ਅੰਮ੍ਰਿਤਸਰ, 29 ਮਾਰਚ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94 ਹਜ਼ਾਰ ਰੁਪਏ ਦੀ ਵਜੀਫਾ ਰਾਸ਼ੀ ਦਿੱਤੀ ਗਈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਸ ਵਜੀਫ਼ਾ ਰਾਸ਼ੀ ਦੇ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨੂੰ ਸੌਂਪੇ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾਂਦੇ ਹਨ, ਜਿਸ ਤਹਿਤ ਅੰਮ੍ਰਿਤਧਾਰੀ ਵਿਦਿਆਰਥੀਆਂ ਲਈ ਵਜੀਫਾ ਰਾਸ਼ੀ ਦੀ ਯੋਜਨਾ ਚਲਾਈ ਜਾ ਰਹੀ ਹੈ। ਇਸ ਤਹਿਤ ਹਰ ਸਾਲ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਫੀਸਾਂ ਲਈ ਵਜੀਫੇ ਦਿੱਤੇ ਜਾਂਦੇ ਹਨ। ਇਸ ਵਾਰ 2791 ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 1 ਕਰੋੜ 43 ਲੱਖ 94 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਰਾਹੀਂ ਵੀ ਵਿਸ਼ੇਸ਼ ਤੌਰ ’ਤੇ ਵਜੀਫੇ ਦਿੱਤੇ ਜਾਂਦੇ ਹਨ, ਜੋ ਲੱਖਾਂ ਰੁਪਏ ਵਿਚ ਹੁੰਦੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ, ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਨੌਜੁਆਨ ਲਾਭ ਲੈ ਸਕਣ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਅਵਤਾਰ ਸਿੰਘ ਰਿਆ, ਸ. ਹਰਪਾਲ ਸਿੰਘ ਜੱਲਾ, ਸ. ਸੁਰਜੀਤ ਸਿੰਘ ਤੁਗਲਵਾਲਾ, ਸ. ਅਜਮੇਰ ਸਿੰਘ ਖੇੜਾ, ਸ. ਜਰਨੈਲ ਸਿੰਘ ਕਰਤਾਰਪੁਰ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਸ਼ਾਹਬਾਜ਼ ਸਿੰਘ, ਸਹਾਇਕ ਡਾਇਰੈਕਟਰ ਬੀਬੀ ਸਤਵੰਤ ਕੌਰ, ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ, ਸੁਪਰਡੈਂਟ ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।