ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਸੋਮਵਾਰ, ੧੬ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੮ ਅਪ੍ਰੈਲ, ੨੦੨੫ (ਅੰਗ: ੬੪੧)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ਼੍ਰੋਮਣੀ ਕਮੇਟੀ ਸਿੱਖੀ ਪ੍ਰਚਾਰ ਲਈ ਕਾਰਜਸ਼ੀਲ ਸੰਸਥਾਵਾਂ ਦੇ ਸਹਿਯੋਗ ਲਈ ਵਚਨਬੱਧ-ਭਾਈ ਗਰੇਵਾਲ

ਅੰਮ੍ਰਿਤਸਰ, 3 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਪੱਛਮੀ ਬੰਗਾਲ ਦੇ ਆਸਨਸੋਲ ਵਿਖੇ ਲਗਾਏ ਗਏ ਪੰਜ ਰੋਜ਼ਾ ਗੁਰਮਤਿ ਸਮਰ ਕੈਂਪ ਦੇ ਸਮਾਪਤੀ ਸਮਾਗਮ ਮੌਕੇ ਬੱਚਿਆਂ ਨੇ ਧਾਰਮਿਕ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਗੁਰਮਤਿ ਕੈਂਪ ਵਿਚ 350 ਬੱਚਿਆਂ ਨੇ ਸ਼ਮੂਲੀਅਤ ਕਰਕੇ ਸਿੱਖ ਇਤਿਹਾਸ, ਰਹਿਤ ਮਰਯਾਦਾ, ਗੁਰਬਾਣੀ ਨਿਤਨੇਮ ਦੀ ਸੰਥਿਆ ਅਤੇ ਗੁਰਮਤਿ ਸਿਧਾਂਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਹਰ ਸਾਲ ਲਗਾਏ ਜਾਂਦੇ ਇਸ ਕੈਂਪ ਵਿਚ ਪੱਛਮੀ ਬੰਗਾਲ ਦੀਆਂ ਵੱਖ-ਵੱਖ ਗੁਰਦੁਆਰਾ ਕਮੇਟੀਆਂ ਅਤੇ ਸਭਾ-ਸੁਸਾਇਟੀਆਂ ਵੱਲੋਂ ਭਰਵਾਂ ਸਹਿਯੋਗ ਕੀਤਾ ਜਾਂਦਾ ਹੈ। ਇਸ ਵਾਰ ਆਸਨਸੋਲ ਕੈਂਪ ਦੇ ਮੁੱਖ ਸੰਚਾਲਕ ਵਜੋਂ ਸ. ਗੁਰਿੰਦਰ ਸਿੰਘ ਨੇ ਅਹਿਮ ਭੂਮਿਕਾ ਨਿਭਾਈ।
ਗੁਰਮਤਿ ਸਮਰ ਕੈਂਪ ਦੀ ਸਮਾਪਤੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੁੱਜੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਸਿੱਖ ਨੌਜੁਆਨੀ ਅੰਦਰ ਸਿੱਖੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਅਹਿਮ ਸਾਬਤ ਹੁੰਦੇ ਹਨ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਸਿੱਖ ਨੌਜੁਆਨਾਂ ਅਤੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਵਾਸਤੇ ਪੰਜਾਬ ਦੇ ਨਾਲ-ਨਾਲ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਲਗਾਤਾਰ ਕਾਰਜ ਕਰ ਰਹੀ ਹੈ। ਜਿਹੜੀਆਂ ਸਿੱਖ ਸੰਸਥਾਵਾਂ ਸਿੱਖੀ ਪ੍ਰਚਾਰ ਲਈ ਕਾਰਜਸ਼ੀਲ ਹਨ, ਉਨ੍ਹਾਂ ਦਾ ਸਹਿਯੋਗ ਵੀ ਸ਼੍ਰੋਮਣੀ ਕਮੇਟੀ ਵੱਲੋਂ ਪਹਿਲ ਦੇ ਅਧਾਰ ’ਤੇ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖੀ ਪ੍ਰਚਾਰ ਲਈ ਕਾਰਜਸ਼ੀਲ ਸੰਸਥਾਵਾਂ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਡੇ ਕਾਰਜ ਕਰ ਰਿਹਾ ਹੈ, ਜਿਸ ਤਹਿਤ ਇਸ ਗੁਰਮਤਿ ਸਮਰ ਕੈਂਪ ਵਿਚ ਬੱਚਿਆਂ ਨੇ ਭਰਵੀਂ ਸ਼ਮੂਲੀਅਤ ਕਰਕੇ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਸਿੱਖੀ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਜਿਹੇ ਕਾਰਜਾਂ ਵਿਚ ਸਹਿਯੋਗੀ ਬਣੀ ਰਹੇਗੀ।
ਇਸ ਦੌਰਾਨ ਵੱਖ-ਵੱਖ ਗੁਰਦੁਆਰਾ ਕਮੇਟੀਆਂ ਵੱਲੋਂ ਪ੍ਰਚਾਰਕਾਂ ਦੀ ਕੀਤੀ ਮੰਗ ’ਤੇ ਭਾਈ ਗਰੇਵਾਲ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵਿਚਾਰ ਕਰਕੇ ਲੋੜ ਅਨੁਸਾਰ ਜਥੇ ਭੇਜੇ ਜਾਣਗੇ। ਇਸ ਮੌਕੇ ਗੁਰਦੁਆਰਾ ਕਮੇਟੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗੀ ਬਣ ਕੇ ਸਿੱਖੀ ਪ੍ਰਚਾਰ ਦੀ ਵਚਨਬੱਧਤਾ ਵੀ ਪ੍ਰਗਟਾਈ ਗਈ।
ਗੁਰਮਤਿ ਸਮਰ ਕੈਂਪ ਦੌਰਾਨ ਧਾਰਮਿਕ ਮੁਕਾਬਲਿਆਂ ਵਿਚ ਬੇਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਅਤੇ ਕੈਂਪ ਵਿਚ ਸ਼ਮੂਲੀਅਤ ਕਰਨ ਵਾਲੇ ਸਮੂਹ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ. ਸੂਰਤ ਸਿੰਘ ਨਲਵਾ, ਸ. ਅਮਰਜੀਤ ਸਿੰਘ ਬਰਾਰਾ, ਸ. ਤੇਜਿੰਦਰ ਸਿੰਘ, ਸ. ਦਵਿੰਦਰ ਸਿੰਘ, ਸ. ਸੁਖਦੇਵ ਸਿੰਘ, ਸ. ਨਿਰਮਲ ਸਿੰਘ, ਸ. ਇੰਦਰ ਸਿੰਘ, ਸ. ਮਨਜੀਤ ਸਿੰਘ ਨਿਰਸਾ, ਸ. ਜਤਿੰਦਰ ਸਿੰਘ, ਸ. ਗੁਰਦੀਪ ਸਿੰਘ ਆਸਨਸੋਲ, ਸ. ਦਲਵਿੰਦਰ ਸਿੰਘ, ਸ. ਜੋਗਿੰਦਰ ਸਿੰਘ, ਸ. ਬਲਜੀਤ ਸਿੰਘ, ਸ. ਮਲਕੀਤ ਸਿੰਘ, ਸ. ਜਸਪਾਲ ਸਿੰਘ, ਬੀਬੀ ਦਲਜੀਤ ਕੌਰ, ਬੀਬੀ ਮਨਿੰਦਰ ਕੌਰ, ਸ. ਗੁਰਵਿੰਦਰ ਸਿੰਘ, ਸ. ਹਰਦੀਪ ਸਿੰਘ, ਸ. ਪਰਮਜੀਤ ਸਿੰਘ, ਸ. ਹਰਭਜਨ ਸਿੰਘ, ਸ. ਗੁਰਮੀਤ ਸਿੰਘ, ਸ. ਜਗਮੀਤ ਸਿੰਘ ਆਦਿ ਹਾਜ਼ਰ ਸਨ।