ਅੰਮ੍ਰਿਤਸਰ, ੧੧ ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਹੋਰ ਧਾਰਮਿਕ ਜਥੇਬੰਦੀਆਂ ਅਤੇ ਸਭਾ-ਸੁਸਾਇਟੀਆਂ ਦੇ ਸਹਿਯੋਗ ਨਾਲ ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ੩੦੦ ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ੧੬ ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਬੰਧਤ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦਾ ੩੦੦ ਸਾਲਾ ਜਨਮ ਦਿਵਸ ੩ ਮਈ ਨੂੰ ਆ ਰਿਹਾ ਹੈ ਅਤੇ ਇਸ ਸਬੰਧੀ ੨੨ ਅਪ੍ਰੈਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਿੱਲੀ ਤੱਕ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਤੋਂ ਇਲਾਵਾ ੨੧ ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਗੁਰਮਤਿ ਸਮਾਗਮ ਹੋਵੇਗਾ। ਉਨ੍ਹਾਂ ਦੱਸਿਆ ਕਿ ਕਰਵਾਏ ਜਾਣ ਵਾਲੇ ਸਮਾਗਮ ਅਤੇ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾਂ ਕਰਨ ਲਈ ੧੬ ਅਪ੍ਰੈਲ ਨੂੰ ਇਕੱਤਰਤਾ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਇਕੱਤਰਤਾ ਵਿਚ ਨਗਰ ਕੀਰਤਨ ਦੇ ਰੂਟ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ, ਦਿੱਲੀ ਕਮੇਟੀ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਨੁਮਾਇੰਦਿਆਂ ਨੂੰ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੇ ਰਸਤੇ ਵਿਚ ਸਵਾਗਤ, ਲੰਗਰ ਆਦਿ ਦੇ ਪ੍ਰਬੰਧਾਂ ਸਬੰਧੀ ਸੰਗਤਾਂ ਨੂੰ ਪ੍ਰੇਰਤ ਕਰਨ ਲਈ ਇਸ ਇਕੱਤਰਤਾ ਵਿਚ ਵਿਉਂਤਬੰਦੀ ਕੀਤੀ ਜਾਵੇਗੀ, ਤਾਂ ਜੋ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ੩੦੦ ਸਾਲਾ ਜਨਮ ਸ਼ਤਾਬਦੀ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾ ਸਕੇ।