444ਸ਼੍ਰੋਮਣੀ ਕਮੇਟੀ ਨੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ 3 ਦਸੰਬਰ- (      ) ਸਿੱਖ ਕੌਮ ਦੇ ਮਹਾਨ ਸੂਰਬੀਰ ਯੋਧੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਇਕ ਨਵੇਂ ਇਤਿਹਾਸ ਦੀ ਸਿਰਜਨਾ ਕਰਦੀ ਹੈ।ਜਿਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰ ਅਜਮਤ ਨੂੰ ਬਹਾਲ ਰੱਖਣ ਲਈ ਤੇ ਗੁਰ ਅਸਥਾਨ ਤੇ ਹਮਲਾ ਕਰਨ ਵਾਲੇ ਅਫਗਾਨੀ ਹਮਲਾਵਰ ਅਹਿਮਦ ਸ਼ਾਹ ਅਬਦਾਲੀ ਵੱਲੋਂ ਭੇਜੀ ਗਈ ੩੦ ਹਜ਼ਾਰ ਦੀ ਫੌਜ ਦਾ ਆਪਣੇ ੩੦ ਸੂਰਬੀਰ ਸਿੰਘਾਂ ਨਾਲ ਡੱਟ ਕੇ ਮੁਕਾਬਲਾ ਕਰਦਿਆਂ ਸ਼ਹਾਦਤ ਨੂੰ ਪ੍ਰਾਪਤ ਕੀਤਾ ਅਤੇ ਸੂਰਬੀਰਤਾ ਦੀ ਅਨੋਖੀ ਮਿਸਾਲ ਕਾਇਮ ਕਰਦਿਆਂ ਇਕ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦੇ ਸ਼ਹੀਦੀ ਅਸਥਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕੌਮ ਦੇ ਮਹਾਨ ਸੂਰਬੀਰ ਯੋਧੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦੇ ਮਨਾਏ ਗਏ ਸ਼ਹੀਦੀ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਨੇ ਕਿਹਾ ਕਿ ਸ਼ਹੀਦ ਕੌਮ ਦਾ ਵੱਡਮੁੱਲਾ ਸਰਮਾਇਆ ਹੁੰਦੇ ਹਨ, ਖਾਸ ਕਰਕੇ ਸਿੱਖ ਕੌਮ ਦੀ ਬੁਨਿਆਦ ਹੀ ਸ਼ਹੀਦਾਂ ਦੇ ਡੁੱਲ੍ਹੇ ਖੂਨ ਉਪਰ ਰੱਖੀ ਗਈ ਹੈ।ਜਿਸ ਸਦਕਾ ਸਿੱਖ ਕੌਮ ਦੀ ਅਣਖ, ਗੈਰਤ, ਚੜ੍ਹਦੀ ਕਲਾ ਤੇ ਪਵਿੱਤਰ ਗੁਰਧਾਮਾਂ ਦੀ ਰਾਖੀ ਕਰਨ ਅਤੇ ਗੁਰ-ਮਰਯਾਦਾ ਨੂੰ ਬਹਾਲ ਰੱਖਣ ਵਾਲੇ ਸਮੂਹ ਸ਼ਹੀਦ ਸਿੰਘ ਸੂਰਮਿਆਂ ਦੀਆਂ ਕੁਰਬਾਨੀਆਂ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹਨ।ਉਨ੍ਹਾਂ ਨੇ ਆਪਣੀ ਜੋਸ਼ੀਲੀ ਤਕਰੀਰ ਵਿੱਚ ਕਿਹਾ ਕਿ ਮੌਜੂਦਾ ਸਮੇਂ ਅੰਦਰ ਸਮੁੱਚੀ ਕੌਮ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਤੋਂ ਪ੍ਰੇਰਨਾ ਲੈ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਣੇ ਤਾਂ ਹੀ ਸਿੱਖੀ ਦੀ ਫੁਲਵਾੜੀ ਸਮੁੱਚੇ ਸੰਸਾਰ ਅੰਦਰ ਹੋਰ ਪ੍ਰਫੁੱਲਿਤ ਹੋ ਸਕੇਗੀ।ਇਸ ਤੋਂ ਪਹਿਲਾ ਬੜੀ ਸ਼ਰਧਾ ਤੇ ਭਾਵਨਾ ਨਾਲ ਆਯੋਜਿਤ ਕੀਤੇ ਗਏ ਸਮਾਗਮ ਮੌਕੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਦੇ ਜਥੇ ਵੱਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਅਰਦਾਸੀਏ ਨੇ ਕੀਤੀ ਅਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
 ਇਸ ਮੌਕੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸ. ਹਰਜਿੰਦਰ ਸਿੰਘ ਭੂਰਾਕੋਹਨਾ, ਸ. ਸਤਨਾਮ ਸਿੰਘ ਮਾਗਾਂਸਰਾਏ ਤੇ ਸ. ਬਘੇਲ ਸਿੰਘ ਵਧੀਕ ਮੈਨੇਜਰ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਤੇ ਸੰਗਤਾਂ ਹਾਜ਼ਰ ਸਨ।