ਸੁਰਿੰਦਰਪਾਲ ਸਿੰਘ ਤੇ ਸ. ਇੰਦਰਪਾਲ ਸਿੰਘ ਸਮੇਤ ਸੰਗਤਾਂ ਮੌਜੂਦ ਸਨ।