ਅੰਮ੍ਰਿਤਸਰ, ੨੩ ਦਸੰਬਰ-
ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੧ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ (ਰਜਿ:) ਸ੍ਰੀ ਅੰਮ੍ਰਿਤਸਰ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਪਰੰਪਰਾ ਅਨੁਸਾਰ ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਧਾਰਮਿਕ ਸੰਸਥਾਵਾਂ, ਸ੍ਰੀ ਗੁਰੂ ਸਿੰਘ ਸਭਾ (ਰਜਿ:) ਅੰਮ੍ਰਿਤਸਰ, ਸਕੂਲਾਂ ਦੇ ਵਿਦਿਆਰਥੀਆਂ, ਵੱਖ-ਵੱਖ ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਅਤੇ ਗੁਰਬਾਣੀ ਦਾ ਜਾਪ ਕਰਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਚੌਂਕ ਘੰਟਾ ਘਰ, ਬਜ਼ਾਰ ਮਾਈ ਸੇਵਾ, ਬਾਜ਼ਾਰ ਕਾਠੀਆਂ, ਬਾਜ਼ਾਰ ਪਾਪੜਾਂ, ਬਾਜ਼ਾਰ ਬਾਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਕਣਕ ਮੰਡੀ, ਢਾਬ ਵਸਤੀ ਰਾਮ, ਚੌਂਕ ਚਿੰਤਪੁਰਨੀ, ਜੌੜਾ ਪਿੱਪਲ, ਚੌਂਕ ਚਬੂਤਰਾ, ਚੌਂਕ ਜੈ ਸਿੰਘ, ਚੌਂਕ ਮੋਨੀ, ਚੌਂਕ ਕਰੋੜੀ, ਚੌਂਕ ਮੰਨਾ ਸਿੰਘ, ਚੌਂਕ ਪ੍ਰਾਗਦਾਸ, ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਇਆ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ੨੫ ਦਸੰਬਰ ਦਿਨ ਸੋਮਵਾਰ ਨੂੰ ਸਵੇਰੇ ੮:੩੦ ਤੋਂ ੧੨:੦੦ ਵਜੇ ਤੀਕ ਜਲੌ ਸੱਜਣਗੇ। ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਪ੍ਰਸਿੱਧ ਧਾਰਮਿਕ ਸ਼ਖਸੀਅਤਾਂ, ਗੁਰੂ ਘਰ ਦੇ ਕੀਰਤਨੀਏ, ਢਾਡੀ ਤੇ ਕਵੀਸ਼ਰੀ ਜੱਥੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ, ਗੁਰਬਾਣੀ ਅਤੇ ਸਿੱਖ ਇਤਿਹਾਸ ਸਰਵਣ ਕਰਾਉਣਗੇ। ਉਨ੍ਹਾਂ ਦੱਸਿਆ ਕਿ ਸ਼ਾਮ ਨੂੰ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜੀ ਚਲਾਈ ਜਾਵੇਗੀ ਅਤੇ ਦੀਪਮਾਲਾ ਕੀਤੀ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸਕੱਤਰ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ ਤੇ ਡਾ. ਪਰਮਜੀਤ ਸਿੰਘ ਸਰੋਆ, ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਸਕੱਤਰ ਸਿੰਘ ਤੇ ਸ. ਹਰਜਿੰਦਰ ਸਿੰਘ ਕੈਰੋਂਵਾਲ, ਮੈਨੇਜਰ ਸ. ਗੁਰਿੰਦਰ ਸਿੰਘ, ਸ. ਰਵੇਲ ਸਿੰਘ ਚੇਅਰਮੈਨ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ, ਐਡੀਸ਼ਨਲ ਮੈਨੇਜਰ ਸ. ਸੁਖਰਾਜ ਸਿੰਘ, ਸ. ਹਰਜਿੰਦਰ ਸਿੰਘ ਤੇ ਸ. ਬਘੇਲ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ੍ਰੀ ਗੁਰੂ ਸਿੰਘ ਸਭਾ (ਰਜਿ:) ਅੰਮ੍ਰਿਤਸਰ ਦੇ ਪ੍ਰਧਾਨ ਸ. ਅਨੂਪ ਸਿੰਘ ਵਿਰਦੀ, ਕਨਵੀਨਰ ਸ. ਰਨਬੀਰ ਸਿੰਘ ਚੋਪੜਾ ਤੇ ਜਨਰਲ ਸਕੱਤਰ ਸ. ਸੁਰਿੰਦਰ ਸਿੰਘ ਰੁਮਾਲੇ ਵਾਲੇ, ਸ. ਗੁਰਬਖਸ਼ ਸਿੰਘ ਬੇਦੀ, ਸ. ਹਰਮਨਜੀਤ ਸਿੰਘ, ਸ. ਜੋਗਿੰਦਰ ਸਿੰਘ, ਸ. ਅਜੈਬ ਸਿੰਘ, ਸ. ਹਰਭਜਨ ਸਿੰਘ, ਸ. ਸਤਿੰਦਰ ਸਿੰਘ, ਸ. ਕੁਲਬੀਰ ਸਿੰਘ, ਸ. ਬਲਵਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।