ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਬੁੱਧਵਾਰ, ੧੮ ਹਾੜ (ਸੰਮਤ ੫੫੭ ਨਾਨਕਸ਼ਾਹੀ) ੨ ਜੁਲਾਈ, ੨੦੨੫ (ਅੰਗ: ੬੧੨)

ਅੰਮ੍ਰਿਤਸਰ, 31 ਜੁਲਾਈ-
ਅਮਰੀਕਾ ਦੇ ਨਿਊਯਾਰਕ ਅੰਦਰ ਪੁਲਿਸ ਵਿਚ ਡਿਊਟੀ ਨਿਭਾਉਂਦੇ ਇਕ ਸਿੱਖ ਨੌਜੁਆਨ ਨੂੰ ਦਾੜ੍ਹੀ ਵਧਾਉਣ ਤੋਂ ਰੋਕਣਾ ਬੇਹੱਦ ਮੰਦਭਾਗਾ ਹੈ। ਇਹ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਸਿੱਧਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਜਾਰੀ ਇਕ ਬਿਆਨ ਵਿਚ ਕੀਤਾ ਹੈ। ਉਨ੍ਹਾਂ ਆਖਿਆ ਹੈ ਕਿ ਅਮਰੀਕਾ ਦੇਸ਼ ਦੇ ਵਿਕਾਸ ਵਿਚ ਸਿੱਖਾਂ ਦਾ ਵੱਡਾ ਯੋਗਦਾਨ ਹੈ, ਪਰ ਦੁੱਖ ਦੀ ਗੱਲ ਹੈ ਕਿ ਇਸ ਨੂੰ ਅੱਖੋਂ ਪਰੋਖੇ ਕਰਕੇ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦਾ ਉਲੰਘਣ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਕਿ ਅਮਰੀਕਾ ਵਰਗੇ ਦੇਸ਼ ਜਿਸ ਨੂੰ ਸਿੱਖਾਂ ਦੀ ਪਛਾਣ, ਮਰਯਾਦਾ, ਰਵਾਇਤਾਂ, ਪ੍ਰੰਪਰਾਵਾਂ ਬਾਰੇ ਸਮਝ ਹੈ, ਉਸ ਵੱਲੋਂ ਅਜਿਹਾ ਨਿਯਮ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਲਈ ਕੇਸਾਂ ਦਾ ਵੱਡਾ ਮਹੱਤਵ ਹੈ, ਜਿਸ ਨੂੰ ਸਿੱਖ ਜਾਨ ਤੋਂ ਵੱਧ ਪਿਆਰ ਕਰਦੇ ਹਨ। ਭਾਈ ਗਰੇਵਾਲ ਨੇ ਕਿਹਾ ਕਿ ਇਸ ਮਾਮਲੇ ’ਤੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਕੂਟਨੀਤਕ ਪੱਧਰ ’ਤੇ ਅਮਰੀਕਾ ਸਰਕਾਰ ਪਾਸ ਸਿੱਖਾਂ ਦੀ ਭਾਵਨਾਵਾਂ ਦੀ ਤਰਜ਼ਮਾਨੀ ਕਰਨੀ ਚਾਹੀਦੀ ਹੈ।
ਇਸੇ ਦੌਰਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਯੂਕੇ ’ਚ ਭਾਈ ਅਵਤਾਰ ਸਿੰਘ ਖੰਡਾ ਦੀ ਅੰਤਮ ਰਸਮਾਂ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀਜ਼ਾ ਨਾ ਦੇਣ ਦੀ ਵੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਨੁੱਖੀ ਹੱਕਾਂ ਦਾ ਸਿੱਧਾ ਉਲੰਘਣ ਹੈ ਅਤੇ ਯੂਕੇ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਦੁਖਤ ਸਮੇਂ ’ਤੇ ਪਰਿਵਾਰ ਦੀਆਂ ਭਾਵਨਾਵਾਂ ਨੂੰ ਸਮਝੇ।