ਅੰਮ੍ਰਿਤਸਰ 11 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ ੫੪੭ ਅਨੁਸਾਰ ੧ ਚੇਤ (੧੪ ਮਾਰਚ ੨੦੧੫) ਨੂੰ ਖਾਲਸਾ ਪੰਥ ਦਾ ਨਵਾਂ ਸਾਲ ਸ਼ੁਰੂ ਹੋ ਰਿਹਾ ਹੈ ਨਾਨਕਸ਼ਾਹੀ ਸੰਮਤ ੧ ਚੇਤ ਦੀ ਆਮਦ ਸਬੰਧੀ ੧੩ ਮਾਰਚ ਦੀ ਰਾਤ ਨੂੰ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ  ਕਰਵਾਏ ਜਾ ਰਹੇ ਇਸ ਗੁਰਮਤਿ  ਸਮਾਗਮ ਮੌਕੇ ਪੰਥ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਸਿੱਖ ਰਹੁ ਰੀਤਾਂ ਅਨੁਸਾਰ ਨਵੇਂ ਵਰ੍ਹੇ ਨੂੰ ‘ਜੀ ਆਇਆਂ’ ਕਹਿਣ ਲਈ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਦੇ ਦਰਸ਼ਨ ਕਰਨਗੇ।
ਉਨ੍ਹਾਂ ਦੱਸਿਆ ਕਿ ਇਹ ਸਮਾਗਮ ਰਾਤ ੭ ਵਜੇ ਸ਼ੁਰੂ ਹੋਵੇਗਾ ਜੋ ਦੇਰ ਰਾਤ ੧੨.੩੦ ਵਜੇ ਤੀਕ ਚੱਲੇਗਾ।ਇਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਭਾਈ ਰਾਏ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਗੁਰਕੀਰਤ ਸਿੰਘ, ਭਾਈ ਕਰਨੈਲ ਸਿੰਘ ਤੇ ਭਾਈ ਹਰਪ੍ਰੀਤ ਸਿੰਘ ਦੇ ਜਥਿਆਂ ਵੱਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਸੰਗਤਾਂ ਨੂੰ ਅਪੀਲ ਹੈ ਕਿ ਨਵੇਂ ਸਾਲ ਦੀ ਆਮਦ ਸਬੰਧੀ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੋ ਰਹੇ ਮਹਾਨ ਗੁਰਮਤਿ-ਸਮਾਗਮ ਮੌਕੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।