ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਸ਼ਨਿਚਰਵਾਰ, ੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੯ ਅਪ੍ਰੈਲ, ੨੦੨੫ (ਅੰਗ: ੫੯੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 14 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 555 ਦੀ ਆਮਦ ’ਤੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਮਤਿ ਕੀਰਤਨ ਕੀਤਾ, ਉਥੇ ਹੀ ਸਿੰਘ ਸਾਹਿਬਾਨ ਨੇ ਸੰਗਤ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਿਆ। ਸਮਾਗਮ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਨਾਨਕਸ਼ਾਹੀ ਵਰ੍ਹੇ 555 ਦੀ ਵਧਾਈ ਦਿੰਦਿਆਂ ਗੁਰਮਤਿ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਹਮੇਸ਼ਾ ਹੀ ਚੜ੍ਹਦੀ ਕਲਾ ਨਾਲ ਗੁਰੂ ਸਾਹਿਬਾਨ ਵਲੋਂ ਬਖ਼ਸ਼ਿਸ਼ ਸਿੱਖਿਆਵਾਂ ’ਤੇ ਪਹਿਰਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਸਾਰੇ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣੇ ਚਾਹੀਦੇ ਹਨ ਅਤੇ ਸਿੱਖ ਰਹਿਤ ਮਰਯਾਦਾ ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਵੀ ਸਿੱਖ ਦਾ ਫ਼ਰਜ਼ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀਆਂ ਇਤਿਹਾਸਕ ਰਵਾਇਤਾਂ ਤੇ ਪ੍ਰੰਪਰਾਵਾਂ ਬਹੁਤ ਮਹਾਨ ਹਨ, ਜਿਸ ਤੋਂ ਅਗਵਾਈ ਲੈ ਕੇ ਅਸੀਂ ਜੀਵਨ ਜਾਂਚ ਨਿਰਧਾਰਤ ਕਰੀਏ। ਉਨ੍ਹਾਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕਰਦਿਆਂ ਜਥੇਬੰਦਕ ਤੌਰ ’ਤੇ ਇਕਜੁਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਹਰ ਸਿੱਖ ਆਪਣੇ ਘਰ ਵਿਚ ਨਾਨਕਸ਼ਾਹੀ ਕੈਲੰਡਰ ਲਗਾਏ ਤਾਂ ਸਾਡੇ ਬੱਚੇ ਸਿੱਖ ਇਤਿਹਾਸ ਦੇ ਦਿਹਾੜਿਆਂ ਤੋਂ ਜਾਣੂ ਹੋ ਸਕਣ। ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਵੇਂ ਨਾਨਕਸ਼ਾਹੀ ਵਰ੍ਹੇ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਗੁਰਬਾਣੀ ਦੀ ਵਿਚਾਰਧਾਰਾ ਨਾਲ ਜੁੜਨ ਦੀ ਅਪੀਲ ਕੀਤੀ। ਦੇਰ ਰਾਤ ਤੱਕ ਚਲੇ ਗੁਰਮਤਿ ਸਮਾਗਮ ’ਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸੇ ਦੌਰਾਨ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 555 ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਲਦੇਵ ਸਿੰਘ ਚੂੰਘਾਂ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਿਮਰਜੀਤ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਗੁਰਚਰਨ ਸਿੰਘ ਕੋਹਾਲਾ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਸ਼ਾਹਬਾਜ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਕਥਾਵਾਚਕ ਭਾਈ ਹਰਮਿੱਤਰ ਸਿੰਘ, ਹੈੱਡ ਪ੍ਰਚਾਰਕ ਸ. ਜਗਦੇਵ ਸਿੰਘ, ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।