ਅੰਮ੍ਰਿਤਸਰ 31 ਮਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਅਤੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਅਤੇ ਭੁਜੰਗੀਆਂ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਰ ਸਾਲ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਕੇ ੬ ਜੂਨ ਨੂੰ ਭੋਗ ਪਾਏ ਜਾਣਗੇ।

ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦੁਨੀਆਂ ਦੇ ਇਤਿਹਾਸ ‘ਚ ਇਹ ਪਹਿਲੀ ਵਾਰ ਹੋਇਆ ਸੀ ਕਿ ਸਮੇਂ ਦੀ ਸਰਕਾਰ ਵੱਲੋਂ ਬਿਨਾਂ ਕਿਸੇ ਕਸੂਰ ਦੇ ਕਿਸੇ ਧਰਮ ਦੇ ਇਤਿਹਾਸਕ ਅਸਥਾਨ ‘ਤੇ ਟੈਕਾਂ, ਤੋਪਾਂ ਨਾਲ ਹਮਲਾ ਕਰਕੇ ਦਰਸ਼ਨਾਂ ਨੂੰ ਆਈਆਂ ਸੈਂਕੜੇ ਦੀ ਤਾਦਾਦ ‘ਚ ਸੰਗਤਾਂ ਦੀਆਂ ਜਾਨਾਂ ਲਈਆਂ ਗਈਆਂ। ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ 6 ਜੂਨ ਘੱਲੂਘਾਰਾ ਦਿਵਸ ਵਜੋਂ ਮਨਾਉਂਦਿਆਂ ਆਪਣੇ ਸ਼ਹੀਦਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਗੁਰੂ ਮਹਾਰਾਜ ਅੱਗੇ ਅਰਦਾਸ ਬੇਨਤੀ ਕਰਨ। ਉਥੇ ਹੀ ਅੱਜ ਸ਼੍ਰੋਮਣੀ ਕਮੇਟੀ ਦੇ ਸੈਕਸ਼ਨ-85 ਅਤੇ ਸੈਕਸ਼ਨ-87 ਅਧੀਨ ਆਉਂਦੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਵੀ ਲਿਖਤੀ ਪੱਤਰ ਭੇਜ ਕਿ ਕਿਹਾ ਹੈ ਕਿ ਉਹ ਹਰ ਸਾਲ ਦੀ ਤਰ੍ਹਾਂ ਇਨ੍ਹਾਂ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ 4 ਜੂਨ 2017 ਨੂੰ ਕਰਕੇ ਇਨ੍ਹਾਂ ਦੇ ਭੋਗ 6 ਜੂਨ 2017 ਨੂੰ ਪਾਉਣ ਉਪਰੰਤ ਅਰਦਾਸ ਸਮਾਗਮ ਕਰਕੇ ਸ਼ਹੀਦਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਜਾਵੇ ਅਤੇ ਇਸ ਦਿਹਾੜੇ ਨੂੰ ਘੱਲੂਘਾਰਾ ਦਿਵਸ ਵਜੋਂ ਮਨਾਇਆ ਜਾਵੇਗਾ।