ਗੁਰਬਾਣੀ ਅੰਦਰ ਮਨੁੱਖ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਮੌਜੂਦ- ਪ੍ਰੋ. ਬਡੂੰਗਰ

ਸ. ਵਿਰਕ, ਬਾਬਾ ਤ੍ਰਿਲੋਕੇਵਾਲਾ, ਭਾਈ ਗਰੇਵਾਲ ਅਤੇ ਵਿਦਵਾਨਾਂ ਨੇ ਕੀਤਾ ਸੰਬੋਧਨ

ਅੰਮ੍ਰਿਤਸਰ, 4 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਸੈਮੀਨਾਰਾਂ ਦੀ ਲੜੀ ਦਾ ਤੀਸਰਾ ਸੈਮੀਨਾਰ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ (ਹਰਿਆਣਾ) ਵਿਖੇ ਆਯੋਜਿਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਇਸ ਸੈਮੀਨਾਰ ਦੌਰਾਨ ਜਿਥੇ ਉੱਘੇ ਵਿਦਵਾਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੇ ਫ਼ਲਸਫ਼ੇ ਸਬੰਧੀ ਖੋਜ ਭਰਪੂਰ ਪਰਚੇ ਪੜ੍ਹੇ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਨੇ ਵੀ ਸੰਬੋਧਨ ਕੀਤਾ। ਪ੍ਰੋ. ਬਡੂੰਗਰ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਮਨੁੱਖੀ ਕਦਰਾਂ ਕੀਮਤਾਂ ਨਾਲ ਜੋੜਨ ਦਾ ਸੋਮਾ ਹੈ, ਜਿਸ ਨੂੰ ਪ੍ਰਚਾਰਨਾ ਵਰਤਮਾਨ ਸਮੇਂ ਦੀ ਵੱਡੀ ਲੋੜ ਹੈ। ਗੁਰਬਾਣੀ ਦੀ ਵਿਚਾਰਧਾਰਾ ਮਨੁੱਖ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਦੱਸਦੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਯਤਨ ਨਾਲ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸੈਮੀਨਾਰਾਂ ਦਾ ਮਨੋਰਥ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਅਕਾਦਮਿਕ ਪੱਧਰ ’ਤੇ ਖੋਜਣਾ ਅਤੇ ਪ੍ਰਚਾਰਨਾ ਹੈ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਤੇ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰਾਂ ਦਾ ਸਿਲਸਿਲਾ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨ ਦਾ ਯਤਨ ਹੈ, ਜਿਸ ਨੂੰ ਨਿਰੰਤਰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਖੋਜਾਰਥੀਆਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵਿਸ਼ਾਵਾਰ ਪੜ੍ਹਾਈ ਦੇ ਨਾਲ-ਨਾਲ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਵੀ ਅਧਿਐਨ ਦਾ ਹਿੱਸਾ ਬਣਾਉਣ ਅਤੇ ਧਰਮ ਪ੍ਰਚਾਰ ਕਾਰਜਾਂ ਲਈ ਵੀ ਯੋਗਦਾਨ ਪਾਉਣ। ਸੈਮੀਨਾਰ ਦੌਰਾਨ ਪਰਚੇ ਪੜ੍ਹਨ ਵਾਲਿਆਂ ਵਿਚ ਮੁੱਖੀ ਡਾ. ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਤੇਜਿੰਦਰ ਕੌਰ ਧਾਲੀਵਾਲ ਡਾਇਰੈਕਟਰ ਐਜੂਕੇਸ਼ਨ ਸ਼੍ਰੋਮਣੀ ਕਮੇਟੀ, ਡਾ. ਰਜੇਸ਼ ਗਿੱਲ ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ, ਪ੍ਰੋ. ਪੈਮਲਪ੍ਰੀਤ ਕੌਰ ਮਾਤਾ ਸੁੰਦਰੀ ਖ਼ਾਲਸਾ ਗਰਲਜ਼ ਕਾਲਜ ਨੀਸਿੰਗ ਅਤੇ ਪ੍ਰੋ. ਕੰਵਲਜੀਤ ਕੌਰ ਸ਼ਾਮਲ ਸਨ। ਇਸ ਤੋਂ ਇਲਾਵਾ ਆਰੰਭਤਾ ਸਮੇਂ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਸ਼ਬਦ ਤੇ ਵਾਰ ਗਾਇਨ ਅਤੇ ਭਾਸ਼ਣ ਦੁਆਰਾ ਹਾਜ਼ਰੀ ਭਰੀ। ਇਸ ਮੌਕੇ ਕਾਲਜ ਪ੍ਰਬੰਧਕਾਂ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਬਲਦੇਵ ਸਿੰਘ ਕਾਇਮਪੁਰ, ਸ. ਗੁਰਮੀਤ ਸਿੰਘ ਬੂਹ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਸੁਖਦੇਵ ਸਿੰਘ ਗੋਬਿੰਦਗੜ੍ਹ, ਸ. ਗੁਰਜੀਤ ਸਿੰਘ ਭਾਨੋਖੇੜੀ, ਡਾ. ਤੇਜਿੰਦਰ ਕੌਰ ਧਾਲੀਵਾਲ ਡਾਇਰੈਕਟਰ ਐਜੂਕੇਸ਼ਨ, ਡਾ. ਗੁਰਤੇਜ ਸਿੰਘ, ਸ. ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ ਹਰਿਆਣਾ, ਡਾ. ਬੀਰਬਿਕਰਮ ਸਿੰਘ, ਪ੍ਰਿੰਸੀਪਲ ਡਾ. ਸੁਖਦੇਵ ਸਿੰਘ, ਪ੍ਰਿੰਸੀਪਲ ਸਤਵੰਤ ਕੌਰ, ਪ੍ਰਿੰਸੀਪਲ ਅਮਰਜੀਤ ਕੌਰ, ਪ੍ਰਿੰ. ਨਰਿੰਦਰ ਕੌਰ, ਸ. ਸੁਖਦੇਵ ਸਿੰਘ ਇੰਚਾਰਜ, ਸ. ਸੰਤ ਸਿੰਘ ਕੰਧਾਰ, ਸ. ਬਲਜਿੰਦਰ ਸਿੰਘ, ਸ. ਜਤਿੰਦਰਪਾਲ ਸਿੰਘ, ਸ. ਸੁਖਦੇਵ ਸਿੰਘ ਮੈਨੇਜਰ ਗੁਰਦੁਆਰਾ ਪੰਜੋਖਰਾ ਸਾਹਿਬ ਤੋਂ ਇਲਾਵਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਖ਼ਾਲਸਾ ਕਾਲਜ ਪੰਜੋਖਰਾ ਸਾਹਿਬ, ਮਾਤਾ ਸੁੰਦਰੀ ਖ਼ਾਲਸਾ ਕਾਲਜ ਨੀਸਿੰਗ, ਗੁਰੂ ਤੇਗ ਬਹਾਦਰ ਪਬਲਿਕ ਸਕੂਲ ਕੈਂਥਲ, ਦਸਮੇਸ਼ ਸੀਨੀ: ਸੈਕੰ: ਸਕੂਲ ਕਪਾਲਮੋਚਨ ਆਦਿ ਦੇ ਵੱਡੀ ਗਿਣਤੀ ਵਿਦਿਆਰਥੀਆਂ ਅਤੇ ਸਟਾਫ਼ ਨੇ ਹਜ਼ਾਰੀ ਭਰੀ।