ਮ੍ਰਿਤਕ ਸਿੱਖ ਨੂੰ 2 ਲੱਖ ਰੁਪਏ ਤੇ ਜ਼ਖ਼ਮੀਆਂ ਲਈ 25-25 ਹਜ਼ਾਰ ਰੁਪਏ ਦਾ ਕੀਤਾ ਐਲਾਨ

ਪਟਿਆਲਾ, 25 ਮਾਰਚ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਕੈਥਲ ਜ਼ਿਲ੍ਹੇ ’ਚ ਪੈਂਦੇ ਪਿੰਡ ਬਦਸੂਈ ਵਿਖੇ ਦੰਗਾਕਾਰੀਆਂ ਵੱਲੋਂ ਗੁਰਦੁਆਰਾ ਸਾਹਿਬ ’ਤੇ ਕੀਤੇ ਹਮਲੇ ਦੌਰਾਨ ਮਾਰੇ ਗਏ ਸਿੱਖ ਸ: ਸ਼ਮਸ਼ੇਰ ਸਿੰਘ ਦੇ ਪੀੜਤ ਪਰਿਵਾਰ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 25-25 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਭਾਈ ਲੌਂਗੋਵਾਲ ਇਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ਼ ਜ਼ਖ਼ਮੀਆਂ ਦਾ ਪਤਾ ਲੈਣ ਲਈ ਪੁੱਜੇ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਰਿਆਣਾ ਵਿਖੇ ਵਾਪਰੀ ਘਟਨਾ ਅਤਿਅੰਤ ਨਿੰਦਣਯੋਗ ਹੈ ਅਤੇ ਹਰਿਆਣਾ ਸਰਕਾਰ ਨੂੰ ਇਸ ਘਟਨਾ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਪੀੜਤ ਸਿੱਖਾਂ ਦੇ ਨਾਲ ਹਮਦਰਦੀ ਪ੍ਰਗਟ ਕਰਦੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਮਾਰੇ ਗਏ ਇੱਕ ਸਿੱਖ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ 2 ਲੱਖ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਜ਼ਖ਼ਮੀਆਂ ਦੇ ਇਲਾਜ਼ ਲਈ ਵੀ 25-25 ਹਜ਼ਾਰ ਰੁਪਏ ਦੀ ਆਰਥਿਕ ਮੱਦਦ ਕੀਤੀ ਜਾਵੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਦੇਸ਼ ਭਰ ਅੰਦਰ ਘਟਗਿਣਤੀਆਂ ’ਤੇ ਲਗਾਤਾਰ ਹਮਲੇ ਹੋ ਰਹੇ ਹਨ, ਜਿਸ ਨੂੰ ਰੋਕਣ ਲਈ ਸਰਕਾਰਾਂ ਨੂੰ ਸਖ਼ਤੀ ਵਰਤਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਘਟਨਾ ਲਈ ਜ਼ੁੰਮੇਵਾਰਾਂ ਨੂੰ ਸਜ਼ਾਵਾਂ ਵਿਚ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਪੀੜਤਾਂ ਨੂੰ ਕਾਨੂੰਨੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਸਬੰਧੀ ਮੁਕੰਮਲ ਤੱਥ ਜਾਣਨ ਲਈ ਪੜਤਾਲ ਕਰਵਾਈ ਜਾ ਰਹੀ ਹੈ ਤਾਂ ਜੋ ਸਥਾਨਕ ਸਿੱਖਾਂ ਦੀ ਮੱਦਦ ਲਈ ਕਾਰਵਾਈ ਕੀਤੀ ਜਾ ਸਕੇ।