ਸ਼ਹੀਦ ਸਿੱਖ ਨੌਜਵਾਨਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬਘਰ ਵਿਖੇ ਸੁਸ਼ੋਭਿਤ ਕੀਤੀਆਂ ਜਾਣਗੀਆਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਾਕਾ ਨਕੋਦਰ ਵਿੱਚ ਸ਼ਹੀਦ ਹੋਏ ਚਾਰ ਸਿੱਖ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕਰਦੇ ਹੋਏ।

ਅੰਮ੍ਰਿਤਸਰ ੨੮ ਮਾਰਚ (           ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼ਹੀਦ ਕੌਮ ਦਾ ਵੱਡਮੁੱਲਾ ਸਰਮਾਇਆ ਹੁੰਦੇ ਹਨ, ਇਸ ਲਈ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਵਿਸਾਰਨਾ ਨਹੀਂ ਚਾਹੀਦਾ ਤੇ ਉਨ੍ਹਾਂ ਵੱਲੋਂ ਕੀਤੀਆਂ ਮਿਸਾਲੀ ਕੁਰਬਾਨੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।
ਅੱਜ ਗੁਰਦੁਆਰਾ ਭੋਰੇਵਾਲਾ ਪਿੰਡ ਲਿੱਤਰਾਂ (ਨਕੋਦਰ) ਨੇੜੇ ਜਲੰਧਰ ਵਿਖੇ ੪ ਫਰਵਰੀ ੧੯੮੬ ਨੂੰ ਨਕੋਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਸ਼ਹੀਦ ਹੋਣ ਵਾਲੇ ਚਾਰ ਸਿੱਖ ਨੌਜਵਾਨਾਂ ਜਿਨ੍ਹਾਂ ਵਿੱਚ ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾ, ਸ਼ਹੀਦ ਭਾਈ ਹਰਮਿੰਦਰ ਸਿੰਘ ਸ਼ਾਮ ਚੁਰਾਸੀ, ਸ਼ਹੀਦ ਭਾਈ ਬਲਧੀਰ ਸਿੰਘ ਫੌਜੀ ਰਾਮਗੜ੍ਹ ਤੇ ਸ਼ਹੀਦ ਭਾਈ ਝਲਮਣ ਸਿੰਘ ਦੀ ੩੧ਵੀਂ ਯਾਦ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਗੁਰਮਤਿ ਸਮਾਗਮ ਦੌਰਾਨ ਉਚੇਚੇ ਤੌਰ ਤੇ ਸ਼ਰਧਾਂਜਲੀ ਦੇਣ ਲਈ ਪੁੱਜੇ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰੂ ਗ੍ਰੰਥ ਤੇ ਗੁਰੂ ਪੰਥ ਦੀ ਸ਼ਾਨ ਨੂੰ ਬਹਾਲ ਰੱਖਣ ਹਿਤ ਸਾਕਾ ਨਕੋਦਰ ਵਿੱਚ ਸ਼ਹੀਦ ਹੋਣ ਵਾਲੇ ੪ ਸਿੱਖ ਨੌਜਵਾਨਾਂ ਦੀ ਅਦੁੱਤੀ ਕੁਰਬਾਨੀ ਸਮੁੱਚੀ ਕੌਮ ਲਈ ਪ੍ਰੇਰਨਾ ਦਾ ਸਰੋਤ ਹੈ।ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਕਾ ਨਕੋਦਰ ਵਿੱਚ ਸ਼ਹੀਦ ਹੋਣ ਵਾਲੇ ਚਾਰੇ ਸਿੱਖ ਨੌਜਵਾਨਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਕਰਨ ਦਾ ਫੈਸਲਾ ਅੰਤ੍ਰਿੰਗ ਕਮੇਟੀ ਵੱਲੋਂ ਕੀਤਾ ਗਿਆ ਹੈ ਤਾਂ ਕਿ ਸਾਡੀ ਆਉਣ ਵਾਲੀਆਂ ਪੀੜੀਆਂ ਇਨ੍ਹਾਂ ਦੀਆਂ ਕੁਰਬਾਨੀਆਂ ਤੋਂ ਸੇਧ ਲੈ ਸਕਣ।ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਹੋਏ ਚਾਰ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸ਼ਿੰਗਾਰਾ ਸਿੰਘ ਲੋਹੀਆਂ, ਡਾ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ. ਹਰਪਾਲ ਸਿੰਘ ਚੀਮਾ, ਸ. ਕੰਵਰਪਾਲ ਸਿੰਘ, ਸ. ਪਰਮਜੀਤ ਸਿੰਘ ਟਾਂਡਾ, ਸ. ਮਨਜੀਤ ਸਿੰਘ, ਸ. ਹਰਜੋਤ ਸਿੰਘ, ਸ. ਗੁਰਵਿੰਦਰ ਸਿੰਘ, ਸ. ਬਲਦੇਵ ਸਿੰਘ ਤੇ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।