ਅੰਮ੍ਰਿਤਸਰ, 16 ਸਤੰਬਰ- ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦਾ ਬਦਲਾ ਲੈਣ ਵਾਲੇ ਸਿੱਖ ਯੋਧੇ ਸ਼ਹੀਦ ਭਾਈ ਕੇਹਰ ਸਿੰਘ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ 3 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਸ. ਸਤਵੰਤ ਸਿੰਘ ਨੂੰ ਅੱਜ 2 ਲੱਖ 50 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ, ਜਦਕਿ ਇਸ ਤੋਂ ਕੁਝ ਦਿਨ ਪਹਿਲਾਂ ਵੀ ਉਨ੍ਹਾਂ ਨੂੰ 50 ਹਜ਼ਾਰ ਰੁਪਏ ਦਿੱਤੇ ਗਏ ਸਨ।
ਐਡਵੋਕੇਟ ਧਾਮੀ ਨੇ ਇਸ ਮੌਕੇ ਕਿਹਾ ਕਿ ਜੂਨ 1984 ਦਾ ਹਮਲਾ ਸਿੱਖ ਮਾਨਸਿਕਤਾ ’ਤੇ ਗਹਿਰਾ ਜ਼ਖ਼ਮ ਹੈ, ਜਿਸ ਨੂੰ ਕੌਮ ਕਦੇ ਨਹੀਂ ਭੁੱਲ ਸਕਦੀ। ਇਸ ਦਾ ਬਦਲਾ ਲੈਣ ਵਾਲੇ ਸ਼ਹੀਦ ਭਾਈ ਕੇਹਰ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਬੇਅੰਤ ਸਿੰਘ ਕੌਮ ਦਾ ਸਰਮਾਇਆ ਹਨ, ਜਿਨ੍ਹਾਂ ਦੀ ਕੁਰਬਾਨੀ ਬਹੁਤ ਵੱਡੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਹੁੰਦਿਆਂ ਸ਼੍ਰੋਮਣੀ ਕਮੇਟੀ ਆਪਣੇ ਸ਼ਹੀਦਾਂ ਦਾ ਸਤਿਕਾਰ ਕਰਦੀ ਹੈ ਅਤੇ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦਾ ਕੌਮ ਅੰਦਰ ਵੱਡਾ ਸਤਿਕਾਰ ਹੈ। ਸ਼ਹੀਦ ਭਾਈ ਕੇਹਰ ਸਿੰਘ ਦੇ ਪਰਿਵਾਰ ਨੂੰ ਸੰਸਥਾ ਵੱਲੋਂ ਲੋੜ ਅਨੁਸਾਰ ਵਿੱਤੀ ਸਹਾਇਤਾ ਦੇਣੀ ਕੌਮੀ ਫ਼ਰਜ਼ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਨਵਤੇਜ ਸਿੰਘ ਕਾਉਣੀ, ਸ. ਗੁਰਬਚਨ ਸਿੰਘ ਕਰਮੂੰਵਾਲਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸਾਬਕਾ ਸਕੱਤਰ ਸ. ਕੁਲਵੰਤ ਸਿੰਘ ਰੰਧਾਵਾ, ਇੰਚਾਰਜ ਸ. ਅਜ਼ਾਦੀਪ ਸਿੰਘ ਤੇ ਹੋਰ ਮੌਜੂਦ ਸਨ।