13-10-2016-1ਅੰਮ੍ਰਿਤਸਰ 13 ਅਕਤੂਬਰ (            ) ਸਾਉ ਤੇ ਨਿਮਰ ਸੁਭਾਅ ਦੇ ਮਾਲਕ ਵਜੋਂ ਜਾਣੇ ਜਾਂਦੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਗੁਰਸ਼ਰਨ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਉਪਰੰਤ ਕੁਝ ਸਮਾਂ ਬੈਠ ਕੇ ਇਲਾਹੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ।ਉਹ ਕੁਲ ੨੫ ਮਿੰਟ ਸ੍ਰੀ ਹਰਿਮੰਦਰ ਸਾਹਿਬ ਰਹੇ।
ਦਫ਼ਤਰ ਸ਼੍ਰੋਮਣੀ ਕਮੇਟੀ ਪਹੁੰਚਣ ਤੇ ਸ੍ਰ: ਮਨਜੀਤ ਸਿੰਘ ਸਕੱਤਰ ਤੇ ਸ੍ਰ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ, ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਜੀ ਸਹਾਇਕ ਸ੍ਰ: ਪ੍ਰਮਜੀਤ ਸਿੰਘ ਮੁੰਡਾ ਪਿੰਡ ਤੇ ਸ੍ਰ: ਸੁਲੱਖਣ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ ਨੇ ਉਨ੍ਹਾਂ ਨੂੰ ਸਮੂਹਿਕ ਤੌਰ ਤੇ ਜੀ ਆਇਆਂ ਕਿਹਾ।ਡਾ: ਮਨਮੋਹਨ ਸਿੰਘ ਨੇ ਫੋਨ ਤੇ ਜਥੇਦਾਰ ਅਵਤਾਰ ਸਿੰਘ ਨਾਲ ਗੱਲਬਾਤ ਕੀਤੀ ਅਤੇ ਇਕ ਦੂਜੇ ਨੂੰ ਹਾਲ-ਚਾਲ ਪੁੱਛਿਆ।ਡਾ: ਮਨਮੋਹਨ ਸਿੰਘ ਨੇ ਵਿਜ਼ਿਟਿੰਗ ਬੁੱਕ ਤੇ ਲਿਖਿਆ ਕਿ ਦੁਨੀਆਂ ਦੇ ਸਾਰੇ ਧਾਰਮਿਕ ਅਸਥਾਨ ਅਤਿ ਸਤਿਕਾਰਤ ਹਨ ਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ॥’ਉਨ੍ਹਾਂ ਕਿਹਾ ਕਿ ਇਹ ਉਹ ਮੁਕੱਦਸ ਅਸਥਾਨ ਹੈ ਜਿੱਥੇ ਆ ਕੇ ਮਨ ਤ੍ਰਿਪਤ ਹੋ ਜਾਂਦਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰ: ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਡਾ: ਮਨਮੋਹਨ ਸਿੰਘ ਆਪਣੀ ਧਰਮ ਪਤਨੀ ਬੀਬੀ ਗੁਰਸ਼ਰਨ ਕੌਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਣ ਆਏ ਹਨ।ਉਨ੍ਹਾਂ ਦਾ ਦਫਤਰ ਸ਼੍ਰੋਮਣੀ ਕਮੇਟੀ ਆਉਣ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਸਕੱਤਰ ਸਾਹਿਬਾਨ ਨੇ ਉਨ੍ਹਾਂ ਨੂੰ ਸਿਰੋਪਾਓ, ਲੋਈ, ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਭੇਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਡਾ. ਮਨਮੋਹਨ ਸਿੰਘ ਦੇ ਭਰਾਤਾ ਸ. ਸੁਰਜੀਤ ਸਿੰਘ ਕੋਹਲੀ, ਸ੍ਰ: ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ੍ਰ: ਜਸਵਿੰਦਰ ਸਿੰਘ ਸੂਚਨਾ ਅਧਿਕਾਰੀ, ਸ੍ਰ: ਸਰਬਜੀਤ ਸਿੰਘ ਸਹਾਇਕ ਸੂਚਨਾ ਅਧਿਕਾਰੀ, ਸ੍ਰ: ਬਘੇਲ ਸਿੰਘ ਤੇ ਸ੍ਰ: ਲਖਬੀਰ ਸਿੰਘ ਵਧੀਕ ਮੈਨੇਜਰ ਹਾਜ਼ਰ ਸਨ।