ਗੁਰਮਤਿ ਸਿੱਖਿਆ ਪ੍ਰਾਪਤ ਕਰਦੇ ਵਿਦਿਆਰਥੀ ਦ੍ਰਿੜ੍ਹਤਾ ਤੇ ਤਿਆਗ ਨੂੰ ਜੀਵਨ ਦਾ ਹਿੱਸਾ ਬਣਾਉਣ –ਗਿਆਨੀ ਜੋਗਿੰਦਰ ਸਿੰਘ ਵੇਦਾਂਤੀ


ਅੰਮ੍ਰਿਤਸਰ, 21 ਫਰਵਰੀ-
ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸਥਾਪਿਤ ‘ਸ਼ਹੀਦ ਸਿੱਖ ਮਿਸ਼ਨਰੀ ਕਾਲਜ’ ਵਿਖੇ ਸ਼ਹੀਦੀ ਸਾਕੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਸੁਰਿੰਦਰ ਸਿੰਘ ਜੋਧਪੁਰੀ ਦੇ ਰਾਗੀ ਜਥੇ ਨੇ ਸ਼ਬਦ ਕੀਰਤਨ ਕੀਤਾ ਅਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।

ਗੁਰਮਤਿ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਆਜ਼ਾਦੀ ਲਈ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੇ ਸ਼ਹੀਦਾਂ ਦਾ ਸਿੱਖ ਇਤਿਹਾਸ ਵਿਚ ਉੱਚਾ ਸਥਾਨ ਹੈ। ਉਨ੍ਹਾਂ ਕਿਹਾ ਇਸ ਸਾਕੇ ਦੌਰਾਨ ਸ਼ਹੀਦ ਹੋਏ ਭਾਈ ਲਛਮਣ ਸਿੰਘ ਧਾਰੋਵਾਲੀ ਅਤੇ ਹੋਰ ਸ਼ਹੀਦ ਸਾਡੇ ਪ੍ਰੇਰਨਾ ਸਰੋਤ ਹਨ। ਉਨ੍ਹਾਂ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੂੰ ਸ਼ਹੀਦਾਂ ਦੀ ਸੋਚ ਵਾਲੇ ਮਾਰਗ ਦੇ ਪਾਂਧੀ ਦੱਸਦਿਆਂ ਕਿਹਾ ਕਿ ਇਸ ਮਹਾਨ ਸੰਸਥਾ ਵਿਚ ਗੁਰਮਤਿ ਦੀ ਸਿੱਖਿਆ ਪ੍ਰਾਪਤ ਕਰਦੇ ਵਿਦਿਆਰਥੀਆਂ ਲਈ ਦ੍ਰਿੜ੍ਹਤਾ ਅਤੇ ਤਿਆਗ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਜ਼ਰੂਰੀ ਹੈ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਯਾਦ ਵਿਚ ਬਣੀ ਇਸ ਸੰਸਥਾ ਨੇ ਕੌਮ ਨੂੰ ਵੱਡੇ ਰਾਗੀ, ਪ੍ਰਚਾਰਕ ਦਿੱਤੇ ਹਨ। ਇਹ ਸਿੱਖੀ ਦੀ ਅਜਿਹੀ ਟਕਸਾਲ ਹੈ ਜਿਸ ਨੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿਚ ਮੋਹਰੀ ਰੋਲ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਹਰ ਸਾਲ ਸਮਾਗਮ ਕਰਨਾ ਸਾਨੂੰ ਸ਼ਹੀਦਾਂ ਦੀਆਂ ਸ਼ਹਾਦਤਾਂ ਦੇ ਮਕਸਦ ‘ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਲਈ ਪ੍ਰੇਰਿਤ ਕਰਦਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਪਹੁੰਚੇ ਉਨ੍ਹਾਂ ਦੇ ਨਿੱਜੀ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੇ ਕਿਹਾ ਕਿ ਕੌਮ ਦੀ ਵਰਤਮਾਨ ਪੀੜੀ ਲਈ ਆਪਣੇ ਇਤਿਹਾਸ ਨੂੰ ਚੇਤੇ ਅਤੇ ਚਿੰਤਨ ਦਾ ਹਿੱਸਾ ਬਣਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਗੁਰਮਤਿ ਸਿੱਖਿਆ ਦੇ ਪ੍ਰਸਾਰ ਲਈ ਨਿਰੰਤਰ ਯਤਨਸ਼ੀਲ ਹਨ।

ਸਮਾਗਮ ਵਿਚ ਰਾਗੀ ਭਾਈ ਸੁਰਿੰਦਰ ਸਿੰਘ ਜੋਧਪੁਰੀ ਨੂੰ ਉਨ੍ਹਾਂ ਵੱਲੋਂ ਗੁਰਮਤਿ ਦੇ ਪ੍ਰਚਾਰ ਵਿਚ ਪਾਏ ਯੋਗਦਾਨ ਲਈ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸਾਂਝੇ ਤੌਰ ‘ਤੇ ‘ਪ੍ਰਿੰਸੀਪਲ ਗੰਗਾ ਸਿੰਘ ਐਵਾਰਡ’ ਨਾਲ ਸਨਮਾਨਿਤ ਕੀਤਾ। ਸਮਾਗਮ ਵਿਚ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੇ ਕੁਝ ਪਰਿਵਾਰ ਵੀ ਸ਼ਾਮਲ ਸਨ, ਜਿਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ ਵੱਲੋਂ ਪ੍ਰੋ: ਮਨਜੀਤ ਕੌਰ ਨੇ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ। ਸਟੇਜ ਦੀ ਸੇਵਾ ਭਾਈ ਕੁਲਰਾਜ ਸਿੰਘ ਨੇ ਨਿਭਾਈ।

ਇਸ ਮੌਕੇ ਗਿਆਨੀ ਬਲਦੇਵ ਸਿੰਘ ਐਮ.ਏ. ਸਾਬਕਾ ਮੈਂਬਰ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ ਵਧੀਕ ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਬਲਵਿੰਦਰ ਸਿੰਘ ਕਾਹਲਵਾਂ ਮੀਤ ਸਕੱਤਰ, ਡਾ. ਅਮਰਜੀਤ ਸਿੰਘ, ਡਾ. ਅਮਰ ਸਿੰਘ, ਸ. ਗੁਰਿੰਦਰਪਾਲ ਸਿੰਘ ਠਰੂ, ਪ੍ਰੋ: ਮਨਜੀਤ ਕੌਰ, ਪ੍ਰੋ: ਰਵੇਲ ਸਿੰਘ, ਪ੍ਰੋ: ਸੁਰਜੀਤ ਸਿੰਘ, ਪ੍ਰੋ: ਅਮਰਜੀਤ ਕੌਰ, ਸ. ਜੱਜ ਸਿੰਘ, ਸ. ਜਸਪਾਲ ਸਿੰਘ ਤੇ ਸ. ਦਿਲਬਾਗ ਸਿੰਘ ਭੰਗਾਲੀ ਪ੍ਰਚਾਰਕ, ਭਾਈ ਨਿਸ਼ਾਨ ਸਿੰਘ ਗੰਡੀਵਿੰਡ ਤੇ ਸ. ਜਗਦੇਵ ਸਿੰਘ ਹੈਡ ਪ੍ਰਚਾਰਕ ਆਦਿ ਹਾਜ਼ਰ ਸਨ।