ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਤੇ ਸੰਗਤਾਂ ਨੇ ਕੀਤੀ ਭਰਵੀਂ ਸ਼ਮੂਲੀਅਤ

ਸ੍ਰੀ ਫਤਹਿਗੜ੍ਹ ਸਾਹਿਬ, ੧੨ ਮਈ- ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫ਼ਤਹਿ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਫਤਹਿ ਜੰਗ ਸਾਹਿਬ ਚੱਪੜਚਿੜੀ ਤੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੀਕ ਵਿਸ਼ਾਲ ਫ਼ਤਹਿ ਮਾਰਚ ਆਯੋਜਿਤ ਕੀਤਾ ਗਿਆ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ। ਫ਼ਤਹਿ ਮਾਰਚ ਵਿੱਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ, ਬੈਂਡ ਤੇ ਗੱਤਕਾ ਪਾਰਟੀਆਂ ਨੇ ਖਾਲਸਾਈ ਜਾਹੋ-ਜਲਾਲ ਨਾਲ ਸ਼ਮੂਲੀਅਤ ਕੀਤੀ। ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਜੇ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਗਈ ਸਰਹਿੰਦ ਫਤਹਿ ਦੇ ਇਤਿਹਾਸ ਨੂੰ ਸੰਗਤ ਸਾਂਝਾ ਕਰਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਆਖਿਆ ਕਿ ਜਾਲਿਮ ਮੁਗਲ ਹਕੂਮਤ ਨੂੰ ਤਬਾਹ ਕਰ ਕੇ ਖਾਲਸਾ ਰਾਜ ਸਥਾਪਿਤ ਕਰਨ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਰਹਿੰਦ ਫਤਹਿ ਦਾ ਇਤਿਹਾਸ ਸਿੱਖ ਕੌਮ ਲਈ ਅਹਿਮ ਹੈ ਅਤੇ ਇਸ ਇਤਿਹਾਸ ਨੂੰ ਦੁਨੀਆ ਸਾਹਮਣੇ ਰੂਪਮਾਨ ਕਰਨ ਲਈ ਹਰ ਸਾਲ ਚੱਪੜਚਿੜੀ ਦੇ ਅਸਥਾਨ ਤੋਂ ਮਹਾਨ ਫਤਹਿ ਮਾਰਚ ਸਜਾਇਆ ਜਾਂਦਾ ਹੈ। ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ ਨੇ ਸ਼੍ਰੋਮਣੀ ਵੱਲੋਂ ਹਰ ਸਾਲ ਸਰਹਿੰਦ ਫਤਹਿ ਦਿਵਸ ਮੌਕੇ ਫਤਹਿ ਮਾਰਚ ਦੀ ਪਰੰਪਰਾ ਜਾਰੀ ਰੱਖੇ ਜਾਣ ਦੀ ਸ਼ਲਾਘਾ ਕੀਤੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪੂਰਨ ਸਹਿਯੋਗ ਦਿੰਦੇ ਰਹਿਣ ਦਾ ਭਰੋਸਾ ਦਿੱਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪਹਿਲੇ ਪਾਤਸ਼ਾਹ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਸਬੰਧੀ ਵੱਖ ਵੱਖ ਸੂਬਿਆਂ ਵਿਚ ਨਿਰੰਤਰ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਵੀ ਪ੍ਰਸੰਸਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਸੰਬੋਧਨ ਕਰਦਿਆਂ ਫਤਹਿ ਮਾਰਚ ਵਿਚ ਪੁੱਜੀਆਂ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਦਾ ਭਾਂਈ ਲੌਂਗੋਵਾਲ ਤਰਫੋਂ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਨਿਰਮੈਲ ਸਿੰਘ ਜੌਲਾਂ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਰਵਿੰਦਰ ਸਿੰਘ ਖ਼ਾਲਸਾ, ਤਰਨਾ ਦਲ ਵੱਲੋਂ ਬਾਬਾ ਗੱਜਣ ਸਿੰਘ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਜੱਸਾ ਸਿੰਘ ਬੁੱਢਾ ਦਲ, ਬਾਬਾ ਵੱਸਣ ਸਿੰਘ, ਬਾਬਾ ਮੇਜਰ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ੍ਰੀ ਫਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ, ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਦੇ ਮੈਨੇਜਰ ਸ. ਅਮਰਜੀਤ ਸਿੰਘ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਸ: ਗੁਰਸੇਵਕ ਸਿੰਘ, ਸ. ਕਰਨੈਲ ਸਿੰਘ ਨਾਭਾ, ਸ. ਨੱਥਾ ਸਿੰਘ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ, ਸ, ਗੁਰਦੀਪ ਸਿੰਘ ਕੰਗ ਗੁਰਦੁਆਰਾ ਮਾਛੀਵਾੜਾ ਸਾਹਿਬ, ਬੀਬੀ ਹਰਬੰਸ ਕੌਰ ਪ੍ਰਧਾਨ ਸੁਖਮਨੀ ਸੁਸਾਇਟੀ, ਸ. ਜਤਿੰਦਰਪਾਲ ਸਿੰਘ ਜੇ.ਪੀ, ਸ. ਸ਼ੇਰ ਸਿੰਘ, ਸ. ਮਨਜੀਤ ਸਿੰਘ ਸਾਬਕਾ ਚੇਅਰਮੈਨ, ਸ. ਜੋਗਾ ਸਿੰਘ ਮੈਨੇਜਰ, ਸ. ਪਰਮਜੀਤ ਸਿੰਘ ਗਿੱਲ, ਭਾਈ ਸੁਰਜੀਤ ਸਿੰਘ, ਗਿਆਨੀ ਹਰਜੋਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।