ਸੱਚ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ ਗੁਰੂ ਸਾਹਿਬ ਵੱਲੋਂ ਦਿੱਤਾ ਗਿਆ ਫ਼ਲਸਫ਼ਾ-ਭਾਈ ਲੌਂਗੋਵਾਲ

ਅੰਮ੍ਰਿਤਸਰ, ੨੧ ਫਰਵਰੀ-
ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਵੱਲੋਂ ‘ਸ਼ਹੀਦ ਸਿੱਖ ਮਿਸ਼ਨਰੀ ਕਾਲਜ’ ਵਿਖੇ ਸ਼ਹੀਦੀ ਸਾਕੇ ਨੂੰ ਸਮਰਪਿਤ ‘ਸਾਕਾ ਨਨਕਾਣਾ ਸਾਹਿਬ : ਪਿਛੋਕੜ ਤੇ ਪ੍ਰਭਾਵ’ ਵਿਸ਼ੇ ‘ਤੇ ਇਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੁਆਰਾ ਸਿਧਾਂਤਕ ਤੇ ਵਿਹਾਰਕ ਰੂਪ ਵਿਚ ਦ੍ਰਿੜ੍ਹ ਕਰਵਾਇਆ ਗਿਆ ਸਿੱਖ ਫ਼ਲਸਫ਼ਾ ਸਾਨੂੰ ਸੱਚ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਗੁਰੂ ਸਾਹਿਬ ਵੱਲੋਂ ਦਰਸਾਏ ਫ਼ਲਸਫ਼ੇ ਅਤੇ ਸਿਧਾਂਤਾਂ ‘ਤੇ ਚੱਲ ਕੇ ਸ਼ਹਾਦਤਾਂ ਦੇਣ ਵਾਲੇ ਅਣ-ਗਿਣਤ ਸਿੱਖਾਂ ਨਾਲ ਭਰਿਆ ਪਿਆ ਹੈ। ਉਨ੍ਹਾਂ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੌਰਾਨ ਸ਼ਹੀਦ ਹੋਏ ਸਿੰਘਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਸਿੱਖ ਇਤਿਹਾਸ ਦੇ ਇਨ੍ਹਾਂ ਪੰਨਿਆਂ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।
ਸੈਮੀਨਾਰ ਦੌਰਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫ਼ੈਸਰ ਡਾ. ਬਲਕਾਰ ਸਿੰਘ, ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਦੇ ਡਾਇਰੈਕਟਰ ਡਾ. ਚਮਕੌਰ ਸਿੰਘ, ਪ੍ਰਸਿੱਧ ਸਿੱਖ ਵਿਦਵਾਨ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਨੇ ਜਿਥੇ ਸਾਕਾ ਨਨਕਾਣਾ ਸਾਹਿਬ ਦੇ ਪਿਛੋਕੜ ਨੂੰ ਸਰੋਤਿਆਂ ਨਾਲ ਸਾਂਝਾ ਕੀਤਾ ਉਥੇ ਹੀ ਇਸ ਸਾਕੇ ਤੋਂ ਬਾਅਦ ਪਏ ਪ੍ਰਭਾਵਾਂ ਬਾਰੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਤੋਂ ਪਹਿਲਾ ਕਾਲਜ ਦੇ ਪ੍ਰਿੰਸੀਪਲ ਸ. ਬਲਦੇਵ ਸਿੰਘ ਨੇ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਰੋਤਿਆਂ ਦਾ ਸਵਾਗਤ ਕੀਤਾ। ਅੰਤ ਵਿਚ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਧੰਨਵਾਦ ਦੇ ਸ਼ਬਦ ਕਹੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਬੀਬੀ ਕਿਰਨਜੋਤ ਕੌਰ, ਭਾਈ ਰਾਮ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ ਵਧੀਕ ਸਕੱਤਰ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ, ਸ. ਬਲਵਿੰਦਰ ਸਿੰਘ ਕਾਹਲਵਾਂ ਮੀਤ ਸਕੱਤਰ, ਸ. ਦਰਸ਼ਨ ਸਿੰਘ ਪੀ.ਏ., ਪ੍ਰਿੰਸੀਪਲ ਬਲਦੇਵ ਸਿੰਘ, ਪ੍ਰੋ. ਮਨਜੀਤ ਕੌਰ, ਪ੍ਰੋ. ਅਮਰਜੀਤ ਕੌਰ, ਪ੍ਰੋ. ਰਵੇਲ ਸਿੰਘ, ਪ੍ਰੋ. ਰਜਵੰਤ ਕੌਰ, ਪ੍ਰਿੰਸੀਪਲ ਰਾਜਪਾਲ ਸਿੰਘ, ਪ੍ਰੋ. ਕਰਨਬੀਰ ਸਿੰਘ, ਭਾਈ ਗੁਰਭਾਗ ਸਿੰਘ ਸਮੇਤ ਵੱਖ-ਵੱਖ ਮਿਸ਼ਨਰੀ ਕਾਲਜਾਂ ਦਾ ਸਟਾਫ਼ ਅਤੇ ਸਿਖਿਆਰਥੀ ਹਾਜ਼ਰ ਸਨ।