ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਦੇ ਤਿੰਨ ਸਾਬਕਾ ਮੁਲਾਜ਼ਮ ਕੀਤੇ ਜਾਣਗੇ ਸਨਮਾਨਿਤ

ਅੰਮ੍ਰਿਤਸਰ, ੧੪ ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਹਰ ਸਾਲ ਦੀ ਤਰ੍ਹਾਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਇਆ। ਦੱਸਣਯੋਗ ਹੈ ਕਿ ਬੀਤੇ ਸਾਲ ਤੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਰਦਾਸ ਅਤੇ ਪਾਵਨ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਕਥਾਵਾਚਕ ਨੇ ਲਿਆ।
ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸਿੱਖ ਕੌਮ ਦੀ ਮਹਾਨ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਸ ਨੇ ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਕੌਮ ਨੂੰ ਸੰਗਠਤ ਕਰਨ ਲਈ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਇਸ ਮਹਾਨ ਸੰਸਥਾ ਵੱਲੋਂ ਜਿਥੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਪੰਥਕ ਮਰਿਯਾਦਾ ਅਨੁਸਾਰ ਸੇਵਾ-ਸੰਭਾਲ ਕੀਤੀ ਜਾਂਦੀ ਹੈ, ਉਥੇ ਹੀ ੧੨੫ ਦੇ ਲਗਭਗ ਮੈਡੀਕਲ, ਇੰਜੀਨੀਅਰਿੰਗ ਤੇ ਵਿਦਿਅਕ ਅਦਾਰੇ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਸਥਾਪਨਾ ਦਿਵਸ ਸਬੰਧੀ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ੧੬ ਨਵੰਬਰ ਨੂੰ ਪਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਇਸ ਦਿਨ ਤਿੰਨ ਸਾਬਕਾ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਬੇਹਤਰ ਸੇਵਾਵਾਂ ਬਦਲੇ ਸਨਮਾਨਿਤ ਵੀ ਕੀਤਾ ਜਾਵੇਗਾ। ਸਨਮਾਨਿਤ ਕੀਤੇ ਜਾਣ ਵਾਲੇ ਇਨ੍ਹਾਂ ਮੁਲਾਜ਼ਮਾਂ ਵਿਚ ਸਾਬਕਾ ਮੀਤ ਸਕੱਤਰ ਗੁਰਬਚਨ ਸਿੰਘ ਚਾਂਦ, ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੈਨੇਜਰ ਸ. ਦਿਆਲ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਸੇਵਾਦਾਰ ਸ. ਸਵਰਨ ਸਿੰਘ ਸ਼ਾਮਲ ਕੀਤੇ ਗਏ ਹਨ।
ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ. ਨਿਸ਼ਾਨ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸੁਲੱਖਣ ਸਿੰਘ ਭੰਗਾਲੀ, ਸ. ਤੇਜਿੰਦਰ ਸਿੰਘ ਪੱਡਾ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਸਤਿੰਦਰ ਸਿੰਘ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਬੀਬੀ ਸਤਵੰਤ ਕੌਰ ਸਹਾਇਕ ਡਾਇਰੈਕਟਰ ਵਿੱਦਿਆ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੁਲਾਜ਼ਮ ਹਾਜ਼ਰ ਸਨ।