30 ਸਕੂਲਾਂ ਦੇ ਬੱਚਿਆਂ ਨੇ ਵੱਖ-ਵੱਖ ਧਾਰਮਿਕ ਮੁਕਾਬਲਿਆਂ ਦੌਰਾਨ ਕੀਤਾ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ
ਸਮਾਜਿਕ ਕੁਰੀਤੀਆਂ ਤੋਂ ਬਚਣ ਲਈ ਗੁਰਬਾਣੀ ਨੂੰ ਅਮਲੀ ਰੂਪ ਵਿਚ ਅਪਣਾਉਣਾ ਜ਼ਰੂਰੀ-ਪ੍ਰੋ. ਕਿਰਪਾਲ ਸਿੰਘ ਬਡੂੰਗਰ

ਅੰਮ੍ਰਿਤਸਰ, 3 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜਤ ਸਿੰਘ ਭਿੱਟੇਵੱਡ ਦੇ ਯਤਨਾਂ ਨਾਲ ਛੇਵੇਂ ਪਾਤਸ਼ਾਹ ਜੀ ਨਾਲ ਸੰਬੰਧਤ ਗੁਰਦੁਆਰਾ ਗੁਰੂਸਰ ਬਰਾੜ ਵਿਖੇ ਕਰਵਾਏ ਗਏ ਇੱਕ ਵਿਸ਼ਾਲ ਗੁਰਮਤਿ ਸਮਾਗਮ ਸਮੇਂ ਸਕੂਲੀ ਬੱਚਿਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਸੁੰਦਰ ਦਸਤਾਰ, ਸੁੰਦਰ ਦਮਾਲਾ, ਗੁਰਬਾਣੀ ਕੰਠ, ਧਾਰਮਿਕ ਕਵਿਤਾ, ਕਵੀਸ਼ਰੀ ਅਤੇ ਲੈਕਚਰ ਮੁਕਾਬਲੇ ਵਿਸ਼ੇਸ਼ ਸਨ। ਇਸ ਮੌਕੇ ਉਚੇਚੇ ਤੌਰ ‘ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਅਤੇ ਖ਼ਾਸਕਰ ਸਕੂਲੀ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਨੌਜੁਆਨ ਪੀੜ੍ਹੀ ਨੂੰ ਸਮਾਜ ਅੰਦਰ ਫੈਲੀਆਂ ਕੁਰੀਤੀਆਂ ਤੋਂ ਬਚਾਅ ਕੇ ਰੱਖਣਾ ਅੱਜ ਦੀ ਵੱਡੀ ਚੁਣੌਤੀ ਹੈ, ਜਿਸ ਵਿੱਚੋਂ ਜੇਤੂ ਬਣ ਕੇ ਨਿਕਲਣ ਲਈ ਸਿੱਖ ਸੰਸਥਾਵਾਂ, ਮਾਪੇ ਅਤੇ ਵਿਦਿਅਕ ਅਦਾਰੇ ਵੱਡਾ ਯੋਗਦਾਨ ਪਾ ਸਕਦੇ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਦਾਜ, ਭਰੂਣ ਹੱਤਿਆਂ, ਨਸ਼ੇ, ਰਿਸ਼ਵਤਖੋਰੀ, ਆਪਣੀ ਵੈਰ-ਵਿਰੋਧ ਤੋਂ ਬਚਣ ਲਈ ਗੁਰਮਤਿ ਦੀ ਵਿਚਾਰਧਾਰਾ ਸੁਚੱਜਾ ਜੀਵਨ ਰਾਹ ਦਿਖਾਉਂਦੀ ਹੈ। ਇਸ ਲਈ ਸਾਨੂੰ ਗੁਰਬਾਣੀ ਨੂੰ ਆਪਣੇ ਜੀਵਨ ਅੰਦਰ ਅਮਲੀ ਰੂਪ ਵਿਚ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਸ. ਸੁਰਜੀਤ ਸਿੰਘ ਭਿੱਟੇਵੱਡ ਵੱਲੋਂ ਹਲਕੇ ਦੇ ਸਕੂਲੀ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਕੀਤੇ ਉਪਰਾਲੇ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਨਿਰ-ਸੰਦੇਹ ਇਸ ਦੇ ਸਾਰਥਿਕ ਨਤੀਜੇ ਨਿਕਲਣਗੇ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਸ. ਵੀਰ ਸਿੰਘ ਲੋਪੋਕੇ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਮੇਤ ਭਾਰਤ ਦੇ ਹੋਰਨਾਂ ਸੂਬਿਆਂ ਵਿਚ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਇਕ ਚੰਗਾ ਉਪਰਾਲਾ ਹੈ ਜੋ ਸੰਗਤਾਂ ਨੂੰ ਆਪਣੇ ਧਰਮ ਪ੍ਰਤੀ ਜਾਗ੍ਰਿਤ ਕਰਨ ਲਈ ਇਤਿਹਾਸਕ ਸਿੱਧ ਹੋਵੇਗੀ। ਉਨ੍ਹਾਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਉਨ੍ਹਾਂ ਦੇ ਹਲਕੇ ਵਿਚ ਪੁੱਜਣ ਲਈ ਵਿਸ਼ੇਸ਼ ਧੰਨਵਾਦ ਕੀਤਾ ਅਤੇ ਧਰਮ ਪ੍ਰਚਾਰ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਵਿਚ ਸਹਿਯੋਗ ਕਰਨ ਦੀ ਵਚਨਬੱਧਤਾ ਦਾ ਪ੍ਰਗਟਾਵਾ ਵੀ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਤੇ ਸਮਾਗਮ ਆਯੋਜਿਤ ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਜੀ ਆਇਆਂ ਆਖਦਿਆਂ ਹਲਕੇ ਵਿਚ ਕੀਤੇ ਜਾ ਰਹੇ ਧਰਮ ਪ੍ਰਚਾਰ ਦੇ ਕਾਰਜਾਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆਂ ਕਿ ਹਲਕੇ ਦੇ ੩੦ ਸਕੂਲਾਂ ਦੇ ਵਿਦਿਆਰਥੀਆਂ ਨੇ ਅੱਜ ਦੇ ਧਾਰਮਿਕ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ ਹੈ।
ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ। ਇਸ ਤੋਂ ਇਲਾਵਾ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਵੀ ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗੰ੍ਰਥੀ ਗਿਆਨੀ ਜਗਤਾਰ ਸਿੰਘ, ਸ. ਵੀਰ ਸਿੰਘ ਲੋਪੋਕੇ, ਸ. ਸੁਰਜੀਤ ਸਿੰਘ ਭਿੱਟੇਵੱਡੇ, ਬੀਬੀ ਬਲਵਿੰਦਰ ਕੌਰ ਲੋਪੋਕੇ ਵੱਲੋਂ ਸਨਮਾਨਿਤ ਕੀਤਾ ਗਿਆ। ਵੱਖ-ਵੱਖ ਧਾਰਮਿਕ ਮੁਕਾਬਲਿਆਂ ਵਿਚ ਅਵੱਲ ਆਏ ਬੱਚਿਆਂ ਨੂੰ ਵੀ ਸਨਮਾਨ ਚਿੰਨ੍ਹ ਅਤੇ ਨਕਦ ਇਨਾਮ ਦੇ ਕੇ ਸਨਮਾਨਿਆ ਗਿਆ।
ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਬਲਵਿੰਦਰ ਕੌਰ ਲੋਪੋਕੇ, ਬਾਬਾ ਸਤਨਾਮ ਸਿੰਘ ਗੁਰੂ ਕਾ ਬਾਗ਼, ਬਾਬਾ ਹਰੀਦੇਵ ਸਿੰਘ ਈਸਾਪੁਰ, ਬਾਬਾ ਚਰਨ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਐਡੀ: ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਪ੍ਰਿੰਸੀਪਲ ਬਲਦੇਵ ਸਿੰਘ, ਸ. ਜਗਤਾਰ ਸਿੰਘ ਮੈਨੇਜਰ ਗੁਰਦੁਆਰਾ ਛੇਹਰਟਾ ਸਾਹਿਬ, ਸ. ਜਤਿੰਦਰਪਾਲ ਸਿੰਘ, ਸ. ਅਜੀਤ ਸਿੰਘ ਮੈਨੇਜਰ ਗੁਰਦੁਆਰਾ ਗੁਰੂਸਰ ਬਰਾੜ, ਪ੍ਰਚਾਰਕ ਭਾਈ ਪ੍ਰਮਿੰਦਰ ਸਿੰਘ, ਭਾਈ ਤਰਸੇਮ ਸਿੰਘ, ਭਾਈ ਮਨਦੀਪ ਸਿੰਘ ਆਦਿ ਹਾਜ਼ਰ ਸਨ।