ਭੋਪਾਲ ਵਿਖੇ ਗੁਰਮਤਿ ਸਮਾਗਮ ਵਿਚ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, ੨੮ ਮਾਰਚ –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਲੰਘੇ ਸੋਮਵਾਰ ਨੂੰ ਭੋਪਾਲ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਸਿਕਲੀਗਰ ਸਿੱਖਾਂ ਵੱਲੋਂ ਕਰਵਾਏ ਗਏ ਇਕ ਸਮਾਗਮ ਵਿਚ ਪਹੁੰਚ ਕੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦਾ ਅਹਿਮ ਅੰਗ ਸਿਕਲੀਗਰ ਸਿੱਖਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਦਾ ਖ਼ਰਚਾ ਸ਼੍ਰੋਮਣੀ ਕਮੇਟੀ ਵੱਲੋਂ ਚੁੱਕਿਆ ਗਿਆ ਹੈ ਅਤੇ ਬੱਚੀਆਂ ਲਈ ਵੀ ਕਿੱਤਾਮੁਖੀ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕਾਰਜ ਕਰਦੀ ਰਹੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨਾਲ ਗਏ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭੋਪਾਲ ਦੇ ਗੁਰਦੁਆਰਾ ਗੁਰੂ ਨਾਨਕ ਟੇਕਰੀ ਸਾਹਿਬ ਵਿਖੇ ਨਵੇਂ ਬਣੇ ਏਅਰ ਕੰਡੀਸ਼ਨ ਹਾਲ ਦਾ ਉਦਘਾਟਨ ਕੀਤਾ ਅਤੇ ਇਸਦੇ ਨਾਲ ਹੀ ਗੁਰੂ ਨਾਨਕ ਫ੍ਰੀ ਮੋਦੀ ਖਾਨਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਇਥੇ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੇ ਇਕ ਅਜਾਇਬ ਘਰ ਦਾ ਉਦਘਾਟਨ ਵੀ ਕੀਤਾ। ਇਸ ਤੋਂ ਇਲਾਵਾ ਭਾਈ ਲੌਂਗੋਵਾਲ ਨੇ ਗੁਰੂ ਨਾਨਕਸਰ ਸਾਹਿਬ ਹਮੀਦੀਆ ਰੋਡ ਵਿਖੇ ਲਾਇਬ੍ਰੇਰੀ ਅਤੇ ਗੁਰੂ ਨਾਨਕ ਨਿਵਾਸ ਨੂੰ ਵੀ ਸੰਗਤ ਅਰਪਣ ਕੀਤਾ। ਭੋਪਾਲ ਪਹੁੰਚਣ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਸਿੰਘ ਸਭਾਵਾਂ ਦੇ ਪ੍ਰਧਾਨ ਗਿਆਨੀ ਦਲੀਪ ਸਿੰਘ ਨੇ ਧੰਨਵਾਦ ਕੀਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਅਤੇ ਲੋਕ ਭਲਾਈ ਦੀਆਂ ਸੇਵਾਵਾਂ ਲਈ ਪ੍ਰਸ਼ੰਸਾ ਕੀਤੀ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ, ਸ. ਦਰਸ਼ਨ ਸਿੰਘ ਪੀ.ਏ., ਸ. ਸੁਖਜਿੰਦਰ ਸਿੰਘ ਐਕਸੀਅਨ, ਗਿਆਨੀ ਦਲੀਪ ਸਿੰਘ, ਸ. ਅਮਰੀਕ ਸਿੰਘ, ਸ. ਮਨਜੀਤ ਸਿੰਘ, ਸ. ਸੁਰਜੀਤ ਸਿੰਘ, ਸ. ਗੁਰਵੇਲ ਸਿੰਘ, ਸ. ਕੁਲਬੀਰ ਸਿੰਘ, ਸ. ਪਰਮਜੀਤ ਸਿੰਘ, ਸ. ਗੁਰਮੀਤ ਸਿੰਘ ਆਦਿ ਮੌਜੂਦ ਸਨ।