ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਸ਼ੁੱਕਰਵਾਰ, ੧੨ ਹਾੜ (ਸੰਮਤ ੫੫੮ ਨਾਨਕਸ਼ਾਹੀ) ੨੬ ਜੂਨ, ੨੦੨੬ (ਅੰਗ: ੭੩੧)

ਅੰਮ੍ਰਿਤਸਰ, 5 ਮਈ-
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਿਲ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਵਰਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਮਾਤਾ ਸੁੰਦਰੀ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਗੁਰੂ ਭਰੋਸੇ ਨਾਲ ਸਿੱਖੀ ਪ੍ਰਚਾਰ ਦੀ ਵੱਡੀ ਸੇਵਾ ਕੀਤੀ। ਉਨ੍ਹਾਂ ਸੰਗਤਾਂ ਨੂੰ ਮਾਤਾ ਜੀ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਪ੍ਰੇਰਨਾ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਜਰਨਲ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਪਰਜਿੰਦਰ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਜਸਬੀਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।