ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮੰਗਲਵਾਰ, ੨੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੬ ਮਈ, ੨੦੨੫   (ਅੰਗ: ੬੫੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਪੰਜਾਬ ਸਰਕਾਰ ਨੌਜੁਆਨਾਂ ’ਤੇ ਪਾਏ ਕੇਸ ਵਾਪਸ ਲਵੇ-ਐਡਵੋਕੇਟ ਧਾਮੀ
ਅੰਮ੍ਰਿਤਸਰ, 5 ਮਈ-
ਬੀਤੇ ਦਿਨਾਂ ਅੰਦਰ ਪੰਜਾਬ ਦੇ ਨੌਜੁਆਨਾਂ ਦੀ ਪੁਲਿਸ ਵੱਲੋਂ ਫੜੋ-ਫੜੀ ਦੌਰਾਨ ਹਰੀਕੇ ਪੁੱਲ ਉੱਤੇ ਧਰਨੇ ’ਤੇ ਬੈਠੀਆਂ ਸੰਗਤਾਂ ਖਿਲਾਫ ਦਰਜ ਕੀਤੇ ਗਏ ਕੇਸਾਂ ਅਤੇ ਗ੍ਰਿਫ਼ਤਾਰ ਨੌਜੁਆਨਾਂ ਦੇ ਮਾਮਲਿਆਂ ਦੀ ਪੈਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ 15 ਨੌਜੁਆਨਾਂ ਦੀ ਰਿਹਾਈ ਕਰਵਾਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਥਕ ਜਥੇਬੰਦੀਆਂ ਦੀ ਕੀਤੀ ਗਈ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਨੂੰ ਇਸ ਸਬੰਧ ਵਿਚ ਪੈਰਵਾਈ ਕਰਨ ਲਈ ਕਿਹਾ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਯਤਨਾਂ ਨਾਲ ਰਿਹਾਅ ਹੋਏ ਨੌਜੁਆਨ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਨ ਲਈ ਪੁੱਜੇ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਧਾਮੀ ਨੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਕਿਸੇ ਨਾਲ ਵੀ ਅਨਿਆਂ ਹੋਣ ’ਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਸਹਾਇਤਾ ਅਤੇ ਸਹਿਯੋਗ ਲਈ ਵਚਨਬੱਧ ਹੈ ਅਤੇ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਅੰਦਰ ਡਰ ਦਾ ਮਾਹੌਲ ਪੈਦਾ ਕਰਨ ਤੋਂ ਗੁਰੇਜ ਕਰੇ ਅਤੇ ਬੀਤੇ ਸਮੇਂ ’ਚ ਪੰਜਾਬ ਅੰਦਰ ਨੌਜੁਆਨਾਂ ’ਤੇ ਦਰਜ ਕੀਤੇ ਪਰਚਿਆਂ ਨੂੰ ਰੱਦ ਕਰੇ। ਐਡਵੋਕੇਟ ਧਾਮੀ ਨੇ ਇਸ ਦੌਰਾਨ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਅਗਵਾਈ ’ਚ ਕਾਨੂੰਨੀ ਪੈਨਲ ਗਠਤ ਕੀਤਾ ਗਿਆ ਸੀ, ਜਦਕਿ ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੀ ਅਗਵਾਈ ’ਚ ਕਮੇਟੀ ਬਣਾਈ ਗਈ ਸੀ। ਦੋਹਾਂ ਵੱਲੋਂ ਨੌਜੁਆਨਾਂ ਦੇ ਕੇਸਾਂ ਦੀ ਪੈਰਵਾਈ ਸਾਂਝੇ ਤੌਰ ’ਤੇ ਕੀਤੀ ਗਈ ਹੈ, ਜਿਸ ਦੇ ਨਤੀਜੇ ਵੱਜੋਂ ਹਰੀਕੇ ਕੇਸ ਵਿਚ ਗ੍ਰਿਫ਼ਤਾਰ 15 ਨੌਜੁਆਨ ਰਿਹਾਅ ਕਰਵਾਏ ਗਏ ਹਨ।
ਇਸ ਮੌਕੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਨੂੰ ਬੀਤੇ ਦਿਨਾਂ ਅੰਦਰ ਹਰ ਨੌਜੁਆਨ ’ਤੇ ਪਾਏ ਕੇਸ ਨੂੰ ਸੰਜੀਦਗੀ ਨਾਲ ਮੁੜ ਵਿਚਾਰਨਾ ਚਾਹੀਦਾ ਹੈ, ਕਿਉਂਕਿ ਸਮਾਂ ਇਹ ਮੰਗ ਕਰਦਾ ਹੈ। ਇਸ ਦੌਰਾਨ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਹਰੀਕੇ ਪੁੱਲ ਵਾਲੇ ਕੇਸ ਵਿਚ ਪੁਲਿਸ ਨੇ 2 ਵੱਖ-ਵੱਖ ਪਰਚੇ ਦਰਜ ਕੀਤੇ ਸਨ, ਜਿਨ੍ਹਾਂ ਵਿਚ 15 ਨੌਜੁਆਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਦਰਜ ਕੀਤੇ ਪਰਚਿਆਂ ਵਿਚ ਆਈਪੀਸੀ 307, 353, 186, 332, 341, 283, 431, 188, 148, 149, 120ਬੀ, 427, 201 ਅਤੇ ਨੈਸ਼ਨਲ ਹਾਈਵੇ ਐਕਟ ਦੀ 8ਬੀ ਧਰਾਵਾਂ ਲਗਾਈਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਰਿਹਾਅ ਹੋਏ 15 ਵਿੱਚੋਂ 9 ਨੌਜੁਆਨਾਂ ਉੱਪਰ ਦਰਜ ਕੀਤੇ ਕੇਸ ਖਾਰਜ ਹੋਏ ਹਨ, ਜਦਕਿ 6 ਦੀ ਜ਼ਮਾਨਤ ਕਰਵਾਈ ਗਈ ਹੈ।
ਇਸ ਮੌਕੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਪਰਮਜੀਤ ਸਿੰਘ ਖਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਬਾਬਾ ਸਤਨਾਮ ਸਿੰਘ ਵਲੀਆਂ ਆਦਿ ਮੌਜੂਦ ਸਨ।