ਅੰਮ੍ਰਿਤਸਰ, 13 ਜੂਨ-
ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸੁਲਤਾਨਵਿੰਡ ਨਾਲ ਸਬੰਧਤ ਸ਼ਹੀਦਾਂ ਬਾਰੇ ਲਿਖੀ ਗਈ ਪੁਸਤਕ ਕੌਮੀ ਪ੍ਰਵਾਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਰੀ ਕੀਤੀ ਗਈ। ਸ. ਦਲੇਰ ਸਿੰਘ ਵੱਲੋਂ ਲਿਖੀ ਗਈ ਇਸ ਪੁਸਤਕ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ ਅਤੇ ਉਨ੍ਹਾਂ ਦੇ ਭਰਾ ਸ. ਮਿਲਾਪ ਸਿੰਘ ਵੱਲੋਂ ਪ੍ਰਕਾਸ਼ਤ ਕੀਤਾ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਿਥੇ ਦੇਸ਼ ਦੀ ਅਜ਼ਾਦੀ ਲਈ ਅਨੇਕਾਂ ਸਿੱਖਾਂ ਨੇ ਕੁਰਬਾਨੀਆਂ ਦਿੱਤੀਆਂ, ਉਥੇ ਅਜ਼ਾਦ ਭਾਰਤ ਵਿਚ ਵੀ ਆਪਣੇ ਹੱਕਾਂ ਲਈ ਲੜਦਿਆਂ ਕਈ ਸਿੱਖਾਂ ਨੂੰ ਸ਼ਹਾਦਤ ਦਾ ਜਾਮ ਪੀਣਾ ਪਿਆ। ਉਨ੍ਹਾਂ ਕਿਹਾ ਕਿ ਪਿੰਡ ਸੁਲਤਾਨਵਿੰਡ ਦੇ ਇਕੋ ਪਰਿਵਾਰ ਨਾਲ ਸਬੰਧਤ ਕਈ ਸਿੰਘ ਸ਼ਹੀਦ ਹੋਏ ਹਨ, ਜਿਨ੍ਹਾਂ ਨੂੰ ਜੀਵਨ ਤੋਂ ਅਗਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣ ਲਈ ਇਤਿਹਾਸਕਾਰ ਸ. ਦਲੇਰ ਸਿੰਘ ਖਿਆਲਾ ਵੱਲੋਂ ‘ਕੌਮੀ ਪ੍ਰਵਾਨੇ’ ਪੁਸਤਕ ਲਿਖੀ ਗਈ ਹੈ। ਉਨ੍ਹਾਂ ਕਿਹਾ ਕਿ ਪੁਸਤਕ ਨੂੰ ਲਿਖਾਉਣ ਅਤੇ ਪ੍ਰਕਾਸ਼ਤ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਜਾਪ ਸਿੰਘ ਤੇ ਉਨ੍ਹਾਂ ਦੇ ਭਰਾ ਸ. ਮਿਲਾਪ ਸਿੰਘ ਦਾ ਵੱਡਾ ਯੋਗਦਾਨ ਹੈ। ਇਹ ਇਕ ਚੰਗਾ ਉੱਦਮ ਹੈ, ਜਿਸ ਨਾਲ ਆਉਣ ਵਾਲੀ ਪੀੜ੍ਹੀ ਆਪਣੇ ਵਡੇਰਿਆਂ ਦੇ ਇਤਿਹਾਸ ਤੋਂ ਜਾਣੂ ਹੋ ਸਕੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਅੰਤ੍ਰਿੰਗ ਮੈਂਬਰ ਸ. ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਅਮਰੀਕ ਸਿੰਘ ਵਿਛੋਆ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਡਾ. ਅਮਰਜੀਤ ਸਿੰਘ ਆਦਿ ਹਾਜ਼ਰ ਸਨ।