ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਸੋਮਵਾਰ, ੨੩ ਹਾੜ (ਸੰਮਤ ੫੫੭ ਨਾਨਕਸ਼ਾਹੀ) ੭ ਜੁਲਾਈ, ੨੦੨੫ (ਅੰਗ: ੭੦੯)

ਅੰਮ੍ਰਿਤਸਰ, 24 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। ਗਿਆਨੀ ਬਲਜੀਤ ਸਿੰਘ ਨੇ ਭਾਈ ਲਾਲੋ ਜੀ ਦੇ ਜੀਵਨ ਤੇ ਘਾਲਣਾ ਸਬੰਧੀ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਮਾਜ ਲਈ ਇਕ ਸੁਚੱਜਾ ਮਾਰਗ ਦਰਸ਼ਨ ਹੈ, ਜਿਸ ਤੋਂ ਅਗਵਾਈ ਲੈ ਕੇ ਧਰਮ ਦੀ ਕਿਰਤ ਕਰਦਿਆਂ ਕਰਤਾ ਪੁਰਖ ਨਾਲ ਜੁੜਨ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਭਾਈ ਲਾਲੋ ਜੀ ਨੂੰ ਬੇਹੱਦ ਸਨਮਾਨ ਦੇ ਕੇ ਮਨੁੱਖਤਾ ਨੂੰ ਸੱਚੀ ਕਿਰਤ ਕਰਨ ਦਾ ਉਪਦੇਸ਼ ਕੀਤਾ ਹੈ। ਉਨ੍ਹਾਂ ਸੰਗਤ ਨੂੰ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆ ਗੁਰੂ ਸਾਹਿਬ ਵੱਲੋਂ ਬਖਸ਼ੇ ਸਿਧਾਂਤ ਕਿਰਤ ਕਰੋ, ਨਾਮ ਜਪੋ ਤੇ ਵੰਡ ਛੱਕੋ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ। ਇਸ ਮੌਕੇ ਮੈਨੇਜਰ ਸ. ਬਘੇਲ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਅਤੇ ਸੰਗਤਾਂ ਹਾਜ਼ਰ ਸਨ।