ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ਦੌਰਾਨ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ

ਅੰਮ੍ਰਿਤਸਰ, 26 ਅਪ੍ਰੈਲ – ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬਾਅਦ ਦੁਪਹਿਰ ਬੰਦ ਕਰ ਦਿੱਤੇ ਗਏ, ਜੋ ਭਲਕੇ 27 ਅਪ੍ਰੈਲ ਨੂੰ ਵੀ ਬੰਦ ਰਹਿਣਗੇ। ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਮੂਹ ਮੁਲਾਜ਼ਮਾਂ ਵੱਲੋਂ ਕੀਤੀ ਸ਼ੋਕ ਸਭਾ ਦੌਰਾਨ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਮਗਰੋਂ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸ. ਪ੍ਰਕਾਸ਼ ਸਿੰਘ ਬਾਦਲ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕੀਤਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਸਿੱਖ ਸਿਆਸਤ ਦੇ ਉੱਘੇ ਆਗੂ ਸਨ, ਜਿਨ੍ਹਾਂ ਨੇ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਲਈ ਕਾਰਜ ਕੀਤੇ। ਸ਼ੋਕ ਸਭਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੋਂ ਇਲਾਵਾ ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਿਜੈ ਸਿੰਘ, ਸ. ਸਿਮਰਜੀਤ ਸਿੰਘ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਕੁਲਦੀਪ ਸਿੰਘ ਰੋਡੇ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਸ਼ਾਹਬਾਜ਼ ਸਿੰਘ, ਸ. ਪਰਮਜੀਤ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ ਸਮੇਤ ਸਮੂਹ ਮੁਲਾਜ਼ਮ ਹਾਜ਼ਰ ਸਨ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨੂੰ ਪੰਥਕ ਸਿਆਸਤ ਲਈ ਵੱਡਾ ਘਾਟਾ ਕਰਾਰ ਦਿੱਤਾ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਇਕ ਲੋਕ ਨਾਇਕ ਸਨ, ਜਿਨ੍ਹਾਂ ਨੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਭਾਈਚਾਰਕ ਸਾਂਝ ਲਈ ਵੱਡਾ ਯੋਗਦਾਨ ਪਾਇਆ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਬਾਦਲ ਨੇ ਪੰਥਕ ਸਿਆਸਤ ਨੂੰ ਦਿਲ ਤੋਂ ਲਿਆ ਅਤੇ ਕਈ ਮਿਸਾਲੀ ਕਾਰਜ ਕੀਤੇ। ਉਨ੍ਹਾਂ ਵੱਲੋਂ ਪੰਜਾਬ ਦੇ ਵਿਕਾਸ ਦੇ ਨਾਲ-ਨਾਲ ਸਿੱਖ ਧਰਮ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਕਾਇਮ ਕਰਕੇ ਲੋਕਾਂ ਅਤੇ ਖਾਸਕਰ ਨਵੀਂ ਪੀੜ੍ਹੀ ਨੂੰ ਵਿਰਾਸਤ ਨਾਲ ਜੋੜਨ ਲਈ ਕੀਤੇ ਨਿੱਗਰ ਉਪਰਾਲੇ ਵੱਡੇ ਮਹੱਤਵ ਵਾਲੇ ਹਨ। ਸ. ਬਾਦਲ ਵੱਲੋਂ ਕਈ ਦਹਾਕੇ ਰਾਜਨੀਤੀ ਵਿਚ ਬਣੇ ਰਹਿਣਾ ਅਤੇ ਅਕਾਲੀ ਸਿਆਸਤ ਨੂੰ ਭਰਪੂਰ ਅਗਵਾਈ ਦੇਣਾ ਉਨ੍ਹਾਂ ਦਾ ਹਾਸਲ ਆਖਿਆ ਜਾ ਸਕਦਾ ਹੈ।