ਸ੍ਰੀ ਫ਼ਤਹਿਗੜ੍ਹ ਸਾਹਿਬ, 10 ਮਈ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਰਹਿੰਦ ਫ਼ਤਹਿ ਦਿਵਸ ਮੌਕੇ ੧੨ ਮਈ ਨੂੰ ਗੁਰਦੁਅਰਾ ਸਾਹਿਬ ਚੱਪੜਚਿੜੀ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਦੀ ਆਰੰਭਤਾ ਸਮੇਂ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਵੱਖ-ਵੱਖ ਨਿਹੰਗ ਸਿੰਘ ਦਲਾ ਦੇ ਮੁਖੀ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਹੋਰ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਗਈ ਸਰਹਿੰਦ ਫ਼ਤਹਿ ਸਬੰਧੀ ਸਾਲਾਨਾ ਸਮਾਗਮ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ੧੨ ਤੋਂ ੧੪ ਮਈ ਤੱਕ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਥੇ ੧੨ ਮਈ ਨੂੰ ਗੁਰਦੁਆਰਾ ਸਾਹਿਬ ਚੱਪੜਚਿੜੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਉਥੇ ਹੀ ਗਤਕਾ ਮੁਕਾਬਲੇ, ਕਬੱਡੀ ਮੁਕਾਬਲੇ ਅਤੇ ਢਾਡੀ ਦਰਬਾਰ ਵੀ ਕਰਵਾਏ ਜਾਣਗੇ। ਉਨ੍ਹਾਂ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਾਲਸਾ ਪੰਥ ਵੱਲੋਂ ਹਰ ਸਾਲ ਦੀ ਤਰ੍ਹਾਂ ੧੦ ਮਈ ਨੂੰ ਗੁਰਦੁਆਰਾ ਸਾਹਿਬ ਚੱਪੜਚਿੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ੧੧ ਮਈ ਦੀ ਰਾਤ ਨੂੰ ਚੱਪੜਚਿੜੀ ਵਿਖੇ ਹੀ ਕੀਰਤਨ ਦਰਬਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ੧੨ ਮਈ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਗਰ ਕੀਰਤਨ ਸੰਪੰਨ ਹੋਣ ਸਮੇਂ ਸ਼ਾਮ ੪ ਵਜੇ ਗਤਕਾ ਮੁਕਾਬਲੇ ਅਤੇ ਕਬੱਡੀ ਮੁਕਾਬਲੇ ਕਰਵਾਏ ਜਾਣਗੇ। ਸ. ਬੇਦੀ ਅਨੁਸਾਰ ੧੨ ਮਈ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ ੧੩ ਮਈ ਨੂੰ ਰਾਤ ੭ ਵਜੇ ਤੋਂ ੧੧ ਵਜੇ ਤੱਕ ਅਤੇ ੧੪ ਮਈ ਨੂੰ ਸਵੇਰੇ ੯ ਵਜੇ ਤੋਂ ਦੁਪਹਿਰ ੧੨ ਵਜੇ ਤੱਕ ਵਿਸ਼ੇਸ਼ ਢਾਡੀ ਦਰਬਾਰ ਸੱਜਣਗੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ਵਿਚ ਸ਼ਾਮਲ ਹੋ ਕੇ ਗੁਰੂ-ਜਸ ਸਰਵਣ ਕਰਨ।