ਅੰਮ੍ਰਿਤਸਰ, ੨੩ ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਹਰਸੁਰਿੰਦਰ ਸਿੰਘ ਗਿੱਲ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਦੱਸਣਯੋਗ ਹੈ ਕਿ ਜਥੇਦਾਰ ਹਰਸੁਰਿੰਦਰ ਸਿੰਘ ਅੱਜ ਸਵੇਰੇ ਚਲਾਣਾ ਕਰ ਗਏ ਹਨ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਸ੍ਰੀ ਨਨਕਾਣਾ ਸਾਹਿਬ ਐਜੂਕੇਸ਼ਨ ਟ੍ਰਸਟ ਦੇ ਮੈਂਬਰ ਸਨ। ਉਨ੍ਹਾਂ ਨੇ ਪੰਥਕ ਖੇਤਰ ਵਿਚ ਵਡਮੁੱਲੀਆਂ ਸੇਵਾਵਾਂ ਦਿੱਤੀਆਂ ਹਨ। ਭਾਈ ਲੌਂਗੋਵਾਲ ਨੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਜਥੇਦਾਰ ਹਰਸੁਰਿੰਦਰ ਸਿੰਘ ਗਿੱਲ ਇੱਕ ਸੁਲਝੇ ਹੋਏ ਧਾਰਮਿਕ ਆਗੂ ਸਨ। ਭਾਈ ਲੌਂਗੋਵਾਲ ਨੇ ਕਿਹਾ ਕਿ ਜਥੇਦਾਰ ਹਰਸੁਰਿੰਦਰ ਸਿੰਘ ਦੇ ਚਲਾਣੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ ਨਾਲ ਪੰਥਕ ਹਲਕਿਆਂ ਵਿਚ ਵੀ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਵੀ ਜਥੇਦਾਰ ਗਿੱਲ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ ਹੈ।