ਦੇਸ਼-ਵਿਦੇਸ਼ ਦੀ ਸੰਗਤ ਹੁਣ ਘਰ ਬੈਠੇ ਹੀ ਆਨਲਾਈਨ ਕਮਰਾ ਬੁੱਕ ਕਰਵਾ ਸਕੇਗੀ –ਪ੍ਰੋ: ਕਿਰਪਾਲ ਸਿੰਘ ਬਡੂੰਗਰ

ਅੰਮ੍ਰਿਤਸਰ, 5 ਮਾਰਚ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਪੁੱਜਦੀ ਸੰਗਤ ਦੀ ਰਿਹਾਇਸ਼ ਲਈ ਸਰਾਵਾਂ ਦੀ ਆਨਲਾਈਨ ਬੁਕਿੰਗ ਦਾ ਉਦਘਾਟਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਕਰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਉਦਘਾਟਨ ਉਪਰੰਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸਾਹਿਬ ਨੇ ਕਿਹਾ ਕਿ ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ਹੋਇਆਂ ਸਰਾਵਾਂ ਬੁਕਿੰਗ ਦੀ ਆਨਲਾਈਨ ਪ੍ਰਕਿਰਿਆ ਨੂੰ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਮਰਾ ਬੁੱਕ ਕਰਨ ਦੀ ਆਨਲਾਈਨ ਪ੍ਰਕਿਰਿਆ ਦੇ ਪਹਿਲੇ ਪੜਾਅ ਤਹਿਤ ਅੱਜ ਮਾਤਾ ਗੰਗਾ ਜੀ ਨਿਵਾਸ ਦੀ ਬੁਕਿੰਗ ਨੂੰ ਆਨਲਾਈਨ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਦੇਸ਼-ਵਿਦੇਸ਼ ਤੋਂ ਪੁੱਜਦੀ ਸੰਗਤ ਹੁਣ ਇਸ ਸੁਵਿਧਾ ਰਾਹੀਂ ਘਰ ਬੈਠੇ ਹੀ ਕਮਰਾ ਬੁੱਕ ਕਰਵਾ ਸਕੇਗੀ।

ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਗਲੇ ਪੜਾਅ ਵਿਚ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਬਾਕੀ ਸਰਾਵਾਂ ਨੂੰ ਵੀ ਆਨਲਾਈਨ ਕੀਤਾ ਜਾਵੇਗਾ। ਬਾਅਦ ਵਿਚ ਇਹ ਸਹੂਲਤ ਤਖ਼ਤ ਸਾਹਿਬਾਨ ਦੇ ਨਿਵਾਸਾਂ ਵਿਚ ਵੀ ਸ਼ੁਰੂ ਕੀਤੀ ਜਾਵੇਗੀ। ਅੱਜ ਆਰੰਭ ਕੀਤੀ ਗਈ ਆਨਲਾਈਨ ਸੁਵਿਧਾ ਸਬੰਧੀ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਨੂੰ ਬੁਕਿੰਗ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈੱਬਸਾਈਟ www.sgpc.net ਜਾਂ www.sgpcsarai.com ਤੇ ਜਾ ਕੇ ਕਮਰਾ ਬੁੱਕ ਕਰਨ ਲਈ ਆਪਣਾ ਨਾਮ, ਪੂਰਾ ਪਤਾ, ਮੋਬਾਈਲ ਨੰਬਰ, ਈ-ਮੇਲ ਐਡਰੈਸ ਭਰਨ ਉਪਰੰਤ ਆਪਣਾ ਸ਼ਨਾਖਤੀ ਕਾਰਡ ਅਪਲੋਡ ਕਰਨਾ ਹੋਵੇਗਾ। ਸ਼ਨਾਖਤ ਲਈ ਅਧਾਰ ਕਾਰਡ, ਵੋਟਰ ਆਈ.ਡੀ. ਜਾਂ ਪਾਸਪੋਰਟ ਹੀ ਪ੍ਰਵਾਨਿਤ ਹੋਣਗੇ। ਉਨ੍ਹਾਂ ਦੱਸਿਆ ਕਿ ਸ਼ਰਧਾਲੂ ਕੇਵਲ 2 ਰਾਤਾਂ ਲਈ ਕਮਰਾ ਬੁੱਕ ਕਰਵਾ ਸਕਣਗੇ। ਘੱਟੋ-ਘੱਟੋ 2 ਵਿਅਕਤੀਆਂ ਦੇ ਰਹਿਣ ਦੀ ਸੂਰਤ ਵਿਚ ਹੀ ਕਮਰਾ ਬੁੱਕ ਹੋ ਸਕੇਗਾ। ਅਦਾਇਗੀ ਕੇਵਲ ਆਨਲਾਈਨ ਤੌਰ ‘ਤੇ ਹੀ ਸਵੀਕਾਰ ਹੋਵੇਗੀ ਜੋ ਕ੍ਰੈਡਿਟ ਕਾਰਡ, ਡੈਬਿਟ ਕਾਰਡ ਜਾਂ ਨੈੱਟਬੈਂਕਿੰਗ ਰਾਹੀਂ ਕੀਤੀ ਜਾ ਸਕੇਗੀ। ਇਸ ਸਬੰਧੀ ਮੁਕੰਮਲ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈੱਬਸਾਈਟ ਤੋਂ ਪਾ ਦਿੱਤੀ ਗਈ ਹੈ।

ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿਥੇ ਧਰਮ ਪ੍ਰਚਾਰ, ਸਿੱਖਿਆ ਅਤੇ ਸਿਹਤ ਸਹੂਲਤਾਂ ਲਈ ਕਾਰਜਸ਼ੀਲ ਹੈ ਉਥੇ ਇਸਦੇ ਨਾਲ ਹੀ ਸਮਾਜ ਨੂੰ ਦਰਪੇਸ਼ ਚੁਣੌਤੀਆਂ ਦੇ ਵਿਰੁੱਧ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਇਸ ਸਬੰਧ ਵਿਚ ਵਾਤਾਵਰਨ ਦਾ ਖਾਸ ਤੌਰ ‘ਤੇ ਜ਼ਿਕਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਵੱਡੇ ਪੱਧਰ ‘ਤੇ ਰੁੱਖ ਲਗਾਏ ਜਾਣਗੇ। ਉਨ੍ਹਾਂ ਹੋਰ ਵਿਸਥਾਰ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਵਿਦਿਅਕ ਅਦਾਰਿਆਂ ਵਿਚ ਵਾਤਾਵਰਨ ਦੀ ਸ਼ੁੱਧਤਾ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸੈਮੀਨਾਰ ਆਯੋਜਿਤ ਕੀਤੇ ਜਾਣਗੇ।

ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਤੇ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਅਜਾਇਬ ਸਿੰਘ ਅਭਿਆਸੀ, ਬਾਬਾ ਦਲਜੀਤ ਸਿੰਘ ਸ਼ਿਕਾਗੋ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ, ਐਡੀ: ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਬਿਜੈ ਸਿੰਘ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ. ਸਕੱਤਰ ਸਿੰਘ, ਸ. ਜਗਜੀਤ ਸਿੰਘ, ਸ. ਹਰਿੰਦਰਪਾਲ ਸਿੰਘ ਤੇ ਸ. ਹਰਜਿੰਦਰ ਸਿੰਘ ਕੈਰੋਂਵਾਲ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਿੰਦਰ ਸਿੰਘ ਤੇ ਸ. ਰਘਬੀਰ ਸਿੰਘ ਮੰਡ, ਐਡੀ:ਮੈਨੇਜਰ ਸ. ਲਖਵਿੰਦਰ ਸਿੰਘ, ਸ. ਲਖਬੀਰ ਸਿੰਘ, ਸ. ਹਰਪ੍ਰੀਤ ਸਿੰਘ ਤੇ ਸ. ਸੁਖਰਾਜ ਸਿੰਘ, ਸ. ਜਸਪਾਲ ਸਿੰਘ ਸਿਸਟਮ ਐਡਮਿਨਿਸਟ੍ਰੇਟਰ ਇੰਟਰਨੈਟ ਵਿਭਾਗ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਆਦਿ ਹਾਜ਼ਰ ਸਨ।