ਅੰਮ੍ਰਿਤਸਰ, 7 ਦਸੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਬਲੰਵਤ ਸਿੰਘ ਰਾਜੋਆਣਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਅੰਦਰ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਵਾਪਸ ਕਰਵਾਉਣ ਦੇ ਯਤਨਾਂ ਤਹਿਤ ਇੱਕ ਉੱਚ-ਪੱਧਰੀ ਵਫ਼ਦ ਦੀ ਭਾਈ ਰਾਜੋਆਣਾ ਨਾਲ ਮੁਲਾਕਾਤ ਲਈ ਜੇਲ੍ਹ ਵਿਭਾਗ ਪਾਸੋਂ ਸਮਾਂ ਮੰਗਿਆ ਹੈ।
ਇਸ ਵਫ਼ਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ਾਮਲ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਉੱਚ-ਪੱਧਰੀ ਵਫ਼ਦ ਦੀ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਤੁਰੰਤ ਮੁਲਾਕਾਤ ਲਈ ਪੰਜਾਬ ਦੇ ਡਾਇਰੈਕਟਰ ਜਨਰਲ ਜੇਲ੍ਹਾਂ ਅਤੇ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪ੍ਰਿੰਟੈਂਡੇਂਟ ਨੂੰ ਪੱਤਰ ਭੇਜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਭਾਈ ਰਾਜੋਆਣਾ ਸਬੰਧੀ ਭੁੱਖ ਹੜਤਾਲ ਦੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਵਿੱਚ ਵਫ਼ਦ ਨੂੰ ਮੁਲਾਕਾਤ ਲਈ ਤੁਰੰਤ ਸਮਾਂ ਦਿੱਤਾ ਜਾਵੇ।
