ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਸ਼ਨਿੱਚਰਵਾਰ, ੨੧ ਹਾੜ (ਸੰਮਤ ੫੫੭ ਨਾਨਕਸ਼ਾਹੀ) ੫ ਜੁਲਾਈ, ੨੦੨੫ (ਅੰਗ: ੬੦੯)

ਅੰਮ੍ਰਿਤਸਰ, 4 ਦਸੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਬੈਂਕਾ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਲਿਆ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਜ਼ਾਦ ਹੋਂਦ ਹਸਤੀ ਸਮੇਂ ਦੀਆਂ ਸਰਕਾਰਾਂ ਨੂੰ ਹਮੇਸ਼ਾ ਹੀ ਰੜਕਦੀ ਰਹੀ ਹੈ। ਇਸੇ ਲਈ ਸਰਕਾਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਮਲੇ ਕੀਤੇ ਜਾਂਦੇ ਰਹੇ, ਜਿਸ ਦਾ ਸਿੱਖ ਸੂਰਮਿਆਂ ਨੇ ਹਮੇਸ਼ਾਂ ਡੱਟ ਕੇ ਮੁਕਾਬਲਾ ਕੀਤਾ। ਅਹਿਮਦ ਸ਼ਾਹ ਅਬਦਾਲੀ ਵੱਲੋਂ ਕੀਤੇ ਗਏ ਹਮਲੇ ਦਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਨੇ ਡਟ ਕੇ ਮੁਕਾਬਲਾ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਗੁਰਬਖਸ਼ ਸਿੰਘ ਜੀ ਦੁਆਰਾ ਕੀਤੀ ਗਈ ਸ਼ਹਾਦਤ ਤੋਂ ਸੰਗਤਾਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ।
ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਨਾਮ ਸਿੰਘ, ਪ੍ਰੋ. ਸੁਖਦੇਵ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਕਥਾਵਾਚਕ ਭਾਈ ਹਰਮਿੱਤਰ ਸਿੰਘ, ਇੰਚਾਰਜ ਸ. ਪਲਵਿੰਦਰ ਸਿੰਘ, ਸ. ਮੇਜਰ ਸਿੰਘ, ਸ. ਪਰਜਿੰਦਰ ਸਿੰਘ, ਸ. ਬਗੀਚਾ ਸਿੰਘ, ਸ. ਕਰਤਾਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਜਸਪਾਲ ਸਿੰਘ ਢੱਡੇ, ਸ. ਨਿਸ਼ਾਨ ਸਿੰਘ ਜੱਫਰਵਾਲ ਸਮੇਤ ਸੰਗਤਾਂ ਹਾਜ਼ਰ ਸਨ।