ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸੱਤਵੇਂ ਪਾਤਸ਼ਾਹ ਜੀ ਦਾ ਜੀਵਨ ਵਾਤਾਵਰਣ ਦੀ ਸਾਂਭ ਸੰਭਾਲ ਲਈ ਪ੍ਰੇਰਣਾ ਦਾਇਕ ਹੈ- ਐਡਵੋਕੇਟ ਧਾਮੀ

ਅੰਮ੍ਰਿਤਸਰ, 27 ਮਾਰਚ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਦਿਹਾੜੇ ਵਜੋਂ ਮਨਾਉਂਦਿਆਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰੂ ਕੇ ਬਾਗ ਵਿਖੇ ਬੂਟੇ ਲਗਾਏ ਗਏ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਗੁਰਦੇਵ ਸਿੰਘ ਖਾਲਸਾ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਚਕਾਰ ਸਥਿਤ ਗੁਰੂ ਕੇ ਬਾਗ ਵਿਖੇ ਵਾਤਾਵਰਣ ਦੀ ਸਾਂਭ-ਸੰਭਾਲ ਦੇ ਸੁਨੇਹੇ ਨੂੰ ਅੱਗੇ ਵਧਾਉਂਦਿਆਂ ਬੂਟੇ ਲਗਾ ਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਜੀਵਨ ਵਾਤਾਵਰਣ ਦੀ ਸਾਂਭ ਸੰਭਾਲ ਲਈ ਪ੍ਰੇਰਣਾ ਦਾਇਕ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨਾਲ ਸਬੰਧਤ ਅੱਜ ਦੇ ਦਿਹਾੜੇ ਸਭ ਦਾ ਫ਼ਰਜ਼ ਹੈ ਕਿ ਇਸ ਸੁਨੇਹੇ ਨੂੰ ਅੱਗੇ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਾਤਾਵਰਣ ਸਬੰਧੀ ਜਾਗਰੂਕਤਾ ਦੇ ਨਾਲ-ਨਾਲ ਜ਼ਮੀਨੀ ਪੱਧਰ ’ਤੇ ਕਾਰਜਸ਼ੀਲ ਹੈ, ਜਿਸ ਤਹਿਤ ਬੀਤੇ ਸਮੇਂ ਤੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਫਲਦਾਰ, ਛਾਂਦਾਰ ਰੁੱਖ ਲਗਾ ਕੇ ਹਰਿਆਵਲ ਵਿਚ ਵਾਧੇ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਕਾ ਬਾਗ ਸੰਗਤ ਲਈ ਵੱਡੀ ਪ੍ਰੇਰਣਾ ਦੇ ਰੂਪ ਵਿਚ ਹੈ। ਇਥੇ ਵੱਖ-ਵੱਖ ਤਰ੍ਹਾਂ ਦੇ ਬੂਟੇ ਅਤੇ ਸੈਂਕੜੇ ਕਿਸਮ ਦੇ ਗੁਲਾਬ ਵਾਤਾਵਰਣ ਸੰਭਾਲ ਲਹਿਰ ਨੂੰ ਉਤਸ਼ਾਹਤ ਕਰਨ ਦਾ ਸੁਨੇਹਾ ਦਿੰਦੇ ਹਨ। ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਗੁਰਤਾਗੱਦੀ ਦਿਹਾੜੇ ਦੀ ਵਧਾਈ ਦਿੰਦਿਆਂ ਵੱਧ ਤੋਂ ਵੱਧ ਰੁੱਖ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਮੀਤ ਮੈਨੇਜਰ ਸ. ਅਜੈ ਸਿੰਘ ਆਦਿ ਮੌਜੂਦ ਸਨ।