ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਸ਼ੁੱਕਰਵਾਰ, ੬ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੮ ਅਪ੍ਰੈਲ, ੨੦੨੫ (ਅੰਗ: ੬੭੭)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।


ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਦਾ ਵੀਜ਼ੇ ਦੇਣ ਲਈ ਕੀਤਾ ਧੰਨਵਾਦ

ਅੰਮ੍ਰਿਤਸਰ, 10 ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਨੂੰ ਖੁੱਲਦਿਲੀ ਨਾਲ ਵੀਜੇ ਦੇਣ ਲਈ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨੂੰ ਪੱਤਰ ਲਿੱਖ ਕੇ ਧੰਨਵਾਦ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋ ਂਲਿੱਖੇ ਪੱਤਰ ਵਿੱਚ ਕਿਹਾ ਗਿਆ ਕਿ ਖੁਸ਼ੀ ਦੀ ਗਲ ਹੈ ਕਿ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ 1942 ਨਾਵਾਂ ਵਾਲੀ ਸੂਚੀ ਅਨੁਸਾਰ ਸਾਰੇ ਵੀਜੇ ਜਾਰੀ ਕੀਤੇ ਗਏ ਹਨ। ਇਸ ਸਹਿਯੋਗ ਨੇ ਸਿੱਖ ਸ਼ਰਧਾਲੂਆਂ ਨੂੰ ਆਪਣੇ ਇਤਿਹਾਸਕ ਤੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕੀਤਾ ਹੈ। ਅਜਿਹਾ ਫੈਸਲਾ ਨਾ ਕੇਵਲ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਾ ਹੈ, ਸਗੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਸੱਭਿਆਚਾਰਕ ਤੇ ਭਾਈਚਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਵੀ ਅਹਿਮ ਯੋਗਦਾਨ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਅਤੇ ਉਨ੍ਹਾਂ ਦੀ ਟੀਮ ਦੇ ਇਸ ਸਾਰਥਿਕ ਉੱਦਮ ਦੀ ਸ਼ਲਾਘਾ ਕਰਦਿਆਂ ਲਿਖਿਆ ਕਿ ਤੁਹਾਡੇ ਦੁਆਰਾ ਦਿੱਤਾ ਗਿਆ ਸਹਿਯੋਗ ਹਮੇਸ਼ਾ ਸਤਿਕਾਰ ਨਾਲ ਯਾਦ ਰੱਖਿਆ ਜਾਵੇਗਾ। ਉਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਵੱਡੀ ਗਿਣਤੀ ਵਿਚ ਵੀਜ਼ੇ ਦੇਣ ਅਤੇ ਯੋਗ ਪ੍ਰਬੰਧ ਕਰਨ ਲਈ ਪਾਕਿਸਤਾਨ ਸਰਕਾਰ ਦਾ ਵੀ ਤੈਅ ਦਿਲੋਂ ਧੰਨਵਾਦ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਹਿਯੋਗ ਜਾਰੀ ਰਹੇਗਾ, ਜਿਸ ਨਾਲ ਸਿੱਖ ਭਾਈਚਾਰੇ ਨੂੰ ਆਪਣੀ ਵਿਰਾਸਤ ਨਾਲ ਜੋੜਨ ਅਤੇ ਗੁਰਧਾਮਾਂ ਦੇ ਦਰਸ਼ਨਾਂ ਦਾ ਮੌਕਾ ਮਿਲਦਾ ਰਹੇ।