ਅੰਮ੍ਰਿਤਸਰ, 01 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਵੈਲਫੇਅਰ ਸੁਸਾਇਟੀ ਦੇ ਨੁਮਾਇੰਦਿਆਂ ਨੇ ਮੁਲਾਕਾਤ ਕਰਕੇ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੇ ੩ ਮਈ ੨੦੧੮ ਨੂੰ ਆ ਰਹੇ ੩੦੦ ਸਾਲਾ ਜਨਮ ਦਿਹਾੜੇ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਵਿਚਾਰ ਵਟਾਂਦਰਾ ਕੀਤਾ। ਸੁਸਾਇਟੀ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਕਿਹਾ ਕਿ ੩ ਮਈ ਨੂੰ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਦੇ ਨਜ਼ਦੀਕ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੇ ਅਸਥਾਨ ‘ਤੇ ਕਰਵਾਏ ਜਾਣ ਵਾਲੇ ਸਮਾਗਮਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਬੰਧਕੀ ਸਹਿਯੋਗ ਦਿੱਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਜਥੇਦਾਰ ਆਹਲੂਵਾਲੀਆ ਦੀ ੩੦੦ ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ, ਅੰਮ੍ਰਿਤਸਰ ਵਿਖੇ ੧ ਮਈ ਤੋਂ ੭ ਮਈ ਤੱਕ ਇਕ ਹਫ਼ਤੇ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਸੁਸਾਇਟੀ ਦੇ ਮੈਂਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਮਿਲੇ ਹਨ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੇ ੩੦੦ ਸਾਲਾ ਜਨਮ ਸ਼ਤਾਬਦੀ ਮੌਕੇ ਸੁਸਾਇਟੀ ਵੱਲੋਂ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਪੂਰਨ ਸਹਿਯੋਗ ਦੇਣ ਦੇ ਨਾਲ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਹੋਰ ਸਮਾਗਮ ਕਰਵਾਉਣ ਦਾ ਭਰੋਸਾ ਦਿੱਤਾ ਹੈ। ਡਾ. ਰੂਪ ਸਿੰਘ ਨੇ ਦੱਸਿਆ ਕਿ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਨ ਹਾਲ ਅੰਮ੍ਰਿਤਸਰ ਵਿਖੇ ੨੨ ਅਪ੍ਰੈਲ ਨੁੰ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਹਾਜ਼ਰੀ ਭਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ੨੩ ਅਪ੍ਰੈਲ ਨੁੰ ਗੁਰਦੁਆਰਾ ਮੰਜੀ ਸਾਹਿਬ ਤੋਂ ਦਿੱਲੀ ਤੱਕ ਸਜਾਏ ਜਾ ਰਹੇ ਇੱਕ ਵਿਸ਼ਾਲ ਨਗਰ ਕੀਰਤਨ ਵਿਚ ਵੀ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਹਿਯੋਗ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਮੁਲਾਕਾਤ ਕਰਨ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਜਥੇਦਾਰ ਪ੍ਰਦੀਪ ਸਿੰਘ ਵਾਲੀਆ ਸੂਬਾ ਪ੍ਰਧਾਨ ਸੁਲਤਾਨ-ਉਲ-ਕੌਮ ਜੱਸਾ ਸਿੰਘ ਆਹਲੂਵਾਲੀਆ ਵੈਲਫੇਅਰ ਸੁਸਾਇਟੀ, ਸ. ਭੁਪਿੰਦਰ ਸਿੰਘ ਚੇਅਰਮੈਨ ਬਾਬਾ ਜੱਸਾ ਸਿੰਘ ਆਹਲੂਵਾਲੀਆ ਸੁਸਾਇਟੀ, ਸ. ਜਗਦੀਸ਼ ਸਿੰਘ ਪ੍ਰਧਾਨ, ਸ. ਹਰਪਾਲ ਸਿੰਘ ਜਨਰਲ ਸਕੱਤਰ, ਸ. ਗੁਰਪ੍ਰੀਤ ਸਿੰਘ ਕਲਕੱਤਾ, ਸ. ਅਮਰਜੀਤ ਸਿੰਘ ਵਾਲੀਆ, ਸ. ਅਮਰੀਕ ਸਿੰਘ ਵਾਲੀਆ, ਸ. ਜਗਜੀਤ ਸਿੰਘ ਵਾਲੀਆ, ਸ. ਅੰਮ੍ਰਿਤਪਾਲ ਸਿੰਘ, ਸ. ਐਸ.ਐਸ. ਵਾਲੀਆ, ਸ. ਦਰਸ਼ਨ ਸਿੰਘ ਪੀ.ਏ. ਪ੍ਰਧਾਨ ਸ਼੍ਰੋਮਣੀ ਕਮੇਟੀ ਆਦਿ ਮੌਜੂਦ ਸਨ।