ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮੰਗਲਵਾਰ, ੨੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੬ ਮਈ, ੨੦੨੫   (ਅੰਗ: ੬੫੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ੍ਰੀ ਅੰਮ੍ਰਿਤਸਰ ਪੁੱਜਣ ’ਤੇ ਵੱਖ-ਵੱਖ ਥਾਵਾਂ ’ਤੇ ਹੋਇਆ ਭਰਵਾਂ ਸਵਾਗਤ
ਅੰਮ੍ਰਿਤਸਰ, 4 ਮਈ- ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ ਤੀਜੀ ਜਨਮ ਸ਼ਤਾਬਦੀ ਸਬੰਧੀ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦਿੱਲੀ ਤੋਂ ਆਰੰਭ ਹੋਇਆ ਖਾਲਸਾ ਫਤਹ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਜੈਕਾਰਿਆਂ ਦੀ ਗੂੰਜ ’ਚ ਸੰਪੰਨ ਹੋਇਆ। ਖਾਲਸਾ ਫਤਹ ਮਾਰਚ ਦਾ ਸ੍ਰੀ ਅੰਮ੍ਰਿਤਸਰ ਪਹੁੰਚਣ ’ਤੇ ਵੱਖ-ਵੱਖ ਥਾਵਾਂ ’ਤੇ ਸੰਗਤ ਨੇ ਸਵਾਗਤ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਸ਼੍ਰੋਮਣੀ ਕਮੇਟੀ ਵੱਲੋਂ ਸਥਾਨਕ ਭਾਈ ਗੁਰਦਾਸ ਹਾਲ ਨੇੜੇ ਸਵਾਗਤ ਦਾ ਪ੍ਰਬੰਧ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਨਗਰ ਕੀਰਤਨ ਦੇ ਇਥੇ ਪੁੱਜਣ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸ਼ਰਧਾ ਪ੍ਰਗਟਾਈ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦਿੱਤੇ। ਸੰਗਤਾਂ ਵੱਲੋਂ ਰਸਤੇ ਵਿਚ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਸਨ। ਖਾਲਸਾ ਫਤਹ ਮਾਰਚ ਲੰਘੀ 16 ਅਪ੍ਰੈਲ ਨੂੰ ਦਿੱਲੀ ਤੋਂ ਸ਼ੁਰੂ ਹੋਇਆ ਸੀ, ਜੋ ਦਿੱਲੀ, ਹਰਿਆਣਾ ਅਤੇ ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਅੱਜ ਇਥੇ ਪੁੱਜਾ ਹੈ।
ਖ਼ਾਲਸਾ ਫਤਹ ਮਾਰਚ ਦੇ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਮੌਕੇ ਮੈਂਬਰ ਭਾਈ ਰਾਮ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਹੀਰਾ ਸਿੰਘ ਗਾਬੜੀਆ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਿਮਰਜੀਤ ਸਿੰਘ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਚਰਨ ਸਿੰਘ ਕੁਹਾਲਾ, ਪ੍ਰੋ. ਸੁਖਦੇਵ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਮੈਨੇਜਰ ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਇੰਚਾਰਜ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮੇਜਰ ਸਿੰਘ, ਸ. ਗੁਲਜ਼ਾਰ ਸਿੰਘ, ਸ. ਕਰਤਾਰ ਸਿੰਘ, ਸਾਬਕਾ ਮੈਨੇਜਰ ਸ. ਜਤਿੰਦਰ ਸਿੰਘ, ਸ. ਸੁਰਿੰਦਰਪਾਲ ਸਿੰਘ ਸਮਾਣਾ ਅਤੇ ਹੋਰ ਹਾਜ਼ਰ ਸਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਤ ਦਾ ਗੁਰਮਤਿ ਸਮਾਗਮ ਆਯੋਜਤ ਕੀਤਾ ਗਿਆ। ਇਸ ਵਿਚ ਪੰਥ ਦੇ ਪ੍ਰਸਿੱਧ ਕਵੀਆਂ ਵੱਲੋਂ ਸਰਦਾਰ ਜੱਸਾ ਸਿੰਘ ਰਾਮਗੜੀਆ ਦੇ ਜੀਵਨ ਇਤਿਹਾਸ ਬਾਰੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ਅਤੇ ਢਾਡੀ ਕਵੀਸ਼ਰ ਜਥਿਆਂ ਵੱਲੋਂ ਵੀ ਹਾਜ਼ਰੀ ਭਰੀ ਗਈ।

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ ਮੁੱਖ ਸਮਾਗਮ
ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਸਬੰਧੀ 5 ਮਈ ਨੂੰ ਇਤਿਹਾਸਕ ਬੁੰਗਾ ਰਾਮਗੜੀਆ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਮਗਰੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮੁੱਖ ਸਮਾਗਮ ਹੋਵੇਗਾ। ਸਮਾਗਮ ਮੌਕੇ ਪੰਥ ਪ੍ਰਸਿੱਧ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰਨਗੇ, ਕਥਾਵਾਚਕ, ਕਵੀਸ਼ਰ ਤੇ ਢਾਡੀ ਜਥਿਆਂ ਵੱਲੋਂ ਸੰਗਤਾਂ ਨਾਲ ਇਤਿਹਾਸ ਸਾਂਝਾ ਕੀਤਾ ਜਾਵੇਗਾ। ਇਸ ਮੌਕੇ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਵੱਖ-ਵੱਖ ਸੰਪ੍ਰਦਾਵਾਂ ਦੇ ਮੁਖੀ ਅਤੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਸ਼ਿਰਕਤ ਕਰਨਗੀਆਂ।