ਅੰਮ੍ਰਿਤਸਰ, 25 ਜੂਨ-
ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਬਚਨ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਸਿੱਖ ਇਤਿਹਾਸ ਅੰਦਰ ਸਿਦਕ, ਦਿੜ੍ਹਤਾ ਤੇ ਲਾਸਾਨੀ ਕੁਰਬਾਨੀ ਦੀ ਦਾਸਤਾਨ ਹੈ। ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕੀਤੀ। ਗਿਆਨੀ ਰਾਜਦੀਪ ਸਿੰਘ ਨੇ ਸਿੱਖ ਨੌਜੁਆਨੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ।
ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਵੀ ਸਜਾਏ ਗਏ, ਜਿਸ ਵਿਚ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਦੌਰਾਨ ਢਾਡੀ ਤੇ ਕਵੀਸ਼ਰ ਜਥਿਆਂ ਨੇ ਵੀ ਸਮਾਗਮ ਸਮੇਂ ਹਾਜ਼ਰੀ ਭਰੀ।
ਇਸ ਮੌਕੇ ਇਸ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਜਗਦੀਸ਼ ਸਿੰਘ ਬੁੱਟਰ, ਸ. ਬਲਦੇਵ ਸਿੰਘ, ਸ. ਕਰਮਜੀਤ ਸਿੰਘ, ਸ. ਰਾਜਵਿੰਦਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ ਤੇ ਹੋਰ ਹਾਜ਼ਰ ਸਨ।
